ਪਿੰਡ ਦਾਬਾਂਵਾਲ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਦਾ ਉਦਘਾਟਨ
ਫ਼ਤਹਿਗੜ੍ਹ ਚੂੜੀਆਂ, 12 ਨਵੰਬਰ (ਐੱਮ. ਐੱਸ.
ਫ਼ਤਹਿਗੜ੍ਹ ਚੂੜੀਆਂ, 12 ਨਵੰਬਰ (ਐੱਮ.ਐੱਸ. ਫੁੱਲ)-ਹਲਕਾ ਇੰਚਾਰਜ ਅਤੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਜੋਬਨ ਰੰਧਾਵਾ ਦੀ ਅਗਵਾਈ ਹੇਠ ਖੇਡ ਕ੍ਰਾਂਤੀ ਅਧੀਨ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਦਾਬਾਂਵਾਲ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਨਮੋਲ ਰੰਧਾਵਾ, ਸਰਪੰਚ ਰਜਿੰਦਰ ਸਿੰਘ ਸਮੇਤ ਪਿੰਡ ਵਾਸੀ ਵੱਡੀ ਗਿਣਤੀ ’ਚ ਮੌਜ਼ੂਦ ਸਨ। ਇਸ ਦੌਰਾਨ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ ਗਈਆਂ। ਅਨਮੋਲ ਰੰਧਾਵਾ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨਾਲ ਜੋੜਨਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਜੋਬਨ ਰੰਧਾਵਾ ਦੀ ਅਗਵਾਈ ਵਿਚ ਹਲਕੇ ਦੇ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡਾਂ ਦੀ ਨਵੀਂ ਪੀੜ੍ਹੀ ਨੂੰ ਆਪਣੇ ਹੀ ਪਿੰਡਾਂ ਵਿਚ ਵਧੀਆ ਖੇਡ ਸਹੂਲਤਾਂ ਮਿਲ ਸਕਣ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਪਿੰਡ ਪੱਧਰ ’ਤੇ ਖਿਡਾਰੀਆਂ ਨੂੰ ਬਿਹਤਰ ਮੌਕੇ ਮਿਲ ਰਹੇ ਹਨ।