ਗੁੰਡਾਗਰਦੀ ਦੀਆਂ ਵਾਰਦਾਤਾਂ ਨੇ ‘ਆਪ’ ਸਰਕਾਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ-ਭੁੱਟਾ
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਵਿਚ ਅੱਜ ਸ਼ਰੇਆਮ ਹੋ ਰਹੀਆਂ ਗੁੰਡਾਗਰਦੀ ਦੀਆਂ ਵਾਰਦਾਤਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਇਹ ਵਾਰਦਾਤਾਂ ਸਾਬਤ ਕਰਦੀਆਂ ਹਨ ਕਿ ਸਰਕਾਰ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਵਿਚ ਅਸਮਰਥ ਹੈ ਤੇ ਸੂਬੇ ਵਿਚ ਗੁੰਡਾ ਰਾਜ ਚੱਲ ਰਿਹਾ ਹੈ।
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਵਿਚ ਅੱਜ ਸ਼ਰੇਆਮ ਹੋ ਰਹੀਆਂ ਗੁੰਡਾਗਰਦੀ ਦੀਆਂ ਵਾਰਦਾਤਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਇਹ ਵਾਰਦਾਤਾਂ ਸਾਬਤ ਕਰਦੀਆਂ ਹਨ ਕਿ ਸਰਕਾਰ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਵਿਚ ਅਸਮਰਥ ਹੈ ਤੇ ਸੂਬੇ ਵਿਚ ਗੁੰਡਾ ਰਾਜ ਚੱਲ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਟਿਆਲਾ ਤੇ ਗੁਰਦਾਸਪੁਰ ਵਿਖੇ ਹੋਈਆਂ ਘਟਨਾਵਾਂ ਦੀ ਨਿੰਦਾ ਕਰਦਿਆਂ ਕੀਤਾ। ਸ. ਭੁੱਟਾ ਨੇ ਕਿਹਾ ਕਿ ਗੁਰਦਾਸਪੁਰ ਵਿਖੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਪਟਿਆਲਾ ਵਿਚ ਇਕ ਬਿਜ਼ਨਸਮੈਨ ਤੇ ਗੋਲੀਆਂ ਚਲਾਈਆਂ ਗਈਆਂ ਇਹ ਦਰਸਾਉਂਦੀਆਂ ਹਨ ਕਿ ਸੂਬੇ ਵਿਚ ਗੁੰਡੇ ਬੇਖ਼ੌਫ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਉਨ੍ਹਾਂ ਉੱਤੇ ਕਿਸੇ ਕਿਸਮ ਦਾ ਕੋਈ ਡਰ ਭੈ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਹ ਚਾਹੀਦਾ ਹੈ ਕਿ ਉਹ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਨੂੰ ਤਰਜੀਹ ਦੇਣ ਨਾ ਕਿ ਵਿਰੋਧੀਆਂ ਬਾਰੇ ਉਲਟੇ ਸਿੱਧੇ ਬਿਆਨ ਦੇ ਕੇ ਲੋਕਾਂ ਨੂੰ ਗੁਮਰਾਹ ਕਰਨ ਵੱਲ। ਉਨ੍ਹਾਂ ਕਿਹਾ ਜੇਕਰ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਪੰਜਾਬ ਦਾ ਮਾਹੌਲ ਬਹੁਤ ਜ਼ਿਆਦਾ ਖ਼ਰਾਬ ਹੋ ਜਾਵੇਗਾ। ਹਲਕਾ ਇੰਚਾਰਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਇਨ੍ਹਾਂ ਨਾਕਾਮੀਆਂ ਦਾ ਬਦਲਾ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲਿਆ ਜਾਵੇਗਾ ਅਤੇ ਸੂਬੇ ਦੇ ਲੋਕ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਸੂਬੇ ਦੇ ਅਮਨ ਤੇ ਸ਼ਾਂਤੀ ਨੂੰ ਬਹਾਲ ਰੱਖਣ ਵਿਚ ਆਪਣਾ ਯੋਗਦਾਨ ਪਾਉਣਗੇ।