ਬਟਾਲਾ ’ਚ ਲੱਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ
ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਦੇ ਮਕਸਦ ਨਾਲ ਬਟਾਲਾ ਦੀ ਆਈ. ਟੀ.
ਬ
ਬਟਾਲਾ ਵਿਖੇ ਲੱਗੇ ਕਿਸਾਨ ਮੇਲੇ ਦੌਰਾਨ ਕਿਸਾਨਾਂ ਦਾ ਸਨਮਾਨ ਕਰਦੇ ਵਿਧਾਇਕ ਸ਼ੈਰੀ ਕਲਸੀ ਤੇ ਹੋਰ। ਤਸਵੀਰ : ਜਤਿੰਦਰ ਕੱਦ
02-10-2026
ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਦੇ ਮਕਸਦ ਨਾਲ ਬਟਾਲਾ ਦੀ ਆਈ.ਟੀ.ਆਈ. ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਖੇਤ ਪ੍ਰਦਰਸ਼ਨੀਆਂ ਕਰਵਾਈਆਂ ਗਈਆਂ। ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਏ ਮੇਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਅਗਾਂਹਵਧੂ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੇਲੇ ’ਚ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਮੁੱਖ ਮਹਿਮਾਨ ਵਜੋਂ ਪਹੁੰਚੇ, ਜਦਕਿ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ, ਹਰਵਿੰਦਰ ਸਿੰਘ ਹੈਰੀ ਵੀ ਮੌਜੂਦ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪਹੁੰਚੇ ਖੇਤੀ ਮਾਹਰਾਂ ਡਾ. ਹਰਪਾਲ ਸਿੰਘ ਰੰਧਾਵਾ, ਡਾ. ਸਰਬਜੀਤ ਸਿੰਘ ਔਲਖ, ਡਾ. ਸਤਵਿੰਦਰ ਕੌਰ ਸਮੇਤ ਹੋਰ ਮਾਹਰਾਂ ਨੇ ਕਿਸਾਨਾਂ ਨੂੰ ਹਾੜੀ ਦੀਆਂ ਵੱਖ-ਵੱਖ ਫ਼ਸਲਾਂ ਦੀ ਕਾਸ਼ਤ ਦੀਆਂ ਆਧੁਨਿਕ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਫ਼ਸਲਾਂ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਅਹਿਮ ਜਾਣਕਾਰੀ ਦਿੱਤੀ। ਇਸ ਦੌਰਾਨ ਕਿਸਾਨਾਂ ਵਲੋਂ ਪੁੱਛੇ ਗਏ ਸਵਾਲਾਂ ਅਤੇ ਖੇਤੀ ਸਬੰਧੀ ਸਮੱਸਿਆਵਾਂ ਦੇ ਜਵਾਬ ਵੀ ਖੇਤੀ ਮਾਹਿਰਾਂ ਵਲੋਂ ਦਿੱਤੇ ਗਏ। ਮੇਲੇ ਦੌਰਾਨ ਖੇਤੀ ਮਾਹਰਾਂ ਵਲੋਂ ਦਿੱਤੀ ਜਾਣਕਾਰੀ ਨਾਲ ਸਬੰਧਤ ਸਵਾਲ ਕਿਸਾਨਾਂ ਤੋਂ ਪੁੱਛੇ ਗਏ। ਸਹੀ ਜਵਾਬ ਦੇਣ ਵਾਲੇ 10 ਕਿਸਾਨਾਂ ਨੂੰ ਸਪਰੇਅ ਪੰਪ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਨਾਲ ਸਬੰਧਤ ਅਗਾਂਹਵਧੂ ਕਿਸਾਨਾਂ ਤੇ ਖੇਤਾਂ ’ਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਡੇਅਰੀ ਵਿਕਾਸ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਆਪਣੇ-ਆਪਣੇ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵੱਖ-ਵੱਖ ਖੇਤੀਬਾੜੀ ਅਦਾਰਿਆਂ ਅਤੇ ਸੰਗਠਨਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਖੇਤੀਬਾੜੀ ਵਿਭਾਗ ਵਲੋਂ ਕਰਵਾਏ ਕਿਸਾਨ ਮੇਲੇ ਦੀ ਸ਼ਲਾਘਾ ਕਰਦਿਆਂ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਵਲੋਂ ਦਿੱਤੀ ਜਾ ਰਹੀ ਤਕਨੀਕੀ ਜਾਣਕਾਰੀ ਦਾ ਲਾਭ ਲੈਣ ਲਈ ਕਿਹਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਮੇਲੇ ਵਿਚ ਪਹੁੰਚੇ ਮਹਿਮਾਨਾਂ ਤੇ ਕਿਸਾਨਾਂ ਦਾ ਧੰਨਵਾਦ ਕੀਤਾ।