‘ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ- ਵਿਧਾਇਕ ਰਾਏ, ਰੁਪਿੰਦਰ ਹੈਪੀ
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)- ‘ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-4)’ ਤਹਿਤ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਤੇ ਖੇਡਾਂ ਸਬੰਧੀ ਚੱਲ ਰਹੀ ਰਜਿਸਟਰੇਸ਼ਨ ਤੇ ਮੋਬਿਲਾਈਜ਼ੇਸ਼ਨ ਮੁਹਿੰਮ ਦੀ ਸਮੀਖਿਆ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡ. ਲਖਵੀਰ ਸਿੰਘ ਰਾਏ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਡਾ.
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)- ‘ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-4)’ ਤਹਿਤ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਤੇ ਖੇਡਾਂ ਸਬੰਧੀ ਚੱਲ ਰਹੀ ਰਜਿਸਟਰੇਸ਼ਨ ਤੇ ਮੋਬਿਲਾਈਜ਼ੇਸ਼ਨ ਮੁਹਿੰਮ ਦੀ ਸਮੀਖਿਆ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡ. ਲਖਵੀਰ ਸਿੰਘ ਰਾਏ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵਲੋਂ ਖੇਡ ਵਿਭਾਗ, ਯੁਵਕ ਸੇਵਾਵਾਂ ਵਿਭਾਗ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡਾਂ ਸਬੰਧੀ ਜਾਣਕਾਰੀ ਪਿੰਡ ਅਤੇ ਵਾਰਡ ਪੱਧਰ ਤੱਕ ਪਹੁੰਚਾ ਕੇ ਹਰ ਯੋਗ ਖਿਡਾਰੀ ਨੂੰ ਖੇਡ ਮੈਦਾਨ ਨਾਲ ਜੋੜਨ ਲਈ ਸਰਗਰਮੀ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਵਿਧਾਇਕ ਐਡ. ਰਾਏ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-4 ਦੌਰਾਨ ਜੇਤੂ ਖਿਡਾਰੀਆਂ ਨੂੰ ਨਕਦ ਇਨਾਮਾਂ ਦੇ ਨਾਲ ਸਰਟੀਫਿਕੇਟ ਵੀ ਦਿੱਤੇ ਜਾਣਗੇ ਤੇ ਪੰਜਾਬ ਸਰਕਾਰ ਦੀ ਨੀਤੀ ਤਹਿਤ ਇਨ੍ਹਾਂ ਖੇਡਾਂ ਦੇ ਜੇਤੂ ਖਿਡਾਰੀਆਂ ਲਈ ਖੇਡ ਕੋਟਾ ਵੀ ਰਾਖਵਾਂ ਹੋਵੇਗਾ। ਇਹ ਉਪਰਾਲਾ ਜ਼ਮੀਨੀ ਪੱਧਰ ’ਤੇ ਨੌਜਵਾਨਾਂ ਦੀ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਲਾਹੇਵੰਦ ਸਾਬਤ ਹੋ ਰਹੀਆਂ ਹਨ। ਵਿਧਾਇਕ ਰਾਏ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿਚ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਅਤੇ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਹਿੱਸਾ ਲੈਣ। ਉਨ੍ਹਾਂ ਦੱਸਿਆ ਕਿ ਖਿਡਾਰੀ ਆਨਲਾਈਨ ਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਮਾਪਿਆਂ, ਅਧਿਆਪਕਾਂ, ਸਰਪੰਚਾਂ, ਪੰਚਾਇਤ ਮੈਂਬਰਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ, ਯੂਥ ਆਗੂਆਂ ਅਤੇ ਪਿੰਡਾਂ ਦੀਆਂ ਯੂਥ ਕਲੱਬਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਵਾਲਾ ਮਾਹੌਲ ਪੈਦਾ ਕਰਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ। ਇਸ ਤੋਂ ਪਹਿਲਾਂ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਲਈ ਲੋੜੀਂਦੇ ਪ੍ਰਬੰਧ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਪਰ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਲਈ ਬੱਚਿਆਂ ਅਤੇ ਨੌਜਵਾਨਾਂ ਦੀ ਖੇਡ ਮੈਦਾਨਾਂ ਵਿਚ ਸ਼ਮੂਲੀਅਤ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਅੱਗੇ ਚੱਲ ਕੇ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣਾ ਅਤੇ ਸੂਬੇ ਦਾ ਨਾਂਅ ਰੌਸ਼ਨ ਕਰਨ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਹਿਲੀ ਵਾਰ ਖੇਡ ਖੇਤਰ ਲਈ 1800 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 3100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਤੇ ਸ਼ਹਿਰੀ ਖੇਤਰਾਂ ਦੇ ਨੌਜਵਾਨਾਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹੇ ਦੇ ਦੋ ਬਲਾਕਾਂ ਵਿਚ ਖੇਡ ਮੁਕਾਬਲੇ ਕਰਵਾਏ ਜਾ ਚੁੱਕੇ ਹਨ, ਜਦਕਿ ਬਾਕੀ ਰਹਿੰਦੇ ਬਲਾਕਾਂ ਵਿਚ 15 ਸਤੰਬਰ ਤੱਕ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਇਸ ਸੀਜ਼ਨ ਤਹਿਤ ਕੁੱਲ 38 ਖੇਡਾਂ ਤੇ 4 ਪੈਰਾ-ਐਥਲੈਟਿਕਸ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ 9 ਉਮਰ ਵਰਗਾਂ ਅਧੀਨ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸੂਬਾ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਹਲਕਾ ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਗੁਰਪ੍ਰੀਤ ਸਿੰਘ ਭਿੰਡਰ, ਸਤਿੰਦਰ ਮਲਿਕਪੁਰ, ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।