15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮਾਨਤਾ, ਮਨੁੱਖੀ ਸਨਮਾਨ ਤੇ ਸਮਾਜਿਕ ਨਿਆਂ ਦੀ ਪ੍ਰਤੀਕ- ਸੌਂਦ

ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਰਾਜੇਸ਼ ਸ਼ਰਮਾ)- ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਵਿਚੋਂ ਹਰ ਤਰ੍ਹਾਂ ਦੇ ਵਿਤਕਰੇ ਨੂੰ ਖ਼ਤਮ ਕਰਕੇ ਬਰਾਬਰੀ ਤੇ ਭਾਈਚਾਰੇ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਹਨ।

Ad Position 21
No active advertisement
ਅਜੀਤ ਡੈਸਕ 15-10-2026
ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਰਾਜੇਸ਼ ਸ਼ਰਮਾ)- ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਵਿਚੋਂ ਹਰ ਤਰ੍ਹਾਂ ਦੇ ਵਿਤਕਰੇ ਨੂੰ ਖ਼ਤਮ ਕਰਕੇ ਬਰਾਬਰੀ ਤੇ ਭਾਈਚਾਰੇ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਬਿਜਲੀ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਪ੍ਰਾਹੁਣਚਾਰੀ ਤੇ ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ’ ਵਿਸ਼ੇ ’ਤੇ ਕਰਵਾਏ ਰਾਜ ਪੱਧਰੀ ਸੈਮੀਨਾਰ ਦੌਰਾਨ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਬਣਾਇਆ ਜਾ ਰਿਹਾ ਹੈ। ਨਵੰਬਰ 2026 ਦੌਰਾਨ ਚਾਰ ਸ਼ੋਭਾ ਯਾਤਰਾਵਾਂ ਵੀ ਕੱਢੀਆਂ ਜਾਣਗੀਆਂ। ਇਹ ਸ਼ੋਭਾ ਯਾਤਰਾਵਾਂ ਵਾਰਾਨਸੀ, ਜੰਮੂ, ਬਠਿੰਡਾ ਤੇ ਫ਼ਰੀਦਕੋਟ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਿਤ ਪਵਿੱਤਰ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਣਗੀਆਂ। ਸੌਂਦ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ, ਜਿੱਥੇ ਹਰ ਵਿਅਕਤੀ ਨੂੰ ਬਰਾਬਰ ਦੇ ਮੌਕੇ ਅਤੇ ਸਨਮਾਨ ਮਿਲੇ। ਉਨ੍ਹਾਂ ਦੀ ਬਾਣੀ ਸਾਨੂੰ ਦਇਆ, ਆਪਸੀ ਸਤਿਕਾਰ, ਨਿਆਂ ਅਤੇ ਮਨੁੱਖੀ ਬਰਾਬਰੀ ਦੇ ਸਿਧਾਂਤਾਂ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਵਿਚਾਰਧਾਰਾ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਹੀ ਇਕ ਸੰਭਾਵਨਾਪੂਰਨ ਅਤੇ ਨਿਆਂਪੂਰਨ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਮੌਕੇ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ, ਪਿਆਰ, ਭਾਈਚਾਰੇ ਅਤੇ ਬਰਾਬਰੀ ਦਾ ਰਾਹ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਸੰਦੇਸ਼ ਨੂੰ ਕੇਵਲ ਧਾਰਮਿਕ ਅਤੇ ਅਧਿਆਤਮਿਕ ਪੱਖ ਤੋਂ ਹੀ ਨਹੀਂ, ਸਗੋਂ ਸਮਾਜਿਕ ਜੀਵਨ ਦੇ ਸੰਦਰਭ ਵਿਚ ਵੀ ਸਮਝਣ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਆਪਣੀ ਸ਼ਖ਼ਸੀਅਤ ਦਾ ਵਿਕਾਸ ਕਰਨ ਦੇ ਨਾਲ-ਨਾਲ ਸਮਾਜ ਵਿਚ ਉਸਾਰੂ ਤਬਦੀਲੀ ਲਿਆਉਣ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸੈਮੀਨਾਰ ਦੌਰਾਨ ਸੰਤ ਸਤਵਿੰਦਰ ਸਿੰਘ ਹੀਰਾ ਤੇ ਸੰਤ ਸੁਰਿੰਦਰ ਦਾਸ ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ੍ਹ ਸਾਹਿਬ ਨੇ ਵੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਮਨੁੱਖਤਾਵਾਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ। ਅਕਾਦਮਿਕ ਬੁਲਾਰੇ ਪ੍ਰਿੰਸੀਪਲ ਨਵਤੇਜ ਸਿੰਘ ਗੜ੍ਹਦੀਵਾਲ ਨੇ ਗੁਰੂ ਜੀ ਦੀ ਬਾਣੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਤੇ ਸਮਾਜ ਵਿਚ ਸਮਾਨਤਾ, ਭਾਈਚਾਰੇ ਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਐਸ. ਡੀ. ਐਮ. ਅਮਲੋਹ ਹਰਵੀਰ ਕੌਰ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਦੀਪ ਸਿੰਘ ਚੱਠਾ, ਕੌਂਸਲ ਦੇ ਸੀਨੀਅਰ ਉਪ ਪ੍ਰਧਾਨ ਵਿਨੀਤ ਕੁਮਾਰ ਬਿੱਟੂ, ਸੰਤ ਕਰਮ ਚੰਦ, ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਜਗਦੀਸ਼ ਕੁਮਾਰ, ਰਿਮਟ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਬੀ. ਐੱਸ. ਭਾਟੀਆ, ਡੀਨ ਸਟੂਡੈਂਟ ਵੈੱਲਫੇਅਰ ਡਾ. ਨਿਤਿਨ ਥਾਪਰ ਤੇ ਤਹਿਸੀਲਦਾਰ ਅਮਲੋਹ ਵਿਕਾਸ ਸ਼ਰਮਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਰਿਆਂ ’ਚ ਲੰਘ ਗਏ ਸਾਢੇ ਚਾਰ ਸਾਲ, ਨਹੀਂ ਮੁਕੰਮਲ ਹੋਇਆ ਸੰਘੋਲ-ਬਸੀ ਪਠਾਣਾਂ ਸੜਕ ਦਾ ਕਾਰਜ ਸ਼ਹੀਦੀ ਜੋੜ ਮੇਲ ਤੋਂ ਪਹਿਲ... ਅਗਲੀ ਖ਼ਬਰ ਭਾਜਪਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੀਤਾ ਰੋਸ ਵਿਖਾਵਾ
Ad Position 24