ਵਰਲਡ ਯੂਨੀਵਰਸਿਟੀ ਵਿਖੇ ਐਂਟੀ ਰੈਗਿੰਗ ਜਾਗਰੂਕਤਾ ਮੁਹਿੰਮ ਚਲਾਈ
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਐਂਟੀ ਰੈਗਿੰਗ ਸਕੁਐਡ ਦੀ ਕਨਵਰੀਨਰ ਡਾ. ਕਿਰਨਦੀਪ ਕੌਰ ਦੀ ਅਗਵਾਈ ਹੇਠ ਯੂਨੀਵਰਸਿਟੀ ਕੈਂਪਸ ’ਚ ਐਂਟੀ ਰੈਗਿੰਗ ਜਾਗਰੂਕਤਾ ਮੁਹਿੰਮ ਚਲਾਈ ਗਈ।
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਐਂਟੀ ਰੈਗਿੰਗ ਸਕੁਐਡ ਦੀ ਕਨਵਰੀਨਰ ਡਾ. ਕਿਰਨਦੀਪ ਕੌਰ ਦੀ ਅਗਵਾਈ ਹੇਠ ਯੂਨੀਵਰਸਿਟੀ ਕੈਂਪਸ ’ਚ ਐਂਟੀ ਰੈਗਿੰਗ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਐਂਟੀ ਰੈਗਿੰਗ ਸਕੁਐਡ ਵਲੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਕੈਂਟੀਨ, ਖੁੱਲ੍ਹੇ ਖੇਤਰਾਂ ਅਤੇ ਹੋਸਟਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ ਗਈ। ਇਸ ਮੌਕੇ ਸਕੁਐਡ ਦੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਰੈਗਿੰਗ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਅਨੁਸ਼ਾਸਨ, ਆਪਸੀ ਸਤਿਕਾਰ, ਸਨਮਾਨ, ਸਹਿਯੋਗ ਅਤੇ ਜ਼ਿੰਮੇਵਾਰ ਵਿਵਹਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ ਨੇ ਐਂਟੀ ਰੈਗਿੰਗ ਸਕੁਐਡ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਲਈ ਸੁਰੱਖਿਅਤ, ਸਨਮਾਨਜਨਕ, ਸੁਖਾਵਾਂ ਤੇ ਵਿੱਦਿਅਕ ਪੱਖੋਂ ਉੱਤਮ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਵਿਚ ਰੈਗਿੰਗ ਲਈ ਕੋਈ ਥਾਂ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਆਪਸੀ ਸਤਿਕਾਰ, ਸਹਿਯੋਗ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਵਿਚਰਨਾ ਚਾਹੀਦਾ ਹੈ। ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਕਿਹਾ ਕਿ ਰੈਗਿੰਗ ਦੀ ਰੋਕਥਾਮ ਲਈ ਵਿਦਿਆਰਥੀਆਂ ਵਿਚ ਨਿਰੰਤਰ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਡਾ. ਕਿਰਨਦੀਪ ਕੌਰ ਨੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੈਗਿੰਗ ਨਾਲ ਸਬੰਧਿਤ ਨਿਯਮਾਂ ਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਕੈਂਪਸ ਵਿਚ ਦੋਸਤੀ, ਸਤਿਕਾਰ, ਹਮਦਰਦੀ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਰੈਗਿੰਗ ਮੁਕਤ ਕੈਂਪਸ ਦੀ ਸਿਰਜਣਾ ਲਈ ਯੂਨੀਵਰਸਿਟੀ ਦੇ ਹਰੇਕ ਮੈਂਬਰ ਦੀ ਸਾਂਝੀ ਜ਼ਿੰਮੇਵਾਰੀ ਹੈ।