ਡਾ. ਚਰਨਜੀਤ ਸਿੰਘ ਨੇ ਪਿੰਡ ਹਵਾਰਾ ਵਿਖੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਨਾਲ ਕੀਤੀ ਮੁਲਾਕਾਤ
ਖਮਾਣੋਂ, 26 ਅਗਸਤ (ਮਨਮੋਹਣ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪਿੰਡ ਹਵਾਰਾ ਵਿਖੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿਚ ਮੰਡੋਲੀ ਜੇਲ੍ਹ (ਦਿੱਲੀ) ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੇ ਘਰ ਪਹੁੰਚ ਕੇ ਉਨ੍ਹਾਂ ਦੀ ਬਜ਼ੁਰਗ ਅਤੇ ਬਿਮਾਰ ਮਾਤਾ ਨਾਲ ਮੁਲਾਕਾਤ ਕੀਤੀ।
ਖਮਾਣੋਂ, 26 ਅਗਸਤ (ਮਨਮੋਹਣ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪਿੰਡ ਹਵਾਰਾ ਵਿਖੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿਚ ਮੰਡੋਲੀ ਜੇਲ੍ਹ (ਦਿੱਲੀ) ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੇ ਘਰ ਪਹੁੰਚ ਕੇ ਉਨ੍ਹਾਂ ਦੀ ਬਜ਼ੁਰਗ ਅਤੇ ਬਿਮਾਰ ਮਾਤਾ ਨਾਲ ਮੁਲਾਕਾਤ ਕੀਤੀ। ਮਾਤਾ ਦੀ ਨਾਜ਼ੁਕ ਸਿਹਤ ਨੂੰ ਦੇਖਦਿਆਂ ਵਿਧਾਇਕ ਨੇ ਡੂੰਘੀ ਸੰਵੇਦਨਾ ਪ੍ਰਗਟਾਈ ਅਤੇ ਕਿਹਾ ਕਿ ਇਕ ਮਾਂ ਦੀ ਆਪਣੇ ਪੁੱਤਰ ਨੂੰ ਦੇਖਣ ਦੀ ਤੜਪ ਅਤੇ ਇਹ ਦਰਦ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਅਤੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨਾਂ ਦੀ ਪੈਰੋਲ ਦੇਣ ਦੀ ਪੁਰਜ਼ੋਰ ਮੰਗ ਰੱਖੀ ਹੈ, ਤਾਂ ਜੋ ਉਹ ਆਪਣੀ ਬਿਮਾਰ ਮਾਂ ਦੀ ਦੇਖਭਾਲ ਕਰ ਸਕਣ। ਉਨ੍ਹਾਂ ਕਿਹਾ ਕਿ ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੇ ਨਾਤੇ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਇਕ ਪੁੱਤਰ ਆਪਣੀ ਮਾਂ ਦੇ ਇਸ ਔਖੇ ਸਮੇਂ ਵਿਚ ਉਨ੍ਹਾਂ ਦੇ ਨਾਲ ਖੜ੍ਹ ਸਕੇ। ਇਸ ਮੌਕੇ ਵਿਧਾਇਕ ਵਲੋਂ ਮਾਤਾ ਜੀ ਦੀ ਤੰਦਰੁਸਤੀ, ਚੰਗੀ ਸਿਹਤ ਅਤੇ ਲੰਮੀ ਉਮਰ ਲਈ ਅਰਦਾਸ ਵੀ ਕੀਤੀ ਗਈ।