ਮਾਹਿਰ ਡਾਕਟਰਾਂ ਦੀ ਮਦਦ ਨਾਲ ਬਿਨਾਂ ਤਕਲੀਫ਼ ਤੋਂ ਛੱਡਿਆ ਜਾ ਸਕਦੈ ਨਸ਼ਾ-ਡਾ. ਕਵਿਤਾ ਸਿੰਘ
ਫ਼ਾਜ਼ਿਲਕਾ, 3 ਨਵੰਬਰ(ਦਵਿੰਦਰ ਪਾਲ ਸਿੰਘ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦਾ ਮੁਫ਼ਤ ਇਲਾਜ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਫ਼ਾਜ਼ਿਲਕਾ, 3 ਨਵੰਬਰ(ਦਵਿੰਦਰ ਪਾਲ ਸਿੰਘ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦਾ ਮੁਫ਼ਤ ਇਲਾਜ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਫ਼ਾਜ਼ਿਲਕਾ ਅਤੇ ਅਬੋਹਰ ਵਿਖੇ ਨਸ਼ਾ ਛੁਡਾਊ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿਚ ਨਸ਼ਾ ਪੀੜਤਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਬਿਲਕੁਲ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇੱਥੇ ਦਵਾਈਆਂ ਅਤੇ ਲੋੜੀਂਦੇ ਮੈਡੀਕਲ ਟੈੱਸਟਾਂ ਦੀ ਸਹੂਲਤ ਵੀ ਮੁਫ਼ਤ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀ ਨੂੰ 5 ਤੋਂ 15 ਦਿਨਾਂ ਤੱਕ ਕੇਂਦਰ ਵਿਚ ਦਾਖ਼ਲ ਰੱਖ ਕੇ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਡਾਕਟਰਾਂ ਦੀ ਸਲਾਹ ਅਨੁਸਾਰ ਦਵਾਈਆਂ ਲੈ ਕੇ ਘਰ ਰਹਿੰਦਿਆਂ ਵੀ ਨਸ਼ਾ ਛੱਡਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਨਸ਼ਾ ਪੀੜਤ ਵਿਅਕਤੀ ਜੱਟਵਾਲੀ ਸਥਿਤ ਪੁਨਰਵਾਸ ਕੇਂਦਰ ਵਿਚ ਵੀ ਦਾਖ਼ਲ ਹੋ ਸਕਦਾ ਹੈ, ਜਿੱਥੇ ਉਸ ਨੂੰ ਮੈਡੀਕਲ ਸਹਾਇਤਾ ਦੇ ਨਾਲ-ਨਾਲ ਮਾਹਿਰ ਕੌਂਸਲਰਾਂ ਵੱਲੋਂ ਰੋਜ਼ਾਨਾ ਕਾਊਂਸਲਿੰਗ ਦਿੱਤੀ ਜਾਂਦੀ ਹੈ। ਇਸ ਕੇਂਦਰ ਵਿਚ ਵਿਅਕਤੀ 2 ਤੋਂ 6 ਮਹੀਨਿਆਂ ਤੱਕ ਰਹਿ ਸਕਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਸ ਨੂੰ ਕਿੱਤਾਮੁਖੀ ਸਿਖਲਾਈ ਅਤੇ ਰੁਜ਼ਗਾਰ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ.ਏਰਿਕ ਨੇ ਦੱਸਿਆ ਕਿ ਜਿਹੜੇ ਵਿਅਕਤੀ ਹਸਪਤਾਲ ਵਿਚ ਦਾਖ਼ਲ ਹੋਏ ਬਿਨਾਂ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਲਈ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਵਲੋਂ 10 ਓਟ ਸੈਂਟਰ ਚਲਾਏ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਵਿਚ ਨਸ਼ਾ ਪੀੜਤਾਂ ਨੂੰ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾਂਦੀ ਹੈ। ਇਹ ਕੇਂਦਰ ਅਬੋਹਰ, ਫ਼ਾਜ਼ਿਲਕਾ, ਸੀਤੋ ਗੁੰਨੋ੍ਹ, ਜਲਾਲਾਬਾਦ, ਖੂਈ ਖੇੜਾ, ਡੱਬਵਾਲਾ ਕਲਾਂ, ਜੰਡਵਾਲਾ ਭੀਮੇਸ਼ਾਹ, ਕਰਨੀ ਖੇੜਾ, ਵਹਾਬਵਾਲਾ ਅਤੇ ਜ਼ਿਲ੍ਹਾ ਜੇਲ੍ਹ ਫ਼ਾਜ਼ਿਲਕਾ ਵਿਚ ਕਾਰਜਸ਼ੀਲ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 2 ਸਰਕਾਰੀ ਅਤੇ 4 ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ਸਮੇਤ ਇਕ ਪੁਨਰਵਾਸ ਕੇਂਦਰ ਵੀ ਚਲਾਇਆ ਜਾ ਰਿਹਾ ਹੈ। ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਜਨਵਰੀ 2026 ਤੋਂ ਹੁਣ ਤੱਕ ਨਸ਼ਾ ਛੱਡਣ ਦੇ ਚਾਹਵਾਨ 5076 ਵਿਅਕਤੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ। ਇਸ ਸਮੇਂ ਦੌਰਾਨ 879 ਮਰੀਜ਼ਾਂ ਨੂੰ ਪੁਨਰਵਾਸ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ, ਜਦਕਿ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿਚ 22043 ਨਸ਼ਾ ਪੀੜਤਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ। ਇਸ ਤੋਂ ਇਲਾਵਾ 437 ਮਰੀਜ਼ਾਂ ਨੂੰ ਦਾਖ਼ਲ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਬਾਹਰ ਕੱਢਣ ਅਤੇ ਮੁੜ ਸਮਾਜ ਵਿਚ ਆਮ ਜੀਵਨ ਬਤੀਤ ਕਰਨ ਯੋਗ ਬਣਾਉਣ ਦੇ ਯਤਨ ਕੀਤੇ ਗਏ। ਅਧਿਕਾਰੀਆਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ, ਸੰਗਤ ਅਤੇ ਵਿਵਹਾਰ ਵਿਚ ਆਉਣ ਵਾਲੀਆਂ ਤਬਦੀਲੀਆਂ ਵੱਲ ਵਿਸ਼ੇਸ਼ ਧਿਆਨ ਦੇਣ। ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ, ਉਨ੍ਹਾਂ ਦੇ ਅਧਿਆਪਕਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ। ਇਸ ਦੇ ਨਾਲ ਹੀ ਨਸ਼ਾ ਵੇਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ ਦੀ ਅਪੀਲ ਵੀ ਕੀਤੀ ਗਈ। ਡਰੱਗ ਬਰਾਂਚ ਵਲੋਂ ਕੀਤੀ ਗਈ ਕਾਰਵਾਈ ਤਹਿਤ ਕੁੱਲ 319 ਇੰਸਪੈਕਸ਼ਨਾਂ ਕੀਤੀਆਂ ਗਈਆਂ ਅਤੇ 65 ਸੈਂਪਲ ਲਏ ਗਏ। ਇਸ ਦੌਰਾਨ 20 ਮੈਡੀਕਲ ਲਾਇਸੈਂਸ ਮੁਅੱਤਲ ਕੀਤੇ ਗਏ ਅਤੇ 8 ਤਰ੍ਹਾਂ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ, ਜਿਨ੍ਹਾਂ ਦੀ ਕੁੱਲ ਕੀਮਤ 14 ਲੱਖ 32 ਹਜ਼ਾਰ 506 ਰੁਪਏ ਦੱਸੀ ਗਈ ਹੈ।