ਕੱਲ੍ਹ ਦੀ ਮੀਟਿੰਗ ’ਚ ਹੱਲ ਨਾ ਨਿਕਲਿਆ ਤਾਂ 14 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਦੇਣਗੇ ਵੋਕੇਸ਼ਨਲ ਅਧਿਆਪਕ
ਜਲਾਲਾਬਾਦ, 10 ਨਵੰਬਰ (ਜਤਿੰਦਰ ਪਾਲ ਸਿੰਘ)-ਕੌਮੀ ਹੁਨਰ ਯੋਗਤਾ ਢਾਂਚਾ ਵੋਕੇਸ਼ਨਲ ਟੀਚਰ ਫ਼ਰੰਟ ਪੰਜਾਬ ਵਲ਼ੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕਰਦਿਆਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਕਾਲੀ ਦੀਵਾਲੀ ਮਨਾਈ ਗਈ ਅਤੇ ਫ਼ਰੰਟ ਦੇ ਆਗੂਆਂ ਨੇ ਸਰਕਾਰ ਵਲ਼ੋਂ ਵੋਕੇਸ਼ਨਲ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ’ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ। ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਕੌਮੀ ਹੁਨਰ ਢਾਂਚਾ ਵੋਕੇਸ਼ਨਲ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਨੌਕਰੀ ਦੀ ਸੁਰੱਖਿਆ, ਸਿੱਖਿਆ ਵਿਭਾਗ ਵਿਚ ਸ਼ਮੂਲੀਅਤ, ਤਨਖ਼ਾਹਾਂ ਵਿਚ ਵਾਧੇ ਅਤੇ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ।
ਜਲਾਲਾਬਾਦ, 10 ਨਵੰਬਰ (ਜਤਿੰਦਰ ਪਾਲ ਸਿੰਘ)-ਕੌਮੀ ਹੁਨਰ ਯੋਗਤਾ ਢਾਂਚਾ ਵੋਕੇਸ਼ਨਲ ਟੀਚਰ ਫ਼ਰੰਟ ਪੰਜਾਬ ਵਲ਼ੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕਰਦਿਆਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਕਾਲੀ ਦੀਵਾਲੀ ਮਨਾਈ ਗਈ ਅਤੇ ਫ਼ਰੰਟ ਦੇ ਆਗੂਆਂ ਨੇ ਸਰਕਾਰ ਵਲ਼ੋਂ ਵੋਕੇਸ਼ਨਲ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ’ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ। ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਕੌਮੀ ਹੁਨਰ ਢਾਂਚਾ ਵੋਕੇਸ਼ਨਲ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਨੌਕਰੀ ਦੀ ਸੁਰੱਖਿਆ, ਸਿੱਖਿਆ ਵਿਭਾਗ ਵਿਚ ਸ਼ਮੂਲੀਅਤ, ਤਨਖ਼ਾਹਾਂ ਵਿਚ ਵਾਧੇ ਅਤੇ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਭਰੋਸਿਆਂ ਤੋਂ ਇਲਾਵਾ ਅਧਿਆਪਕਾਂ ਦੇ ਪੱਲੇ ਕੁੱਝ ਨਹੀਂ ਪਿਆ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਅੱਜ ਵੀ ਆਪਣੀ ਨੌਕਰੀ ਦੇ ਭਵਿੱਖ ਅਤੇ ਆਰਥਿਕ ਸੁਰੱਖਿਆ ਸਬੰਧੀ ਚਿੰਤਾ ਬਣੀ ਹੋਈ ਹੈ। ਫ਼ਰੰਟ ਵਲ਼ੋਂ ਕਾਲੀ ਦੀਵਾਲੀ ਮਨਾਉਣ ਮੌਕੇ ਐਲਾਨ ਕੀਤਾ ਗਿਆ ਸੀ ਕਿ 12 ਨਵੰਬਰ ਨੂੰ ਸਬ-ਕਮੇਟੀ ਨਾਲ ਹੋਣ ਵਾਲੀ ਮੀਟਿੰਗ ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਲਈ ਅਹਿਮ ਸਾਬਤ ਹੋਵੇਗੀ। ਜੇਕਰ ਇਸ ਮੀਟਿੰਗ ਦੌਰਾਨ ਖ਼ਾਸ ਕਰਕੇ ਨੌਕਰੀ ਦੀ ਸੁਰੱਖਿਆ ਅਤੇ ਤਨਖ਼ਾਹ ਦੇ ਮਸਲੇ ਸਬੰਧੀ ਕੋਈ ਠੋਸ ਅਤੇ ਲਿਖਤੀ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ 14 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਧਰਨਾ ਅਤੇ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਸਪਸ਼ਟ ਕੀਤਾ ਕਿ ਹੁਣ ਅਧਿਆਪਕ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਸੰਤੁਸ਼ਟ ਹੋਣ ਵਾਲੇ ਨਹੀਂ ਹਨ, ਸਗੋਂ ਉਹ ਆਪਣੀਆਂ ਮੰਗਾਂ ਦਾ ਪੱਕਾ ਹੱਲ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ 12 ਨਵੰਬਰ ਦੀ ਮੀਟਿੰਗ ਬੇ ਨਤੀਜਾ ਰਹਿੰਦੀ ਹੈ ਤਾਂ 14 ਨਵੰਬਰ ਨੂੰ ਹੋਣ ਵਾਲੇ ਸੰਘਰਸ਼ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ। ਇਸ ਦੇ ਨਾਲ ਹੀ ਫ਼ਰੰਟ ਵਲ਼ੋਂ ਪੰਜਾਬ ਭਰ ਦੇ ਸਮੂਹ ਕੌਮੀ ਹੁਨਰ ਢਾਂਚਾ ਵੋਕੇਸ਼ਨਲ ਅਧਿਆਪਕਾਂ ਨੂੰ 14 ਨਵੰਬਰ ਦੇ ਸੰਘਰਸ਼ ਲਈ ਤਿਆਰ ਰਹਿਣ ਅਤੇ ਵੱਡੀ ਗਿਣਤੀ ਵਿਚ ਸੰਗਰੂਰ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਮੌਕੇ ਭਾਰਤੀ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਵੀ ਅਧਿਆਪਕਾਂ ਦੇ ਹੱਕੀ ਸੰਘਰਸ਼ ਵਿਚ ਸਾਥ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਸੁਖਰਾਜਵੀਰ ਸਿੰਘ ਤਰਨਤਾਰਨ ਸਮੇਤ ਫ਼ਰੰਟ ਦੇ ਹੋਰ ਆਗੂ ਅਤੇ ਅਧਿਆਪਕ ਸਾਥੀ ਹਾਜ਼ਰ ਸਨ।