ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਸਕੂਲ ਪਰਮਾਨੰਦ ਵਿਖੇ ਰੁਜ਼ਗਾਰ ਜਾਗਰੂਕਤਾ ਕੈਂਪ
ਤਾਰਾਗੜ੍ਹ, 16 ਅਕਤੂਬਰ (ਸੋਹਨ ਲਾਲ)-ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿੱਖਿਆ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਾਨੰਦ ਵਿਖੇ ਰੁਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ।
ਤਾਰਾਗੜ੍ਹ, 16 ਅਕਤੂਬਰ (ਸੋਹਨ ਲਾਲ)-ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿੱਖਿਆ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਾਨੰਦ ਵਿਖੇ ਰੁਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਰੁਜ਼ਗਾਰ ਪ੍ਰਾਪਤ ਕਰਨ ਅਤੇ ਸਵੈ-ਰੁਜ਼ਗਾਰ ਦੇ ਮੌਕਿਆਂ ਦਾ ਲਾਭ ਉਠਾਉਣ ਸਬੰਧੀ ਜਾਣਕਾਰੀ ਦਿੱਤੀ । ਕੈਂਪ ਦੌਰਾਨ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਤੋਂ ਰੁਜ਼ਗਾਰ ਅਫ਼ਸਰ ਸੰਜੀਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਰਕਾਰ ਦੀਆਂ ਰੁਜ਼ਗਾਰ ਯੋਜਨਾਵਾਂ, ਰੁਜ਼ਗਾਰ ਪ੍ਰਾਪਤੀ ਦੇ ਵੱਖ-ਵੱਖ ਸਾਧਨਾਂ ਅਤੇ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਸਬਸਿਡੀ ’ਤੇ ਮਿਲਣ ਵਾਲੇ ਕਰਜ਼ਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਹੁਨਰ ਨੂੰ ਨਿਖਾਰਨ ਅਤੇ ਉਪਲੱਬਧ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ । ਇਸੇ ਤਰ੍ਹਾਂ ਹੁਨਰ ਵਿਕਾਸ ਵਿਭਾਗ ਤੋਂ ਨੇਹਾ ਮਹਾਜਨ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਹੁਨਰ ਸਿਖਲਾਈ ਕੋਰਸਾਂ ਬਾਰੇ ਜਾਣੂ ਕਰਵਾਇਆ । ਉਨ੍ਹਾਂ ਦੱਸਿਆ ਕਿ ਅੱਜ ਦੇ ਸਮੇਂ ’ਚ ਕਿਸੇ ਵੀ ਖੇਤਰ ’ਚ ਸਫ਼ਲਤਾ ਹਾਸਲ ਕਰਨ ਲਈ ਹੁਨਰਮੰਦ ਹੋਣਾ ਬਹੁਤ ਜ਼ਰੂਰੀ ਹੈ । ਸਰਕਾਰ ਵਲੋਂ ਮੁਹੱਈਆ ਕਰਵਾਈ ਜਾਂਦੀ ਮੁਫ਼ਤ ਹੁਨਰ ਸਿਖਲਾਈ ਦਾ ਲਾਭ ਲੈ ਕੇ ਨੌਜਵਾਨ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਦੇ ਹਨ ਤੇ ਰੁਜ਼ਗਾਰ ਪ੍ਰਾਪਤ ਕਰਨ ਦੇ ਨਾਲ-ਨਾਲ ਸਵੈ-ਰੁਜ਼ਗਾਰ ਵੀ ਸ਼ੁਰੂ ਕਰ ਸਕਦੇ ਹਨ । ਸਿੱਖਿਆ ਵਿਭਾਗ ਤੋਂ ਮ੍ਰਿਦੁਲ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਪੜ੍ਹਾਈ ਪ੍ਰਤੀ ਗੰਭੀਰ ਰਹਿਣ, ਆਪਣੇ ਟੀਚੇ ਨਿਰਧਾਰਿਤ ਕਰਨ ਅਤੇ ਭਵਿੱਖ ਦੀ ਯੋਜਨਾਬੰਦੀ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪਰਮਿੰਦਰ ਕੌਰ, ਹਰਗੋਬਿੰਦ ਰਾਏ, ਸਲਿੰਦਰ ਕੁਮਾਰ ਅਤੇ ਰਵਿੰਦਰ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ ।