ਚਾਚਾ ਨਹਿਰੂ ਦੀ ਵੇਸ-ਭੂਸ਼ਾ ਵਿਚ ਸਜ ਕੇ ਸਕੂਲ ਪਹੁੰਚੇ ਨੰਨ੍ਹੇ-ਮੁੰਨੇ ਬੱਚੇ
ਅਬੋਹਰ, 14 ਨਵੰਬਰ (ਵਿਵੇਕ ਹੂੜੀਆ)-ਏਂਜਲਜ਼ ਵਰਲਡ ਪਲੇਅ-ਵੇਅ ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।
ਅਬੋਹਰ, 14 ਨਵੰਬਰ (ਵਿਵੇਕ ਹੂੜੀਆ)-ਏਂਜਲਜ਼ ਵਰਲਡ ਪਲੇਅ-ਵੇਅ ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਕਈ ਬੱਚੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਤਰ੍ਹਾਂ ਚਾਚਾ ਨਹਿਰੂ ਦੀ ਵੇਸ-ਭੂਸ਼ਾ ਵਿਚ ਸਜ-ਧਜ ਕੇ ਸਕੂਲ ਪਹੁੰਚੇ। ਬੱਚਿਆਂ ਦਾ ਇਹ ਮਨਮੋਹਕ ਰੂਪ ਸਮਾਗਮ ਦਾ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ, ਉਨ੍ਹਾਂ ਦੀ ਸ਼ਖ਼ਸੀਅਤ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਵਿਸ਼ੇਸ਼ ਪਿਆਰ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਦੱਸਿਆ ਕਿ ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ ਅਤੇ ਬੱਚੇ ਵੀ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਉਨ੍ਹਾਂ ਦੇ ਜਨਮ ਦਿਵਸ 14 ਨਵੰਬਰ ਨੂੰ ਦੇਸ਼ ਭਰ ਵਿਚ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਸਿੱਖਿਆ, ਅਨੁਸ਼ਾਸਨ, ਮਿਹਨਤ ਅਤੇ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਮਹੱਤਤਾ ਬਾਰੇ ਵੀ ਸਮਝਾਇਆ ਗਿਆ। ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਗਿਆ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਰਚਨਾਤਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣਾ ਵੀ ਬੇਹੱਦ ਜ਼ਰੂਰੀ ਹੈ। ਸਮਾਗਮ ਦੌਰਾਨ ਬੱਚਿਆਂ ਨੇ ਖ਼ੂਬ ਅਨੰਦ ਮਾਣਿਆ ਅਤੇ ਸਕੂਲ ਦਾ ਸਮੁੱਚਾ ਮਾਹੌਲ ਖ਼ੁਸ਼ੀਆਂ ਤੇ ਉਤਸ਼ਾਹ ਨਾਲ ਭਰਿਆ ਰਿਹਾ।