ਪੰਜਾਬੀ ਅਧਿਐਨ ਸਕੂਲ ਵਲੋਂ ਅੰਮ੍ਰਿਤਸਰ ਦੇ 450 ਸਾਲਾ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ ਕਰਵਾਇਆ
ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.)
ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਰਹਿਨੁਮਾਈ ਅਤੇ ਦੀ ਅਗਵਾਈ ਹੇਠ ਪੰਜਾਬੀ ਅਧਿਐਨ ਸਕੂਲ ਵਲੋਂ ਅੰਮ੍ਰਿਤਸਰ ਸ਼ਹਿਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ‘ਵਿਰਾਸਤ: ਸਿਰਜਣਾ, ਮੁੱਲ ਅਤੇ ਮਹੱਤਵ’ ਵਿਸ਼ੇ ’ਤੇ ਕਰਵਾਏ ਇਸ ਭਾਸ਼ਣ ਵਿਚ ਮੁੱਖ ਵਕਤਾ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ‘ਪ੍ਰੋਫੈਸਰ ਆਫ਼ ਐਮੀਨੈਂਸ’ ਪ੍ਰੋ. ਜਸਵਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਨੇ ਸਵਾਗਤੀ ਸ਼ਬਦਾਂ ਵਿਚ ਕਿਹਾ ਕਿ ਪ੍ਰੋ. ਜਸਵਿੰਦਰ ਸਿੰਘ ਦਾ ਸ਼ੁਮਾਰ ਪੰਜਾਬੀ ਭਾਸ਼ਾ ਦੇ ਸੰਜੀਦਾ ਅਧਿਆਪਕਾਂ ਵਿਚ ਹੁੰਦਾ ਹੈ। ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ‘ਪ੍ਰੋਫੈਸਰ ਆਫ਼ ਐਮੀਨੈਂਸ’ ਨਿਯੁਕਤ ਕਰਨ ਉੱਤੇ ਮੁਬਾਰਕਬਾਦ ਭੇਟ ਕੀਤੀ। ਮੁੱਖ ਵਕਤਾ ਪ੍ਰੋ. ਜਸਵਿੰਦਰ ਸਿੰਘ ਨੇ ਆਪਣੇ ਭਾਸ਼ਣ ਵਿਚ ‘ਵਿਰਾਸਤ’ ਸ਼ਬਦ ਦੇ ਅਰਥਾਂ ਅਤੇ ਮਹੱਤਵ ਬਾਰੇ ਵਿਸਥਾਰ ਵਿਚ ਚਰਚਾ ਕੀਤੀ। ਪ੍ਰੋ. ਜਸਵਿੰਦਰ ਸਿੰਘ ਦੇ ਸੁਪਤਨੀ ਅਤੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਮੁਖੀ ਅਤੇ ਡੀਨ ਭਾਸ਼ਾਵਾਂ ਡਾ. ਧਨਵੰਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਇਸ ਮੌਕੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।ਅੰਤ ਵਿਚ ਡਾ. ਮੇਘਾ ਸਲਵਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਡਾ. ਸਿਮਰਨਜੀਤ ਸਿੰਘ ਨੇ ਨਿਭਾਈ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ, ਖੋਜਾਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ।