ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ- ਵਿਧਾਇਕ ਗੈਰੀ ਬੜਿੰਗ
ਅਮਲੋਹ, 23 ਨਵੰਬਰ (ਕੇਵਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਅਮਲੋਹ ਦੀ ਪ੍ਰਬੰਧਕ ਕਮੇਟੀ ਤੇ ਸੁਪਰ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਅਮਲੋਹ, 23 ਨਵੰਬਰ (ਕੇਵਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਅਮਲੋਹ ਦੀ ਪ੍ਰਬੰਧਕ ਕਮੇਟੀ ਤੇ ਸੁਪਰ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਵਿਚ ਸੰਗਤਾਂ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਥਾਂ-ਥਾਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੀ ਸੇਵਾ ਲਈ ਲੰਗਰ ਵੀ ਲਗਾਏ ਗਏ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਸਬੰਧੀ ਗੱਲਬਾਤ ਕਰਦਿਆਂ ਸੁਪਰ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਦੱਸਿਆ ਕਿ ਨਗਰ ਕੀਰਤਨ ਦੀ ਸ਼ੁਰੂਆਤ ਸਮੇਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਉਨ੍ਹਾਂ ਦੱਸਿਆ ਕਿ ਗੁਰਪੁਰਬ ਵਾਲੇ ਦਿਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਚੀਮਾ ਨੇ ਨਗਰ ਕੀਰਤਨ ਦਾ ਸਵਾਗਤ ਕਰਨ ਅਤੇ ਲੰਗਰ ਲਗਾ ਕੇ ਸੇਵਾ ਕਰਨ ਵਾਲੀਆਂ ਸਮੂਹ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਸੰਧੂ, ਹਰਨੇਕ ਸਿੰਘ ਪਾਲੀਆਂ, ਮਾਨ ਸਿੰਘ ਬੈਣਾ, ਚਮਕੌਰ ਸਿੰਘ ਤੰਦਾ ਬੱਧਾ, ਮੀਤ ਪ੍ਰਧਾਨ ਜਗਤਾਰ ਸਿੰਘ, ਖ਼ਜ਼ਾਨਚੀ ਗੁਰਲਾਲ ਸਿੰਘ, ਜਸਭਿੰਦਰ ਸਿੰਘ, ਸਾਧੂ ਸਿੰਘ, ਗੁਰਦੀਪ ਸਿੰਘ, ਬਲਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।