ਸੰਗਤ ਲਈ ‘ਸ਼ਹੀਦੀ ਸਭਾ’ ਨੂੰ ਸੁਚਾਰੂ ਅਤੇ ਨਿਰਵਿਘਨ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਆਗਾਮੀ ‘ਸ਼ਹੀਦੀ ਸਭਾ’ ਦੌਰਾਨ ਫ਼ਤਹਿਗੜ੍ਹ ਸਾਹਿਬ ਆਉਣ ਵਾਲੀ ਸੰਗਤ ਲਈ ਵਿਆਪਕ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਸ਼ਹੀਦੀ ਸਭਾ’ ਨੂੰ ਸ਼ਾਂਤਮਈ, ਸਤਿਕਾਰਯੋਗ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਆਗਾਮੀ ‘ਸ਼ਹੀਦੀ ਸਭਾ’ ਦੌਰਾਨ ਫ਼ਤਹਿਗੜ੍ਹ ਸਾਹਿਬ ਆਉਣ ਵਾਲੀ ਸੰਗਤ ਲਈ ਵਿਆਪਕ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਸ਼ਹੀਦੀ ਸਭਾ’ ਨੂੰ ਸ਼ਾਂਤਮਈ, ਸਤਿਕਾਰਯੋਗ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਕ ਉਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਸ਼ਹੀਦੀ ਸਭਾ ਸਿਰਫ਼ ਇਕ ਸਾਲਾਨਾ ਧਾਰਮਿਕ ਇਕੱਠ ਹੀ ਨਹੀਂ, ਸਗੋਂ ਛੋਟੇ ਸਾਹਿਬਜ਼ਾਦਿਆਂ’ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਪਵਿੱਤਰ ਮੌਕਾ ਹੈ। ਧਰਮ, ਸਚਾਈ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਦਿੱਤੀ ਗਈ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸ਼ਹੀਦੀ ਸਭਾ ਦੌਰਾਨ ਇਤਿਹਾਸਕ ਨਗਰੀ ਦੇ ਦਰਸ਼ਨਾਂ ਲਈ ਲਗਭਗ 80 ਲੱਖ ਸੰਗਤ ਆਈ ਸੀ ਅਤੇ ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਸੰਗਤਾਂ ਦੀ ਸੰਭਾਵਿਤ ਵੱਡੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਨੇੜਿਉਂ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, ‘ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਜੰਗੀ ਪੱਧਰ ’ਤੇ ਮੁਰੰਮਤ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸੰਗਤ ਨੂੰ ਪਵਿੱਤਰ ਨਗਰੀ ਦੀ ਯਾਤਰਾ ਦੌਰਾਨ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਟਰੈਫਿਕ ਦੀ ਸੁਚਾਰੂ ਆਵਾਜਾਈ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਖਾਸ ਕਰਕੇ ਐਕਸਪ੍ਰੈਸਵੇਅ ਅਤੇ ਹੋਰ ਪ੍ਰਮੁੱਖ ਪਹੁੰਚ ਸੜਕਾਂ ਦੇ ਨਾਲ-ਨਾਲ ਪਛਾਣੇ ਗਏ ਡਾਇਵਰਸ਼ਨ ਪੁਆਇੰਟਾਂ ਨੂੰ ਵਿਸ਼ੇਸ਼ ਤੌਰ ‘ਤੇ ਦਰਸਾਇਆ ਜਾਵੇਗਾ। ਉਨ੍ਹਾਂ ਐਲਾਨ ਕੀਤਾ, ‘ਸ਼ਹੀਦੀ ਸਭਾ ਦੌਰਾਨ ਪਿੰਡਾਂ ਅਤੇ ਨਾਲ ਲੱਗਦੇ ਖੇਤਰਾਂ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ 200 ਸ਼ਟਲ ਬੱਸਾਂ ਚੱਲਣਗੀਆਂ। ਬਜ਼ੁਰਗਾਂ ਅਤੇ ਲੰਬੀ ਦੂਰੀ ਤੱਕ ਤੁਰਨ ਤੋਂ ਅਸਮਰਥ ਲੋਕਾਂ ਲਈ ਈ-ਰਿਕਸ਼ਾ ਦੀ ਗਿਣਤੀ ਵੀ ਵਧਾਈ ਜਾਵੇਗੀ ਤਾਂ ਜੋ ਸੁਵਿਧਾਜਨਕ ਸੰਪਰਕ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਸੰਗਤਾਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ 20 ਆਮ ਆਦਮੀ ਕਲੀਨਿਕ ਕਾਰਜਸ਼ੀਲ ਕੀਤੇ ਜਾਣਗੇ। ਪ੍ਰਸ਼ਾਸਨ ਵਲੋਂ ਸੰਗਤ ਦੀ ਰਾਤ ਵੇਲੇ ਰਿਹਾਇਸ਼ ਲਈ ਵੀ ਪ੍ਰਬੰਧ ਕੀਤੇ ਜਾਣਗੇ, ਜਦੋਂ ਕਿ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਤਾਲਮੇਲ ਕਰਕੇ ਸੰਗਤ ਲਈ ਢੁਕਵੀਂ ਰਿਹਾਇਸ਼ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਪਵਿੱਤਰ ਨਗਰੀ ਵਿਚ ਸਫ਼ਾਈ ਬਣਾਈ ਰੱਖਣ ਲਈ, ਉਨ੍ਹਾਂ ਨੇ ਨਗਰ ਕੌਂਸਲ ਦੇ ਕਰਮਚਾਰੀਆਂ ਤੋਂ ਇਲਾਵਾ 50 ਵਾਧੂ ਵਲੰਟੀਅਰਾਂ ਦੀ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਸਾਫ਼-ਸਫ਼ਾਈ ਦੇ ਵਿਆਪਕ ਪ੍ਰਬੰਧਾਂ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਯਮਤ ਸਫ਼ਾਈ, ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਅਤੇ ਜਨਤਕ ਸਹੂਲਤਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੰਗਤ ਦੀ ਵਧੇਰੇ ਆਮਦ ਵਾਲੇ ਦਿਨਾਂ ਦੌਰਾਨ ਨਿਰਵਿਘਨ ਸੰਪਰਕ ਨੂੰ ਯਕੀਨੀ ਬਣਾਉਣ ਲਈ ਵਾਧੂ ਮੋਬਾਈਲ ਟਾਵਰਾਂ ਰਾਹੀਂ ਮੋਬਾਈਲ ਨੈੱਟਵਰਕ ਸਮਰੱਥਾ ਵਧਾਉਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਜੁੜਿਆ ਇਕ ਸਮਰਪਿਤ ਕੰਟਰੋਲ ਰੂਮ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਐਮਰਜੈਂਸੀ ਪ੍ਰਤੀਕਿਰਿਆਵਾਂ ਲਈ ਦਿਨ-ਰਾਤ ਕਾਰਜਸ਼ੀਲ ਰਹੇਗਾ। ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਤਰੁੰਤ ਕਾਰਵਾਈ ਕਰਨ ਅਤੇ ਟਰੈਫਿਕ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਵਿਆਪਕ ਸੁਰੱਖਿਆ ਮੁਲਾਂਕਣ ਅਤੇ ਮੋਟਰਸਾਈਕਲ ਗਸ਼ਤ ਯੂਨਿਟਾਂ ਦੀ ਤਾਇਨਾਤੀ ਲਈ ਵੀ ਨਿਰਦੇਸ਼ ਦਿੱਤੇ। ਨਿਗਰਾਨੀ ਨੂੰ ਮਜ਼ਬੂਤ ਕਰਨ ਅਤੇ ਸੰਗਤ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਰਣਨੀਤਕ ਸਥਾਨਾਂ ’ਤੇ ਵਾਚਟਾਵਰ ਅਤੇ ਛੇ ਪੁਲਿਸ ਹੈਲਪ ਡੈਸਕ ਵੀ ਸਥਾਪਤ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਨੂੰ ਸੰਗਤ ਦੀ ਆਵਾਜਾਈ ਦੀ ਨਿਗਰਾਨੀ ਕਰਨ ਅਤੇ ਸੁਰੱਖਿਆ ਸਬੰਧੀ ਸੰਭਾਵੀ ਚਿੰਤਾਵਾਂ ਦੀ ਪਛਾਣ ਕਰਨ ਲਈ ਏਆਈ-ਸਮਰੱਥ ਕੈਮਰਾ ਸਿਸਟਮ ਸਮੇਤ ਆਧੁਨਿਕ ਤਕਨਾਲੋਜੀ ਦੀ ਵਿਆਪਕ ਵਰਤੋਂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਸੰਗਤ ਅਤੇ ਆਲ਼ੇ ਦੁਆਲੇ ਦੇ ਖੇਤਰਾਂ ’ਤੇ ਨੇੜਿਉਂ ਨਜ਼ਰ ਰੱਖਣ ਲਈ ਡਰੋਨ-ਅਧਾਰਤ ਗਸ਼ਤ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਲੋੜੀਂਦੀ ਪੁਲਿਸ ਤਾਇਨਾਤੀ ਨੂੰ ਯਕੀਨੀ ਦੇ ਵੀ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫ਼ੰਡ ਜਾਰੀ ਕਰ ਦਿੱਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ , ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ ਕਿਉਂਕਿ ਹਰ ਸਾਲ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ ਵਿਚ ਸੰਗਤ ਦਰਸ਼ਨਾਂ ਲਈ ਆਉਂਦੀ ਹੈ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪ੍ਰਬੰਧਾਂ ਦੀ ਖ਼ੁਦ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਕੰਮ ਸਮੇਂ ਸਿਰ ਨੇਪਰੇ ਚਾੜੇ੍ਹ ਜਾਣ। ਉਨ੍ਹਾਂ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੇ ਪੰਜਾਬੀਆਂ ਦੀਆਂ ਕਈ ਪੀੜ੍ਹੀਆਂ ਨੂੰ ਬੇਇਨਸਾਫ਼ੀ, ਜ਼ੁਲਮ ਅਤੇ ਅੱਤਿਆਚਾਰ ਵਿਰੁੱਧ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਛੋਟੇ ਸਾਹਿਬਜ਼ਾਦਿਆਂ ਵਲੋਂ ਇੰਨੀ ਛੋਟੀ ਉਮਰ ਵਿਚ ਦਿੱਤੀ ਗਈ ਮਹਾਨ ਕੁਰਬਾਨੀ ਵਰਗੀ ਕੋਈ ਹੋਰ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਕਿਤੇ ਨਹੀਂ ਮਿਲਦੀ। ਸ਼ਹੀਦੀ ਸਭਾ ਦੌਰਾਨ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦਰਸ਼ਨ ਲਈ ਆਉਂਦੀ ਹੈ, ਇਸ ਲਈ ਸੂਬਾ ਸਰਕਾਰ ਵਲੋਂ ਆਉਣ ਵਾਲੀ ਸੰਗਤ ਦੀ ਸੁਵਿਧਾ ਲਈ ਇਸ ਇਤਿਹਾਸਕ ਨਗਰੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਸਹੂਲਤ ਪ੍ਰਦਾਨ ਕਰਨਾ ਸੂਬਾ ਸਰਕਾਰ ਦਾ ਮੁੱਖ ਫ਼ਰਜ਼ ਹੈ ਅਤੇ ਪ੍ਰਸ਼ਾਸਨ ਨੂੰ ਇਕ ਮਜ਼ਬੂਤ ਵਿਧੀ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ਹੀਦੀ ਸਭਾ ਦੌਰਾਨ ਸੰਗਤ ਨੂੰ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।