ਦੋ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨ ਪਿਸਤੌਲ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ
ਅਬੋਹਰ, 11 ਸਤੰਬਰ (ਵਿਵੇਕ ਹੂੜੀਆ)- ਮਾੜੇ ਅਨਸਰਾਂ ਤੇ ਗੈਰ-ਕਾਨੂੰਨੀ ਹਥਿਆਰ ਰੱਖਣ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਅਬੋਹਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਸਦਰ ਤੇ ਥਾਣਾ ਸਿਟੀ-1 ਦੀ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਗੈਰ-ਕਾਨੂੰਨੀ ਪਿਸਤੌਲਾਂ ਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਅਬੋਹਰ, 11 ਸਤੰਬਰ (ਵਿਵੇਕ ਹੂੜੀਆ)- ਮਾੜੇ ਅਨਸਰਾਂ ਤੇ ਗੈਰ-ਕਾਨੂੰਨੀ ਹਥਿਆਰ ਰੱਖਣ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਅਬੋਹਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਸਦਰ ਤੇ ਥਾਣਾ ਸਿਟੀ-1 ਦੀ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਗੈਰ-ਕਾਨੂੰਨੀ ਪਿਸਤੌਲਾਂ ਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ। ਡੀ.ਐੱਸ.ਪੀ. ਹਰੀਸ਼ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਬਲਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਰਾਤ ਸਮੇਂ ਸੀਤੋ ਰੋਡ ’ਤੇ ਮਲੂਕਾ ਨਹਿਰ ਕੋਲ ਨਾਕੇਬੰਦੀ ’ਤੇ ਸੀ। ਇਸ ਦੌਰਾਨ ਇਕ ਆਈ-20 ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਕਾਰ ਸਵਾਰ ਧਰਮਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਬਜੀਦਪੁਰ ਭੋਮਾ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 32 ਬੋਰ ਦਾ ਦੇਸੀ ਪਿਸਤੌਲ ਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ। ਥਾਣਾ ਸਦਰ ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੂਜੀ ਕਾਰਵਾਈ ’ਚ ਥਾਣਾ ਸਿਟੀ-1 ਦੇ ਹਵਾਲਦਾਰ ਰਾਜੇਸ਼ ਸਾਂਗਵਾਲ ਵਲੋਂ ਸਿਵਲ ਹਸਪਤਾਲ ਵੱਲ ਜਾਂਦਿਆਂ ਇਕ ਸ਼ੱਕੀ ਨੌਜਵਾਨ ਨੂੰ ਦੇਖਿਆ ਗਿਆ। ਪੁਲਿਸ ਨੂੰ ਦੇਖ ਕੇ ਨੌਜਵਾਨ ਨੇ ਹੱਥ ਵਿਚ ਫੜੀ ਚੀਜ਼ ਸੜਕ ਕਿਨਾਰੇ ਸੁੱਟ ਦਿੱਤੀ, ਜੋ ਜਾਂਚ ਕਰਨ ’ਤੇ 9 ਐਮ.ਐਮ. ਦਾ ਦੇਸੀ ਪਿਸਤੌਲ ਨਿਕਲੀ। ਪੁਲਿਸ ਨੇ ਨੌਜਵਾਨ ਨੂੰ ਕਾਬੂ ਕਰ ਲਿਆ ਜਿਸ ਦੀ ਪਛਾਣ ਵਿਪਨ ਉਰਫ਼ ਇਕਾ ਵਾਸੀ ਦੁਰਗਾ ਨਗਰੀ ਗਲੀ ਨੰਬਰ 6 ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਰਿਮਾਂਡ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਤੇ ਕੀ ਇਹ ਕਿਸੇ ਅਪਰਾਧਿਕ ਗਤੀਵਿਧੀ ਵਿਚ ਸ਼ਾਮਲ ਸਨ।