ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ 29 ਤੇ 30 ਸਤੰਬਰ ਨੂੰ ਹੋਵੇਗਾ ਸਾਊਥ ਜ਼ੋਨ ਯੂਥ ਫ਼ੈਸਟੀਵਲ
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਆਈ. ਕੇ.
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ 29 ਅਤੇ 30 ਸਤੰਬਰ ਨੂੰ ਦੋ ਰੋਜ਼ਾ ਸਾਊਥ ਜ਼ੋਨ ਯੂਥ ਫ਼ੈਸਟੀਵਲ ਕਰਵਾਇਆ ਜਾ ਰਿਹਾ ਹੈ। ਇਸ ਵਿਸ਼ਾਲ ਯੂਥ ਫ਼ੈਸਟੀਵਲ ਵਿਚ ਵੱਖ-ਵੱਖ ਕਾਲਜਾਂ ਦੇ ਲਗਪਗ ਇਕ ਹਜ਼ਾਰ ਤੋਂ ਵੱਧ ਵਿਦਿਆਰਥੀ ਵੱਖ-ਵੱਖ ਸਭਿਆਚਾਰਕ ਅਤੇ ਸਾਹਿੱਤਿਕ ਮੁਕਾਬਲਿਆਂ ਵਿਚ ਭਾਗ ਲੈਣਗੇ। ਯੂਥ ਫ਼ੈਸਟੀਵਲ ਸਬੰਧੀ ਤਿਆਰੀਆਂ ਤੇ ਪ੍ਰੋਗਰਾਮ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਇਸ ਮੈਗਾ ਯੂਥ ਫ਼ੈਸਟੀਵਲ ਵਿਚ ਵਿਦਿਆਰਥੀਆਂ ਨੂੰ ਆਪਣੀ ਕਲਾ, ਸਭਿਆਚਾਰਕ ਪ੍ਰਤਿਭਾ ਤੇ ਰਚਨਾਤਮਿਕ ਯੋਗਤਾ ਦਾ ਪ੍ਰਦਰਸ਼ਨ ਕਰਨ ਲਈ ਇਕ ਵਿਸ਼ਾਲ ਮੰਚ ਪ੍ਰਦਾਨ ਕੀਤਾ ਜਾਵੇਗਾ। ਵਿਦਿਆਰਥੀ ਭੰਗੜਾ, ਗਿੱਧਾ, ਗਾਇਣ, ਸਾਹਿੱਤਿਕ ਮੁਕਾਬਲਿਆਂ ਸਮੇਤ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਯੂਥ ਫ਼ੈਸਟੀਵਲ ਦੀਆਂ ਤਿਆਰੀਆਂ ਸਬੰਧੀ ਅੱਜ ਮੈਨੇਜਰ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਲਗਭਗ 18 ਕਾਲਜਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਡਾ. ਲਖਵੀਰ ਸਿੰਘ ਨੇ ਕਿਹਾ ਕਿ ਇਹ ਯੂਥ ਫ਼ੈਸਟੀਵਲ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਿਤ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਏਗਾ। ਯੂਥ ਫ਼ੈਸਟੀਵਲ ਦਾ ਉਦਘਾਟਨ ਸਮਾਰੋਹ 29 ਸਤੰਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗਾ। ਇਸ ਮੌਕੇ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ, ਵਾਈਸ ਚਾਂਸਲਰ ਸਾਹਿਬਾਨ, ਸਥਾਨਕ ਸਰਕਾਰੀ ਅਧਿਕਾਰੀ ਅਤੇ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਪ੍ਰੈੱਸ ਕਾਨਫ਼ਰੰਸ ਦੌਰਾਨ ਡਾ. ਏ. ਪੀ. ਐੱਸ. ਸੇਠੀ, ਡਾ. ਆਰ. ਐੱਸ. ਉੱਪਲ, ਡਾ. ਦੂਰ-ਦਰਸ਼ੀ ਸਿੰਘ ਤੇ ਡਾ. ਮਹਿੰਦਰਪਾਲ ਕੌਰ ਸੰਧੂ ਵੀ ਹਾਜ਼ਰ ਸਨ। ਪ੍ਰਬੰਧਕਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਯੂਥ ਫ਼ੈਸਟੀਵਲ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਤੇ ਸਭਿਆਚਾਰਕ ਵਿਰਸੇ ਨਾਲ ਜੁੜਨ ਦਾ ਮਹੱਤਵਪੂਰਨ ਮੌਕਾ ਪ੍ਰਦਾਨ ਕਰੇਗਾ।