ਮਾਤਾ ਗੁਜਰੀ ਕਾਲਜ ਵਲੋਂ ਕੁਦਰਤੀ ਸਰੋਤਾਂ ਦੀ ਸਾਰਥਿਕ ਵਰਤੋਂ ਸੰਬੰਧੀ ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਲੋਂ ਐਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਅਤੇ ਮਿਸ਼ਨ ਲਾਈਫ਼ ਤਹਿਤ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ‘ਕੁਦਰਤੀ ਸਰੋਤਾਂ ਤੋਂ ਵਾਤਾਵਰਨ-ਅਨੁਕੂਲ ਸ਼ਿਲਪਕਾਰੀ’ ਵਿਸ਼ੇ ’ਤੇ ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਮਲੇਰਕੋਟਲਾ ਅਤੇ ਰੂਪਨਗਰ ਦੇ ਸਕੂਲਾਂ ਦੇ 54 ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਲੋਂ ਐਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਅਤੇ ਮਿਸ਼ਨ ਲਾਈਫ਼ ਤਹਿਤ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ‘ਕੁਦਰਤੀ ਸਰੋਤਾਂ ਤੋਂ ਵਾਤਾਵਰਨ-ਅਨੁਕੂਲ ਸ਼ਿਲਪਕਾਰੀ’ ਵਿਸ਼ੇ ’ਤੇ ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਮਲੇਰਕੋਟਲਾ ਅਤੇ ਰੂਪਨਗਰ ਦੇ ਸਕੂਲਾਂ ਦੇ 54 ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਤਹਿਗੜ੍ਹ ਸਾਹਿਬ ਰੁਪਿੰਦਰ ਕੌਰ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਅਤੇ ਸੰਭਾਲ ਦੀ ਭਾਵਨਾ ਪੈਦਾ ਕਰਨ ਲਈ ਸਕੂਲ ਅਧਿਆਪਕਾਂ ਨੂੰ ਵਿਹਾਰਕ ਹੁਨਰਾਂ ਨਾਲ ਲੈਸ ਕਰਨ ਵਾਸਤੇ ਕਾਲਜ ਵਲੋਂ ਕੀਤੇ ਗਏ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਤੋਂ ਪਹਿਲਾਂ ਵਰਕਸ਼ਾਪ ਦੀ ਸ਼ੁਰੂਆਤ ਸਮੇਂ ਕੋਆਰਡੀਨੇਟਰ ਪ੍ਰੋ. ਪ੍ਰਦੀਪ ਕੌਰ ਸੰਧੂ ਨੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਤੇ ਮਿਸ਼ਨ ਲਾਈਫ਼ ਦੇ ਉਦੇਸ਼ਾਂ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਵਿਚ ਟਿਕਾਊ ਜੀਵਨ-ਸ਼ੈਲੀ ਦੀਆਂ ਆਦਤਾਂ ਵਿਕਸਿਤ ਕਰਨ ਅਤੇ ਜ਼ੀਰੋ-ਵੇਸਟ ਸੋਚ ਨੂੰ ਉਤਸ਼ਾਹਿਤ ਕਰਨ ਵਿਚ ਅਧਿਆਪਕਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਦਾ ਉਦੇਸ਼ ਅਧਿਆਪਕਾਂ ਨੂੰ ਸਿੰਥੈਟਿਕ ਸਮਗਰੀ ਦੀ ਥਾਂ ਕੁਦਰਤੀ ਅਤੇ ਜੈਵਿਕ ਤੌਰ ’ਤੇ ਨਸ਼ਟ ਹੋਣ ਯੋਗ ਸਰੋਤਾਂ ਦੀ ਵਰਤੋਂ ਕਰਨ ਦੇ ਵਿਹਾਰਕ ਹੁਨਰ ਪ੍ਰਦਾਨ ਕਰਨਾ ਅਤੇ ਕਲਾਸ-ਰੂਮਾਂ ਵਿਚ ਵਾਤਾਵਰਨ-ਪੱਖੀ ਸਿਰਜਣਾਤਮਿਕਤਾ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮਗਰੋਂ ਤਕਨੀਕੀ ਅਤੇ ਪ੍ਰੈਕਟੀਕਲ ਸੈਸ਼ਨਾਂ ਦਾ ਸੰਚਾਲਨ ਵਿਸ਼ਾ ਮਾਹਿਰਾਂ ਡਾ. ਜੁਝਾਰ ਸਿੰਘ ਅਤੇ ਡਾ. ਪ੍ਰਭਜੋਤ ਸੈਣੀ ਵਲੋਂ ਕੀਤਾ ਗਿਆ। ਉਨ੍ਹਾਂ ਨੇ ਭਾਗੀਦਾਰਾਂ ਨੂੰ ਸਥਾਨਕ ਪੱਧਰ ’ਤੇ ਉਪਲਬਧ ਕੁਦਰਤੀ ਸਰੋਤਾਂ ਅਤੇ ਵਾਤਾਵਰਨ ਅਨੁਕੂਲ, ਜੈਵਿਕ ਤੌਰ ’ਤੇ ਨਸ਼ਟ ਹੋਣ ਵਾਲੀਆਂ ਸਮੱਗਰੀਆਂ ਦੀ ਵਰਤੋਂ ਕਰਕੇ ਨਵੀਨਤਮ, ਉਪਯੋਗੀ ਅਤੇ ਸੁੰਦਰ ਵਾਤਾਵਰਨ-ਪੱਖੀ ਹਸਤ ਕਲਾਵਾਂ ਤਿਆਰ ਕਰਨ ਦੀ ਵਿਹਾਰਕ ਸਿਖਲਾਈ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਰਕਸ਼ਾਪ ਦੇ ਸਫਲ ਆਯੋਜਨ ਲਈ ਪ੍ਰਬੰਧਕੀ ਟੀਮ ਨੂੰ ਵਧਾਈ ਦਿੱਤੀ ਅਤੇ ਇਸ ਮਹੱਤਵਪੂਰਨ ਉਪਰਾਲੇ ਵਿਚ ਆਪਣੇ ਅਧਿਆਪਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮਲੇਰਕੋਟਲਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਆਪੋ-ਆਪਣੇ ਜ਼ਿਲਿ੍ਆਂ ਦੇ ਅਧਿਆਪਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਦਿੱਤੇ ਗਏ ਸਹਿਯੋਗ ਦੀ ਵੀ ਭਰਪੂਰ ਸ਼ਲਾਘਾ ਕੀਤੀ। ਵਰਨਣਯੋਗ ਹੈ ਕਿ ਇਸ ਵਰਕਸ਼ਾਪ ਦੌਰਾਨ ਭਾਗੀਦਾਰਾਂ ਨੂੰ ਬੋਨਸਾਈ ਤਿਆਰ ਕਰਨ, ਡਿਸ਼ ਗਾਰਡਨਿੰਗ ਅਤੇ ਸੁੱਕੇ ਫੁੱਲਾਂ ਦੀ ਵਰਤੋਂ ਕਰਕੇ ਵਾਤਾਵਰਨ-ਅਨੁਕੂਲ ਸਜਾਵਟੀ ਕਲਾਕ੍ਰਿਤੀਆਂ ਬਣਾਉਣ ਸਬੰਧੀ ਵਿਹਾਰਕ ਸਿਖਲਾਈ ਪ੍ਰਦਾਨ ਕੀਤੀ ਗਈ। ਇਸ ਮੌਕੇ ਵਰਕਸ਼ਾਪ ਦੇ ਕੋ-ਕੋਆਰਡੀਨੇਟਰ ਡਾ. ਮੋਨਿਕਾ ਅਤੇ ਸੌਲਿਡ ਵੇਸਟ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਡਾ. ਸੰਤੋਸ਼ ਕੁਮਾਰ, ਪ੍ਰੋ. ਸ਼ਿਵਦੀਪ ਕੌਰ ਅਤੇ ਡਾ. ਦੀਪਿਕਾ ਨੇ ਵਰਕਸ਼ਾਪ ਦੇ ਸਫਲ ਪ੍ਰਬੰਧਨ ਵਿਚ ਮਹੱਤਵਪੂਰਨ ਸਹਿਯੋਗ ਦਿੱਤਾ। ਸਮਾਗਮ ਦੇ ਅਖੀਰ ਵਿਚ ਵਰਕਸ਼ਾਪ ਵਿਚ ਭਾਗ ਲੈਣ ਵਾਲੇ ਸਭ ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।