ਭਾਸ਼ਾ ਵਿਭਾਗ ਵਲੋਂ ਮਾਤਾ ਗੁਜਰੀ ਕਾਲਜ ਵਿਖੇ ਰਾਜ ਪੱਧਰੀ ਬਾਲ ਗਿਆਨ ਪ੍ਰਸ਼ਨੋਤਰੀ ਮੁਕਾਬਲੇ 18 ਨੂੰ
ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਜੇਤੂ ਵਿਦਿਆਰਥੀ ਤਿੰਨ ਵਰਗਾਂ ਵਿਚ ਲੈਣਗੇ ਭਾਗ
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਸ਼ਾ ਵਿਭਾਗ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ-2026 ਦੇ ਸਮਾਗਮਾਂ ਦੀ ਲੜੀ ਤਹਿਤ ਭਾਸ਼ਾ ਵਿਭਾਗ ਵਲੋਂ ਰਾਜ ਪੱਧਰੀ ਬਾਲ ਗਿਆਨ ਪ੍ਰਸ਼ਨੋਤਰੀ ਮੁਕਾਬਲਾ 18 ਨਵੰਬਰ, ਦਿਨ ਬੁੱਧਵਾਰ ਨੂੰ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲਾ ਸਵੇਰੇ 9 ਵਜੇ ਸ਼ੁਰੂ ਹੋਵੇਗਾ।
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਸ਼ਾ ਵਿਭਾਗ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ-2026 ਦੇ ਸਮਾਗਮਾਂ ਦੀ ਲੜੀ ਤਹਿਤ ਭਾਸ਼ਾ ਵਿਭਾਗ ਵਲੋਂ ਰਾਜ ਪੱਧਰੀ ਬਾਲ ਗਿਆਨ ਪ੍ਰਸ਼ਨੋਤਰੀ ਮੁਕਾਬਲਾ 18 ਨਵੰਬਰ, ਦਿਨ ਬੁੱਧਵਾਰ ਨੂੰ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲਾ ਸਵੇਰੇ 9 ਵਜੇ ਸ਼ੁਰੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਪ੍ਰੋ. ਅੱਛਰੂ ਸਿੰਘ, ਸ਼੍ਰੋਮਣੀ ਸਾਹਿਤਕਾਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਪ੍ਰਸਿੱਧ ਸਾਹਿਤਕਾਰ ਪਰਮਜੀਤ ਕੌਰ ਸਰਹਿੰਦ ਸਮਾਗਮ ਦੀ ਪ੍ਰਧਾਨਗੀ ਕਰਨਗੇ, ਜਦਕਿ ਪ੍ਰਸਿੱਧ ਬਾਲ ਸਾਹਿਤਕਾਰ ਕਮਲਜੀਤ ਸਿੰਘ ਨੀਲੋਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਕਰਵਾਏ ਜਾਂਦੇ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਸਬੰਧੀ ਆਮ ਗਿਆਨ ਵਿਚ ਵਾਧਾ ਕਰਨਾ ਅਤੇ ਉਨ੍ਹਾਂ ਨੂੰ ਪੰਜਾਬ ਦੀ ਅਮੀਰ ਇਤਿਹਾਸਕ, ਸੱਭਿਆਚਾਰਕ ਅਤੇ ਵਿਰਾਸਤੀ ਪਰੰਪਰਾਵਾਂ ਨਾਲ ਜੋੜਨਾ ਹੈ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਅੰਦਰ ਪੰਜਾਬੀ ਭਾਸ਼ਾ, ਸਾਹਿਤ ਅਤੇ ਵਿਰਾਸਤ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਗਿਆਨ ਪ੍ਰਾਪਤੀ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਇਸ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲੈਣਗੇ। ਇਹ ਮੁਕਾਬਲੇ ਤਿੰਨ ਵੱਖ-ਵੱਖ ਵਰਗਾਂ ਵਿਚ ਕਰਵਾਏ ਜਾਣਗੇ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ।