ਪਠਾਨਕੋਟ ਦੇ ਸਿਵਲ ਹਸਪਤਾਲ ’ਚ ਵਿਜੀਲੈਂਸ ਬਿਊਰੋ ਵਲੋਂ ਜਾਗਰੂਕਤਾ ਕੈਂਪ
ਪਠਾਨਕੋਟ, 29 ਅਕਤੂਬਰ (ਸੁਮਿਤ)-ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਲੋਂ ਸਿਵਲ ਹਸਪਤਾਲ ਪਠਾਨਕੋਟ ’ਚ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਦੌਰਾਨ ਲੋਕਾਂ ਨੂੰ ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਤੇ ਵਿਜੀਲੈਂਸ ਬਿਊਰੋ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ ।
ਪਠਾਨਕੋਟ, 29 ਅਕਤੂਬਰ (ਸੁਮਿਤ)-ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਲੋਂ ਸਿਵਲ ਹਸਪਤਾਲ ਪਠਾਨਕੋਟ ’ਚ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਦੌਰਾਨ ਲੋਕਾਂ ਨੂੰ ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਤੇ ਵਿਜੀਲੈਂਸ ਬਿਊਰੋ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ । ਸਬ-ਇੰਸਪੈਕਟਰ ਖੁਸ਼ਪਾਲ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ 26 ਅਕਤੂਬਰ ਤੋਂ 1 ਨਵੰਬਰ ਤੱਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸੇ ਮੁਹਿੰਮ ਤਹਿਤ ਐਸ.ਐਸ.ਪੀ. ਹਰਪ੍ਰੀਤ ਸਿੰਘ ਮੰਡੇਰ ਤੇ ਡੀ.ਐਸ.ਪੀ. ਸ਼ਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਕੈਂਪ ਲਗਾਇਆ ਗਿਆ । ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਜਾਇਜ਼ ਕੰਮ ਕਰਨ ਬਦਲੇ ਨਿਰਧਾਰਤ ਫੀਸ ਤੋਂ ਵੱਧ ਰਕਮ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਪਠਾਨਕੋਟ ਦੇ ਗਾਂਧੀ ਚੌਕ ਸਥਿਤ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿਚ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ । ਨਿਯਮਾਂ ਅਨੁਸਾਰ ਸ਼ਿਕਾਇਤਕਰਤਾ ਦੀ ਪਛਾਣ ਵੀ ਗੁਪਤ ਰੱਖੀ ਜਾ ਸਕਦੀ ਹੈ । ਇਸ ਦੌਰਾਨ ਹਸਪਤਾਲ ’ਚ ਜਾਗਰੂਕਤਾ ਲਈ ਲਗਾਏ ਗਏ ਕੁਝ ਪੋਸਟਰ ਫਟੇ ਹੋਏ ਵੀ ਮਿਲੇ । ਇਸ ਸਬੰਧੀ ਜਦੋਂ ਐਸ.ਐਮ.ਓ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਭਵਿੱਖ ’ਚ ਇਸ ਗੱਲ ਦਾ ਧਿਆਨ ਰੱਖਣ ਦਾ ਭਰੋਸਾ ਦਿੱਤਾ । ਇਸ ਤੋਂ ਬਾਅਦ ਹਸਪਤਾਲ ’ਚ ਨਵੇਂ ਪੋਸਟਰ ਵੀ ਲਗਾਏ ਗਏ । ਕੈਂਪ ’ਚ ਮੌਜੂਦ ਮਨਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਭਾਗ ਦੀਆਂ ਸੇਵਾਵਾਂ ਤੇ ਸ਼ਿਕਾਇਤ ਦਰਜ ਕਰਵਾਉਣ ਦੇ ਤਰੀਕਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ ।