ਜ਼ਿਲ੍ਹਾ ਪੁਲਿਸ ਮੁਖੀ ਅਗਰਵਾਲ ਨੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ, ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਸਹੁੰ ਚੁੱਕੀ
ਮੰਡੀ ਗੋਬਿੰਦਗੜ੍ਹ, 10 ਅਕਤੂਬਰ (ਇਕਬਾਲਦੀਪ ਸੰਧੂ)-ਨਸ਼ਾ ਮੁਕਤ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਐਸ. ਡੀ ਮਾਡਲ ਸਕੂਲ, ਨਿਊ ਸੰਤ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।
ਮੰਡੀ ਗੋਬਿੰਦਗੜ੍ਹ, 10 ਅਕਤੂਬਰ (ਇਕਬਾਲਦੀਪ ਸੰਧੂ)-ਨਸ਼ਾ ਮੁਕਤ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਐਸ.ਡੀ ਮਾਡਲ ਸਕੂਲ, ਨਿਊ ਸੰਤ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਮੁਖੀ ਸ਼ੁਭਮ ਅਗਰਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਨਸ਼ਾ ਮੁਕਤ ਤੇ ਨਿਰੋਏ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਅਗਰਵਾਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਤੇ ਇਸ ਨਾਲ ਸਮਾਜ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਆਪਣੇ ਵਿਚਾਰ ਵੀ ਪ੍ਰਗਟ ਕੀਤੇ ਅਤੇ ਇਸ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ। ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ ਵਿਚ ਸਕੂਲੀ ਵਿਦਿਆਰਥੀਆਂ ਨੇ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਘਰਾਂ ਤੇ ਆਲ਼ੇ ਦੁਆਲੇ ਦੇ ਖੇਤਰਾਂ ਵਿਚ ਕਿਸੇ ਵੀ ਕਿਸਮ ਦੇ ਨਸ਼ਿਆਂ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਵਿਚ ਮਦਦ ਕਰਨ ਦੀ ਸਹੁੰ ਚੁੱਕੀ। ਇਸ ਤੋਂ ਪਹਿਲਾਂ ਸਕੂਲ ਡਾਇਰੈਕਟਰ ਵਿਨੋਦ ਢੰਡ ਤੇ ਸਕੂਲ ਪ੍ਰਿੰਸੀਪਲ ਅਰਚਨਾ ਗੁਪਤਾ ਨੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਐਸ.ਪੀ (ਡੀ) ਅਮਨਦੀਪ ਸਿੰਘ ਬਰਾੜ, ਡੀ . ਐਸ.ਪੀ. ਬਿਕਰਮਜੀਤ ਸਿੰਘ ਅਤੇ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ.ਐਚ.ਓ ਇੰਸਪੈਕਟਰ ਸੰਦੀਪ ਸਿੰਘ ਦਾ ਸਵਾਗਤ ਕੀਤਾ। ਸ਼ਹਿਰ ਵਿਚ ਕੱਢੀ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਸਮਾਰੋਹ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਐਸ.ਡੀ ਮਾਡਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਹਿਰ ਦੇ ਮੁੱਖ ਚੌਕ ਤੋਂ ਕੱਢੀ ਗਈ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ, ਜੋ ਵੱਖ-ਵੱਖ ਬਾਜ਼ਾਰਾਂ ਵਿਚੋਂ ਲੰਘਦੀ ਹੋਈ ਨਸ਼ਿਆਂ ਦੀ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾ ਰਹੀ ਸੀ ਅਤੇ ਰੈਲੀ ਰਾਹੀਂ ਨਸ਼ਿਆਂ ਦੀ ਤਸਕਰੀ ਵਿਰੁੱਧ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਤੋਂ ਇਲਾਵਾ ਸ਼ਹਿਰ ਦੇ ਸਮਾਜ ਸੇਵਕਾਂ ਅਤੇ ਹੋਰ ਪਤਵੰਤਿਆਂ ਨੇ ਵੀ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਵਿਚ ਹਿੱਸਾ ਲਿਆ।