ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ-ਮੁਕਾਰੋਂਪੁਰ
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਦਿਆਰਥੀਆਂ ਵਲੋਂ ਅੱਜ ਸਿਟੀ ਸੈਂਟਰ ਵਿਖੇ ਬਲਜੀਤ ਸਿੰਘ ਲਵਲੀ ਅੱਤੇਵਾਲੀ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਮਾਤਾ ਗੁਜਰੀ ਕਾਲਜ ਐਕਸ ਸਟੂਡੈਂਟ ਯੂਨੀਅਨ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਨੌਜਵਾਨਾਂ ਦੇ ਸੱਦੇ ’ਤੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਦਿਆਰਥੀਆਂ ਵਲੋਂ ਅੱਜ ਸਿਟੀ ਸੈਂਟਰ ਵਿਖੇ ਬਲਜੀਤ ਸਿੰਘ ਲਵਲੀ ਅੱਤੇਵਾਲੀ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਮਾਤਾ ਗੁਜਰੀ ਕਾਲਜ ਐਕਸ ਸਟੂਡੈਂਟ ਯੂਨੀਅਨ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਨੌਜਵਾਨਾਂ ਦੇ ਸੱਦੇ ’ਤੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਨੌਜਵਾਨਾਂ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ, ਰੁਜ਼ਗਾਰ ਦੇ ਮੌਕਿਆਂ ਦੀ ਘਾਟ, ਸਿੱਖਿਆ ਤੋਂ ਬਾਅਦ ਰੁਜ਼ਗਾਰ ਹਾਸਲ ਕਰਨ ਵਿਚ ਆ ਰਹੀਆਂ ਮੁਸ਼ਕਿਲਾਂ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਦੇਸ਼ ਤੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸਮਝਣਾ ਅਤੇ ਹੱਲ ਲਈ ਸਾਂਝੇ ਉਪਰਾਲੇ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਜਥੇਦਾਰ ਮੁਕਾਰੋਂਪੁਰ ਨੇ ਨੌਜਵਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿਤਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਬਿਹਤਰ ਭਵਿੱਖ, ਰੁਜ਼ਗਾਰ ਅਤੇ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਪਾਰਟੀ ਪੂਰੀ ਤਨਦੇਹੀ ਨਾਲ ਕੰਮ ਕਰੇਗੀ ਅਤੇ ਸਰਕਾਰ ਬਣਨ ਉਪਰੰਤ ਨੌਜਵਾਨਾਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਮੋਢੇ ਨਾਲ ਮੋਢਾ ਲਾ ਕੇ ਸਹਿਯੋਗ ਕਰਨ। ਇਸ ਮੌਕੇ ਬਲਜੀਤ ਸਿੰਘ ਲਵਲੀ ਅੱਤੇਵਾਲੀ ਵਲੋਂ ਆਪਣੇ ਸਾਥੀਆਂ ਸਮੇਤ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਬਣਨ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਰਵਿੰਦਰ ਸਿੰਘ ਬੱਬਲ, ਮਨਦੀਪ ਸਿੰਘ ਅੱਤੇਵਾਲੀ, ਜਗਜੀਤ ਸਿੰਘ ਸੇਖੋਂ, ਲਵਪ੍ਰੀਤ ਸਿੰਘ ਲਾਲੀ, ਗੁਰਮੀਤ ਸਿੰਘ ਮੌਡਰਨ ਵੈਲੀ, ਕੁਲਜੀਤ ਸਿੰਘ ਹੈਰੀ, ਜਗਜੀਤ ਸਿੰਘ ਸਮੇਤ ਹੋਰ ਨੌਜਵਾਨ ਵੀ ਹਾਜ਼ਰ ਸਨ।