ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਇਆ
ਜਲਾਲਾਬਾਦ, 24 ਨਵੰਬਰ (ਜਸਕਰਨ ਸਿੰਘ ਤਨੇਜਾ) ਪਹਿਲੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਧਾਰਮਿਕ ਦੀਵਾਨ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਭਰਵੀਂ ਹਾਜ਼ਰੀ ਰਹੀ ਅਤੇ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ।
ਜਲਾਲਾਬਾਦ, 24 ਨਵੰਬਰ (ਜਸਕਰਨ ਸਿੰਘ ਤਨੇਜਾ) ਪਹਿਲੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਧਾਰਮਿਕ ਦੀਵਾਨ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਭਰਵੀਂ ਹਾਜ਼ਰੀ ਰਹੀ ਅਤੇ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ। ਧਾਰਮਿਕ ਦੀਵਾਨ ਦੌਰਾਨ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਨੇ ਰਸ-ਭਿੰਨੀ ਆਵਾਜ਼ ਵਿਚ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਹਜ਼ੂਰੀ ਕਥਾਵਾਚਕ ਭਾਈ ਹਰਪਾਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮੁੱਚੀ ਮਨੁੱਖਤਾ ਨੂੰ ਦਿੱਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਬਾਰੇ ਵਿਸਥਾਰਪੂਰਵਕ ਕਥਾ ਕੀਤੀ। ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਸਚਾਈ, ਇਮਾਨਦਾਰੀ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸੇਵਾ, ਨਿਮਰਤਾ ਅਤੇ ਮਿਲਵਰਤਨ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਕਰਦੀਆਂ ਹਨ। ਧਾਰਮਿਕ ਦੀਵਾਨ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸੰਗਤਾਂ ਨੇ ਪੰਗਤ ਵਿਚ ਬੈਠ ਕੇ ਗੁਰੂ ਕਾ ਲੰਗਰ ਛਕਿਆ ਅਤੇ ਸੇਵਾ ਵਿਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਮੁੱਖ ਸੇਵਾਦਾਰ ਸੰਪੂਰਨ ਸਿੰਘ ਤੋਂ ਇਲਾਵਾ ਬਿੱਟੂ ਬੱਬਰ, ਮਿੱਠੂ ਕੁੱਕੜ, ਗੁਰਦੀਪ ਸਿੰਘ ਤਨੇਜਾ, ਬਿੰਤਾ ਬੱਬਰ, ਜਸਵਿੰਦਰ ਸਿੰਘ, ਲਾਡੀ ਦਰਗਨ, ਸੋਨੂੰ ਦਰਗਨ, ਸ਼ੰਟੀ ਦਰਗਨ ਅਤੇ ਸੁਰਜੀਤ ਦਰਗਨ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ।