ਕਿਹਾ, ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਜਨਤਾ ਸਾਹਮਣੇ ਰੱਖੇ ਆਮ ਆਦਮੀ ਪਾਰਟੀ ਸਰਕਾਰ
ਅਬੋਹਰ, 2 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਵਿਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਤੇ ਗਰਾਂਟਾਂ ਦੇ ਮਾਮਲੇ ਵਿਚ ਕੀਤੇ ਜਾ ਰਹੇ ਕਥਿਤ ਵਿਤਕਰੇ ਨੂੰ ਲੈ ਕੇ ਵਿਧਾਇਕ ਸੰਦੀਪ ਜਾਖੜ ਨੇ ਆਪਣੇ ਨਿਵਾਸ ਅਸਥਾਨ ’ਤੇ ਪ੍ਰੈੱਸ ਕਾਨਫ਼ਰੰਸ ਕੀਤੀ। ਉਨ੍ਹਾਂ ਕਿਹਾ ਕਿ ਅਬੋਹਰ ਦੇ ਲੋਕਾਂ ਨੂੰ ਪਿਛਲੇ ਸਾਢੇ ਚਾਰ ਸਾਲਾਂ ਤੋਂ ਵਿਕਾਸ ਦੇ ਮਾਮਲੇ ਵਿਚ ਉਨ੍ਹਾਂ ਦਾ ਬਣਦਾ ਹੱਕ ਨਹੀਂ ਮਿਲ ਰਿਹਾ ਜਦਕਿ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੋਰਨਾਂ ਖੇਤਰਾਂ ਲਈ ਕਰੋੜਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਰਹੀ ਹੈ।
ਅ
ਅਬੋਹਰ ’ਚ ਆਪਣੇ ਨਿਵਾਸ ਅਸਥਾਨ ’ਤੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਵਿਧਾਇਕ ਸੰਦੀਪ ਜਾਖੜ। ਅਜੀਤ ਤਸਵੀਰ
03-10-2026
ਅਬੋਹਰ, 2 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਵਿਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਤੇ ਗਰਾਂਟਾਂ ਦੇ ਮਾਮਲੇ ਵਿਚ ਕੀਤੇ ਜਾ ਰਹੇ ਕਥਿਤ ਵਿਤਕਰੇ ਨੂੰ ਲੈ ਕੇ ਵਿਧਾਇਕ ਸੰਦੀਪ ਜਾਖੜ ਨੇ ਆਪਣੇ ਨਿਵਾਸ ਅਸਥਾਨ ’ਤੇ ਪ੍ਰੈੱਸ ਕਾਨਫ਼ਰੰਸ ਕੀਤੀ। ਉਨ੍ਹਾਂ ਕਿਹਾ ਕਿ ਅਬੋਹਰ ਦੇ ਲੋਕਾਂ ਨੂੰ ਪਿਛਲੇ ਸਾਢੇ ਚਾਰ ਸਾਲਾਂ ਤੋਂ ਵਿਕਾਸ ਦੇ ਮਾਮਲੇ ਵਿਚ ਉਨ੍ਹਾਂ ਦਾ ਬਣਦਾ ਹੱਕ ਨਹੀਂ ਮਿਲ ਰਿਹਾ ਜਦਕਿ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੋਰਨਾਂ ਖੇਤਰਾਂ ਲਈ ਕਰੋੜਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਰਹੀ ਹੈ। ਵਿਧਾਇਕ ਜਾਖੜ ਨੇ ਕਿਹਾ ਕਿ ਸਰਕਾਰ ਇਕ ਪਾਸੇ ‘ਰੰਗਲਾ ਪੰਜਾਬ’ ਬਣਾਉਣ ਦੀਆਂ ਗੱਲਾਂ ਕਰਦੀ ਹੈ ਪਰ ਦੂਜੇ ਪਾਸੇ ਅਬੋਹਰ ਨੂੰ ਵਿਕਾਸ ਕਾਰਜਾਂ ਲਈ ਲੋੜੀਂਦੇ ਸਰੋਤ ਮੁਹੱਈਆ ਨਹੀਂ ਕਰਵਾਏ ਜਾ ਰਹੇ। ਉਨ੍ਹਾਂ ਕਿਹਾ ਕਿ ਅਬੋਹਰ ਨਗਰ ਨਿਗਮ ਵਿਚ ਅਧਿਕਾਰੀਆਂ ਤੇ ਪ੍ਰਸ਼ਾਸਨਿਕ ਵਿਵਸਥਾ ਦੀ ਘਾਟ ਕਾਰਨ ਵੀ ਸ਼ਹਿਰ ਦਾ ਵਿਕਾਸ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਜ਼ਿਲ੍ਹੇ ਦੇ ਹੋਰ ਖੇਤਰਾਂ ਨੂੰ ਕਰੋੜਾਂ ਰੁਪਏ ਦੀ ਗਰਾਂਟ ਮਿਲ ਸਕਦੀ ਹੈ ਤਾਂ ਅਬੋਹਰ ਨਾਲ ਇਹ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ? ਸੰਦੀਪ ਜਾਖੜ ਨੇ ਆਮ ਆਦਮੀ ਪਾਰਟੀ ਸਰਕਾਰ ਤੋਂ ਅਬੋਹਰ ਦਾ ਸਾਢੇ ਚਾਰ ਸਾਲਾਂ ਦਾ ਪੂਰਾ ਰਿਪੋਰਟ ਕਾਰਡ ਜਨਤਾ ਸਾਹਮਣੇ ਰੱਖਣ ਦੀ ਮੰਗ ਦੁਹਰਾਈ। ਉਨ੍ਹਾਂ ਕਿਹਾ ਕਿ ਅਬੋਹਰ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਤਿੰਨ ਹਲਕਾ ਇੰਚਾਰਜ ਬਦਲੇ ਜਾ ਚੁੱਕੇ ਹਨ ਪਰ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਅੱਜ ਵੀ ਜਿਓਂ ਦੀਆਂ ਤਿਓਂ ਹਨ। ਇਸ ਲਈ ਹੁਣ ਉਹ ਸਥਾਨਕ ਹਲਕਾ ਇੰਚਾਰਜ ਤੋਂ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੀ ਆਪ ਲੀਡਰਸ਼ਿਪ ਤੋਂ ਸਿੱਧਾ ਜਵਾਬ ਮੰਗ ਰਹੇ ਹਨ ਕਿ ਇਨ੍ਹਾਂ ਸਾਢੇ ਚਾਰ ਸਾਲਾਂ ਵਿਚ ਅਬੋਹਰ ਲਈ ਕਿੰਨੀ ਗਰਾਂਟ ਜਾਰੀ ਹੋਈ, ਕਿੱਥੇ ਖ਼ਰਚ ਹੋਈ ਤੇ ਕਿੰਨੇ ਵਿਕਾਸ ਕਾਰਜ ਪੂਰੇ ਹੋਏ। ਉਨ੍ਹਾਂ ਕਿਹਾ ਕਿ ਰਿਪੋਰਟ ਕਾਰਡ ਸਿਰਫ਼ ਪੋਸਟਰਾਂ ਤੇ ਇਸ਼ਤਿਹਾਰਾਂ ਨਾਲ ਨਹੀਂ, ਸਗੋਂ ਅੰਕੜਿਆਂ ਤੇ ਜ਼ਮੀਨੀ ਪੱਧਰ ’ਤੇ ਹੋਏ ਕੰਮਾਂ ਨਾਲ ਬਣਦਾ ਹੈ। ਉਨ੍ਹਾਂ ਆਭਾ ਸਕੁਏਅਰ, ਨਹਿਰੂ ਸਟੇਡੀਅਮ, ਬੱਸ ਸਟੈਂਡ ਦੇ ਨਵੀਨੀਕਰਨ ਤੇ ਸੱਪਾਂ ਵਾਲੀ ਸਥਿਤ ਪਸ਼ੂ ਚਿਕਿਤਸਾ ਪ੍ਰੋਜੈਕਟ ਸਮੇਤ ਵੱਖ-ਵੱਖ ਲਟਕ ਰਹੇ ਵਿਕਾਸ ਕਾਰਜਾਂ ਦੀ ਸਥਿਤੀ ’ਤੇ ਵੀ ਸਰਕਾਰ ਤੋਂ ਜਵਾਬ ਮੰਗਿਆ। ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਬੋਲਦਿਆਂ ਜਾਖੜ ਨੇ ਕਿਹਾ ਕਿ ਅਬੋਹਰ ਵਿਚ ਦਿਨ-ਦਿਹਾੜੇ ਹੋ ਰਹੀ ਗੋਲੀਬਾਰੀ ਤੇ ਅਪਰਾਧਿਕ ਘਟਨਾਵਾਂ ਨੇ ਆਮ ਲੋਕਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲ ਹੀ ਵਿਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਣਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਅਬੋਹਰ ਨੂੰ ਉਸ ਦਾ ਬਣਦਾ ਹੱਕ ਦੇਣਾ ਚਾਹੀਦਾ ਹੈ ਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਉਹ ਅਬੋਹਰ ਦੇ ਲੋਕਾਂ ਦੇ ਅਧਿਕਾਰਾਂ ਲਈ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰਦੇ ਰਹਿਣਗੇ।