ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਫਾਜ਼ਿਲਕਾ-ਅਬੋਹਰ ਕੌਮੀ ਮਾਰਗ ਠੱਪ
ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਫ਼ਰੀਦਕੋਟ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਦੇ ਵਿਰੋਧ ਵਿਚ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਫਾਜ਼ਿਲਕਾ-ਅਬੋਹਰ ਕੌਮੀ ਮਾਰਗ ’ਤੇ ਆਵਾਜਾਈ ਮੁਕੰਮਲ ਠੱਪ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਫ਼ਰੀਦਕੋਟ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਦੇ ਵਿਰੋਧ ਵਿਚ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਫਾਜ਼ਿਲਕਾ-ਅਬੋਹਰ ਕੌਮੀ ਮਾਰਗ ’ਤੇ ਆਵਾਜਾਈ ਮੁਕੰਮਲ ਠੱਪ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਲੈਂਡ ਮਾਰਟਗੇਜ ਬੈਂਕ ਵੱਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਖ਼ੱਜਲ਼-ਖ਼ੁਆਰ ਕੀਤਾ ਜਾ ਰਹੀ ਹੈ। ਕਰਜ਼ੇ ਦੀ ਪੂਰੀ ਰਕਮ ਅਦਾ ਕਰਨ ਦੇ ਬਾਵਜੂਦ ਕਿਸਾਨਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਬੈਂਕ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਪਿਛਲੇ ਦਿਨੀਂ ਇੱਕ ਕਿਸਾਨ ਨੂੰ ਦੁਖਦਾਈ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਕਿਸਾਨ ਆਗੂਆਂ ਸੁਖਵੀਰ ਸਿੰਘ ਬਲਾਕ ਪ੍ਰਧਾਨ ਖੂਈਆਂ ਸਰਵਰ, ਗੁਰਜੰਟ ਸਿੰਘ ਬਲਾਕ ਪ੍ਰਧਾਨ ਫ਼ਾਜ਼ਿਲਕਾ, ਮਨਜੀਤ ਸਿੰਘ ਬਲਾਕ ਪ੍ਰਧਾਨ ਬੱਲੂਆਣਾ, ਗੁਰਦੀਪ ਸਿੰਘ ਬਲਾਕ ਜਨਰਲ ਸਕੱਤਰ, ਸ਼ਮਿੰਦਰ ਸਿੰਘ, ਕੌਰ ਸਿੰਘ, ਅਜਮੇਰ ਸਿੰਘ, ਜੱਗਾ ਸਿੰਘ, ਬਿੰਦਰ ਸਿੰਘ, ਬਲਕਾਰ ਸਿੰਘ, ਪਰਵਿੰਦਰ ਸਿੰਘ, ਭੁਪਿੰਦਰ ਸਿੰਘ ਆਦਿ ਨੇ ਕਿਹਾ ਕਿ ਖਨੌਰੀ ਬਾਰਡਰ ’ਤੇ ਕਿਸਾਨ ਸੰਘਰਸ਼ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਦਾ ਮਾਮਲਾ ਵੀ ਅਜੇ ਤੱਕ ਲਟਕ ਰਿਹਾ ਹੈ। ਬਾਰ-ਬਾਰ ਧਿਆਨ ਵਿਚ ਲਿਆਉਣ ਦੇ ਬਾਵਜੂਦ ਸਰਕਾਰ ਠੋਸ ਹੱਲ ਕੱਢਣ ਦੀ ਬਜਾਏ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕਰਜ਼ਾ ਮੁਕਤ ਕਿਸਾਨਾਂ ਨੂੰ ਤੁਰੰਤ ਐਨ.ਓ.ਸੀ.ਦਿੱਤੀ ਜਾਵੇ ਅਤੇ ਖਨੌਰੀ ਬਾਰਡਰ ਨਾਲ ਸਬੰਧਿਤ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਨਿਪਟਾਰਾ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।