12 ਨਵੰਬਰ ਤੋਂ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ
ਗੁਰਦਾਸਪੁਰ, 10 ਨਵੰਬਰ (ਚੱਕਰਾਜਾ)-ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਸ਼ੁਰੂ ਹੋਵੇਗੀ । ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਈ.
ਗੁਰਦਾਸਪੁਰ, 10 ਨਵੰਬਰ (ਚੱਕਰਾਜਾ)-ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਸ਼ੁਰੂ ਹੋਵੇਗੀ । ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਇਹ ਚੈਕਿੰਗ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਲਾਜ਼ਮੀ ਪ੍ਰਕਿਰਿਆ ਹੈ । ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿਚ ਵਰਤੀਆਂ ਜਾਣ ਵਾਲੀਆਂ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ । ਸੀ.ਈ.ਓ ਨੇ ਕਿਹਾ ਕਿ ਫਸਟ ਲੈਵਲ ਚੈਕਿੰਗ ਵਿਚ ਦਰੁਸਤ ਪਾਈਆਂ ਜਾਣ ਵਾਲੀਆਂ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਵਰਤਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਫਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਐਫ.ਐਲ.ਸੀ ਪ੍ਰਕਿਰਿਆ ਸਬੰਧਿਤ ਜ਼ਿਲ੍ਹਾ ਚੋਣ ਅਫ਼ਸਰਾਂ ਦੀ ਦੇਖ-ਰੇਖ ਅਧੀਨ ਕਰਵਾਈ ਜਾਵੇਗੀ ਅਤੇ ਇਸ ਦੀ ਨਿਗਰਾਨੀ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਦੇ ਪੱਧਰ ’ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 23 ਸਥਾਨਾਂ ’ਤੇ ਪੂਰੀ ਐਫ.ਐਲ.ਸੀ ਪ੍ਰਕਿਰਿਆ ਦੀ ਲਾਈਵ ਵੈਬਕਾਸਟਿੰਗ ਕੀਤੀ ਜਾਵੇਗੀ। ਹਰੇਕ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਦੋ ਡਿਸਪਲੇਅ ਸਕ੍ਰੀਨਾਂ ਲਗਾਈਆਂ ਗਈਆਂ ਹਨ ਤਾਂ ਜੋ ਨੁਮਾਇੰਦੇ ਕਾਰਵਾਈ ਨੂੰ ਨੇੜਿਓਂ ਦੇਖ ਸਕਣ । ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਨੇ ਇਨ੍ਹਾਂ ਕਾਰਜਾਂ ਦੀ ਦੇਖਰੇਖ ਲਈ ਓਬਜ਼ਰਵਰ ਲਗਾਏ ਹਨ। ਮੁੱਖ ਚੋਣ ਅਫ਼ਸਰ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੁਮਾਇੰਦਿਆਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੌਰਾਨ ਮੌਜੂਦ ਰਹਿਣ ਲਈ ਅਧਿਕਾਰਤ ਕਰਨ।