ਸਰਕਾਰੀ ਮਿਡਲ ਸਕੂਲ ਸਿਆਣਾ ਵਿਖੇ ਸੰਵਿਧਾਨ ਦਿਵਸ ਮਨਾਇਆ
ਬਲਾਚੌਰ, 27 ਨਵੰਬਰ (ਨਰੇਸ਼ ਧੌਲ)-ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸੂਝ-ਬੂਝ ਨਾਲ ਮਨਾਇਆ ਗਿਆ। ਇਸ ਮੌਕੇ ਮਨੋਜ ਕੁਮਾਰ ਸਕੂਲ ਇੰਚਾਰਜ ਵੱਲੋਂ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਨਿਰਮਾਣ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ।
ਬਲਾਚੌਰ, 27 ਨਵੰਬਰ (ਨਰੇਸ਼ ਧੌਲ)-ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸੂਝ-ਬੂਝ ਨਾਲ ਮਨਾਇਆ ਗਿਆ। ਇਸ ਮੌਕੇ ਮਨੋਜ ਕੁਮਾਰ ਸਕੂਲ ਇੰਚਾਰਜ ਵੱਲੋਂ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਨਿਰਮਾਣ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਸੰਵਿਧਾਨ ਨੂੰ 26 ਨਵੰਬਰ 1949 ਨੂੰ ਅਪਣਾਇਆ ਗਿਆ ਅਤੇ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ। ਭਾਰਤੀ ਸੰਵਿਧਾਨ ਸਾਡੇ ਦੇਸ਼ ਦਾ ਸਰਵਉੱਚ ਕਾਨੂੰਨ ਹੈ, ਜੋ ਸਾਨੂੰ ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਦਰਜ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਆਪਣੇ ਮੌਲਿਕ ਫਰਜ਼ਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਦੌਰਾਨ ਰਣਵੀਰ ਸਿੰਘ ਸਾਇੰਸ ਮਾਸਟਰ ਅਤੇ ਸੰਜੀਵ ਕੁਮਾਰ ਸ.ਸ ਮਾਸਟਰ ਨੇ ਵੀ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਕਿ ਸੰਵਿਧਾਨ ਸਾਨੂੰ ਇੱਕ ਜ਼ਿੰਮੇਵਾਰ, ਅਨੁਸ਼ਾਸਿਤ ਅਤੇ ਜਾਗਰੂਕ ਨਾਗਰਿਕ ਬਣਨ ਦੀ ਸਿੱਖਿਆ ਦਿੰਦਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਡਰਾਇੰਗ, ਲੇਖ-ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ, ਗਿਆਨ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅੰਤ ਵਿੱਚ ਸਮੂਹ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਸੰਵਿਧਾਨ ਦਾ ਸਤਿਕਾਰ ਕਰਨ, ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਅਤੇ ਇੱਕ ਚੰਗੇ ਨਾਗਰਿਕ ਬਣਨ ਦੀ ਸੋਂਹ ਕਰਵਾਈ ਗਈ। ਇਸ ਮੌਕੇ ਇੰਦਰਜੀਤ ਕੌਰ ਅਤੇ ਜਯੋਤੀ ਗੁਪਤਾ, ਗਗਨਪ੍ਰੀਤ, ਮਿਡ-ਡੇ-ਮੀਲ ਵਰਕਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।