ਪ੍ਰਿੰਸੀਪਲ ਪਰਵਿੰਦਰ ਜੀਤ ਕੌਰ ਨੇ ਅਧਿਆਪਕਾਂ ਅਤੇ ਚੌਥਾ ਦਰਜਾ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਵੰਡੇ
ਜਲਾਲਾਬਾਦ, 10 ਨਵੰਬਰ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਖ਼ੁਸ਼ੀ ਨਾਲ ਵਿਸ਼ੇਸ਼ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ‘ਗਰੀਨ ਦੀਵਾਲੀ’ ਮਨਾਉਂਦਿਆਂ ਵਾਤਾਵਰਨ ਦੀ ਸੰਭਾਲ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੁਨੇਹਾ ਦਿੱਤਾ ਗਿਆ।
ਜਲਾਲਾਬਾਦ, 10 ਨਵੰਬਰ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਖ਼ੁਸ਼ੀ ਨਾਲ ਵਿਸ਼ੇਸ਼ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ‘ਗਰੀਨ ਦੀਵਾਲੀ’ ਮਨਾਉਂਦਿਆਂ ਵਾਤਾਵਰਨ ਦੀ ਸੰਭਾਲ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੁਨੇਹਾ ਦਿੱਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦਾ ਸੰਕਲਪ ਲਿਆ। ਇਸ ਮੌਕੇ ਬੱਚਿਆਂ ਨੂੰ ਰੁੱਖਾਂ ਅਤੇ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਅਤੇ ਕੁਦਰਤੀ ਸੰਤੁਲਨ ਬਣਾਈ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਪਰਹੇਜ਼ ਕਰਨ ਅਤੇ ਤਿਉਹਾਰਾਂ ਨੂੰ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਖ਼ੁਸ਼ੀ ਦੇ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪਰਵਿੰਦਰ ਜੀਤ ਕੌਰ ਵਲੋਂ ਸਮੂਹ ਅਧਿਆਪਕਾਂ ਦੇ ਨਾਲ-ਨਾਲ ਚੌਥਾ ਦਰਜਾ ਕਰਮਚਾਰੀਆਂ ਨੂੰ ਵੀ ਦੀਵਾਲੀ ਦੇ ਤੋਹਫ਼ੇ ਵੰਡੇ ਗਏ। ਉਨ੍ਹਾਂ ਨੇ ਸਕੂਲ ਵਿਚ ਸੇਵਾਵਾਂ ਨਿਭਾਉਣ ਵਾਲੀਆਂ ਸਹਾਇਕ ਮਹਿਲਾ ਕਰਮਚਾਰੀਆਂ, ਡਰਾਈਵਰਾਂ ਅਤੇ ਕੰਡਕਟਰਾਂ ਸਮੇਤ ਸਮੂਹ ਸਟਾਫ਼ ਦੀ ਮਿਹਨਤ ਅਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਤਿਉਹਾਰ ਦੀਆਂ ਖ਼ੁਸ਼ੀਆਂ ਸਾਰਿਆਂ ਨਾਲ ਸਾਂਝੀਆਂ ਕੀਤੀਆਂ। ਪ੍ਰਿੰਸੀਪਲ ਸ਼੍ਰੀਮਤੀ ਪਰਵਿੰਦਰ ਜੀਤ ਕੌਰ ਨੇ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਦਾ ਤਿਉਹਾਰ ਹੀ ਨਹੀਂ ਸਗੋਂ ਖ਼ੁਸ਼ੀਆਂ ਵੰਡਣ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਨਾਲ- ਨਾਲ ਸਮਾਜ ਅਤੇ ਵਾਤਾਵਰਨ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਵੀ ਮੌਕਾ ਹੈ। ਸਾਨੂੰ ਅਜਿਹੇ ਤਰੀਕੇ ਨਾਲ ਤਿਉਹਾਰ ਮਨਾਉਣੇ ਚਾਹੀਦੇ ਹਨ, ਜਿਸ ਨਾਲ ਵਾਤਾਵਰਨ ਨੂੰ ਨੁਕਸਾਨ ਨਾ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਵਾਤਾਵਰਨ ਮਿਲ ਸਕੇ। ਸਕੂਲ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ।