ਨਸ਼ਿਆਂ ਦੇ ਹਨੇਰੇ ਨੂੰ ਮਿਟਾਉਣ ਲਈ ਪਿੰਡਾਂ ’ਚ ਵਿਕਾਸ ਦੀ ਰੌਸ਼ਨੀ ਫੈਲਾਏਗਾ ਫ਼ਾਜ਼ਿਲਕਾ ਪ੍ਰਸ਼ਾਸਨ
ਫ਼ਾਜ਼ਿਲਕਾ, 13 ਅਕਤੂਬਰ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਸਬੰਧੀ ਸਿਵਲ ਅਤੇ ਪੁਲਿਸ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ਵਿਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐੱਸ.
ਫ਼
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਸਿਵਲ ਅਤੇ ਪੁਲਿਸ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ
14-10-2026
ਫ਼ਾਜ਼ਿਲਕਾ, 13 ਅਕਤੂਬਰ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਸਬੰਧੀ ਸਿਵਲ ਅਤੇ ਪੁਲਿਸ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ਵਿਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐੱਸ.ਐੱਸ.ਪੀ ਗਗਨਜੀਤ ਸਿੰਘ ਨੇ ਸ਼ਿਰਕਤ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਅਤੇ ਪਿੰਡਾਂ ਵਿਚ ਸਿਹਤਮੰਦ ਸਮਾਜਿਕ ਮਾਹੌਲ ਸਿਰਜਣ ’ਤੇ ਜ਼ੋਰ ਦਿੱਤਾ । ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਦੇ 21 ਪਿੰਡਾਂ ਵਿਚ 21 ਹੌਟਸਪੌਟ ਚਿੰਨ੍ਹਿਤ ਕੀਤੇ ਜਾਣਗੇ, ਜਿੱਥੇ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਯੋਜਨਾਬੰਦੀ ਕਰਕੇ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਦਾ ਮਕਸਦ ਸਿਰਫ਼ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਖੇਡਾਂ, ਸਭਿਆਚਾਰਕ ਸਰਗਰਮੀਆਂ ਅਤੇ ਉਸਾਰੂ ਸਮਾਜਿਕ ਗਤੀਵਿਧੀਆਂ ਨਾਲ ਜੋੜਨਾ ਵੀ ਹੈ। ਪਿੰਡਾਂ ਵਿਚ ਨੌਜਵਾਨਾਂ ਲਈ ਖੇਡ ਸਹੂਲਤਾਂ ਵਿਕਸਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤਹਿਤ ਪਾਰਕਾਂ ਦੀ ਉਸਾਰੀ ਅਤੇ ਵਿਕਾਸ ਲਈ ਫ਼ੰਡ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਾਲੀਬਾਲ ਦੇ ਮੈਦਾਨ ਵੀ ਤਿਆਰ ਕੀਤੇ ਜਾ ਸਕਦੇ ਹਨ। ਪਿੰਡਾਂ ਦੀ ਸੁੰਦਰਤਾ ਵਧਾਉਣ, ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਵਾਤਾਵਰਨ ਪੱਖੀ ਗਤੀਵਿਧੀਆਂ ਚਲਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ, ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਭਿਆਚਾਰਕ ਪ੍ਰੋਗਰਾਮ ਕਰਵਾਉਣ ਦੀ ਯੋਜਨਾ ਵੀ ਉਲੀਕੀ ਜਾਵੇਗੀ। ਮੀਟਿੰਗ ਵਿਚ ਪਿੰਡਾਂ ਦੇ ਉਨ੍ਹਾਂ ਸੁੰਨਸਾਨ ਅਤੇ ਖੰਡਰ ਇਮਾਰਤਾਂ ਵਾਲੇ ਸਥਾਨਾਂ ਦੀ ਪਛਾਣ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ, ਜਿੱਥੇ ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਲੁਕਣ ਦੀ ਸੰਭਾਵਨਾ ਹੋ ਸਕਦੀ ਹੈ। ਅਜਿਹੀਆਂ ਥਾਵਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ (ਬੀ.ਡੀ.ਓ.ਜ਼) ਨੂੰ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਜਾਵੇਗਾ। ਜਿੱਥੇ ਜ਼ਰੂਰੀ ਹੋਵੇ, ਉੱਥੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਵੀ ਕੀਤੀ ਜਾਵੇਗੀ। ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨੇ ਸੁਝਾਅ ਦਿੱਤਾ ਕਿ ਪ੍ਰਭਾਵਿਤ ਪਿੰਡਾਂ ਵਿਚ ਮੈਡੀਕਲ ਕੈਂਪ ਲਗਾਏ ਜਾਣ, ਤਾਂ ਜੋ ਲੋੜਵੰਦ ਵਿਅਕਤੀਆਂ ਦੀ ਸਿਹਤ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਲਾਜ ਅਤੇ ਨਸ਼ਾ ਛੁਡਾਊ ਸਹੂਲਤਾਂ ਨਾਲ ਜੋੜਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਬੰਧਿਤ ਸਿਵਲ ਵਿਭਾਗਾਂ, ਖੇਡ ਵਿਭਾਗ ਅਤੇ ਹੋਰ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕਾਰਜ ਯੋਜਨਾ ਤਿਆਰ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਾਸਨ, ਪੁਲਿਸ ਅਤੇ ਪਿੰਡਾਂ ਦੇ ਲੋਕਾਂ ਦੀ ਸਾਂਝੀ ਭੂਮਿਕਾ ਅਹਿਮ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨ. ਡਾ. ਮਨਦੀਪ ਕੌਰ, ਐੱਸ.ਡੀ.ਐੱਮ.ਕੰਵਰਜੀਤ ਸਿੰਘ, ਐੱਸ.ਡੀ.ਐੱਮ. ਜੁਗਰਾਜ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।