ਉਦਯੋਗਪਤੀ ਸੰਚਿਤ ਸਿੰਗਲਾ ਨੇ ਮੁੱਖ ਮੰਤਰੀ ਮਾਨ ਨਾਲ ਉਦਯੋਗਿਕ ਮੁੱਦਿਆਂ ’ਤੇ ਕੀਤੀ ਚਰਚਾ
ਮੰਡੀ ਗੋਬਿੰਦਗੜ੍ਹ, 14 ਨਵੰਬਰ (ਰਾਜੇਸ਼ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸ਼ਹਿਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਅਤੇ ਨੌਜਵਾਨ ਉਦਯੋਗਪਤੀ ਸੰਚਿਤ ਸਿੰਗਲਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਮੰਡੀ ਗੋਬਿੰਦਗੜ੍ਹ ਦੇ ਲੋਹਾ ਉਦਯੋਗ ਅਤੇ ਵਪਾਰ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ। ਸੰਚਿਤ ਸਿੰਗਲਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਪੰਜਾਬ ਦਾ ਪ੍ਰਮੁੱਖ ਉਦਯੋਗਿਕ ਕੇਂਦਰ ਹੈ ਅਤੇ ਇੱਥੋਂ ਦਾ ਲੋਹਾ ਉਦਯੋਗ ਸੂਬੇ ਦੀ ਆਰਥਿਕਤਾ ਵਿਚ ਅਹਿਮ ਯੋਗਦਾਨ ਪਾ ਰਿਹਾ ਹੈ।
ਮੰਡੀ ਗੋਬਿੰਦਗੜ੍ਹ, 14 ਨਵੰਬਰ (ਰਾਜੇਸ਼ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸ਼ਹਿਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਅਤੇ ਨੌਜਵਾਨ ਉਦਯੋਗਪਤੀ ਸੰਚਿਤ ਸਿੰਗਲਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਮੰਡੀ ਗੋਬਿੰਦਗੜ੍ਹ ਦੇ ਲੋਹਾ ਉਦਯੋਗ ਅਤੇ ਵਪਾਰ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ। ਸੰਚਿਤ ਸਿੰਗਲਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਪੰਜਾਬ ਦਾ ਪ੍ਰਮੁੱਖ ਉਦਯੋਗਿਕ ਕੇਂਦਰ ਹੈ ਅਤੇ ਇੱਥੋਂ ਦਾ ਲੋਹਾ ਉਦਯੋਗ ਸੂਬੇ ਦੀ ਆਰਥਿਕਤਾ ਵਿਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ ਲਈ ਉਦਯੋਗਪਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਸਰਕਾਰੀ ਪੱਧਰ ’ਤੇ ਪਹਿਲ ਦੇ ਆਧਾਰ ’ਤੇ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਇਕਾਈਆਂ ਨੂੰ ਉਤਸ਼ਾਹਿਤ ਕਰਨ, ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਮੁਸ਼ਕਿਲਾਂ ਦੂਰ ਕਰਨ ਅਤੇ ਵਪਾਰੀਆਂ ਨੂੰ ਲੋੜੀਂਦੀਆਂ ਰਾਹਤਾਂ ਦੇਣ ਨਾਲ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲ ਸਕਦਾ ਹੈ। ਉਨ੍ਹਾਂ ਨੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਅਮਲੋਹ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ’ਤੇ ਵੀ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਵਿਧਾਇਕ ਦੇ ਯਤਨਾਂ ਸਦਕਾ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਗਤੀ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਡੀ ਗੋਬਿੰਦਗੜ੍ਹ ਵਿਚ ਨਗਰ ਕੌਂਸਲ ਵਲੋਂ ਸਥਾਪਿਤ ਕੀਤੇ ਗਏ ਆਰਟ ਆਫ਼ ਲਿਵਿੰਗ ਮੈਡੀਟੇਸ਼ਨ ਸੈਂਟਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੇਂਦਰ ਲੋਕਾਂ ਨੂੰ ਮਾਨਸਿਕ ਸ਼ਾਂਤੀ, ਸਕਾਰਾਤਮਿਕ ਸੋਚ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸੰਚਿਤ ਸਿੰਗਲਾ ਨੇ ਮੁੱਖ ਮੰਤਰੀ ਨੂੰ ਸਾਲ 1974 ਵਿਚ ਸਥਾਪਿਤ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਸਮਾਜ ਸੇਵੀ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਲੱਬ ਵਲੋਂ ਸਿਹਤ ਸੇਵਾਵਾਂ, ਲੋੜਵੰਦਾਂ ਦੀ ਸਹਾਇਤਾ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਕਲੱਬ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।