ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਮੁਹਿੰਮ ਤੇਜ਼, ਹੌਟਸਪੌਟ ਖੇਤਰ ’ਚ ਡਰੋਨ ਰਾਹੀਂ ਰੱਖੀ ਜਾ ਰਹੀ ਨਜ਼ਰ
ਗੁਰਦਾਸਪੁਰ, 23 ਅਕਤੂਬਰ (ਚੱਕਰਾਜਾ)-ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵਲੋਂ ਸਖ਼ਤ ਰਵੱਈਆ ਅਪਣਾਉਂਦਿਆਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ: ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ’ਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਪਰਾਲੀ ਸਾੜਨ ਵਾਲਿਆਂ ਵਿਰੁੱਧ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਗੁਰਦਾਸਪੁਰ, 23 ਅਕਤੂਬਰ (ਚੱਕਰਾਜਾ)-ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵਲੋਂ ਸਖ਼ਤ ਰਵੱਈਆ ਅਪਣਾਉਂਦਿਆਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ: ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ’ਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਪਰਾਲੀ ਸਾੜਨ ਵਾਲਿਆਂ ਵਿਰੁੱਧ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ, ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੀਆਂ ਹਨ ਅਤੇ ਹੌਟਸਪੌਟ ਪਿੰਡਾਂ ਵਿਚ ਵਿਸ਼ੇਸ਼ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੌਟਸਪੌਟ ਪਿੰਡ ’ਚ ਡਰੋਨ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਤੇ ਹੋਰ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਵਾਤਾਵਰਨ ਦੀ ਸੁਰੱਖਿਆ ਤੇ ਪਰਾਲੀ ਸਾੜਨ ਨੂੰ ਰੋਕਣ ਸਬੰਧੀ ਕਾਨੂੰਨੀ ਪ੍ਰਬੰਧਾਂ ਤੇ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਇਸੇ ਤਰ੍ਹਾਂ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ, ਭਾਵ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਵਲੋਂ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ, ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਨਿਪਟਾਰਾ ਕਰਨ ਤੇ ਹਵਾ ਪ੍ਰਦੂਸ਼ਣ ਘਟਾਉਣ ਲਈ ਨਿਰਧਾਰਤ ਨਿਰਦੇਸ਼ਾਂ ਦੀ ਪਾਲਣਾ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਏ.ਡੀ.ਓ ਭਵਜੀਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਇਸ ਦਾ ਮਾੜਾ ਅਸਰ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਵਾਤਾਵਰਨ ’ਤੇ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਨਾਲ ਮਿੱਟੀ ਦੇ ਲਾਭਦਾਇਕ ਸੂਖਮ ਜੀਵਾਂ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨ ਪਰਾਲੀ ਨੂੰ ਖੇਤ ’ਚ ਵਾਹੁਣ, ਮਲਚਿੰਗ ਕਰਨ ਜਾਂ ਬੇਲਰ ਰਾਹੀਂ ਗੱਠਾਂ ਬਣਾਉਣ ਵਰਗੇ ਉਪਲਬਧ ਅਤੇ ਢੁਕਵੇਂ ਤਰੀਕੇ ਅਪਣਾਉਣ।