ਇਮਾਨਦਾਰੀ ਨਾਲ ਕੰਮ ਕਰ ਰਹੇ ਆਰ. ਐੱਮ. ਪੀ. ਡਾਕਟਰਾਂ ਨੂੰ ਬਿਨਾਂ ਵਜ੍ਹਾ ਤੰਗ ਨਾ ਕਰੇ ਪੁਲਿਸ, ਮੈਡੀਕਲ ਐਸੋਸੀਏਸ਼ਨ ਨੇ ਚੁੱਕੀ ਆਵਾਜ਼
ਰਾਜਾਸਾਂਸੀ, 18 ਨਵੰਬਰ (ਹਰਦੀਪ ਸਿੰਘ ਖੀਵਾ)-ਪਿੰਡ ਮੀਰਾਂਕੋਟ ਕਲਾਂ ਵਿਖੇ ਆਰ. ਐੱਮ.
ਰਾਜਾਸਾਂਸੀ, 18 ਨਵੰਬਰ (ਹਰਦੀਪ ਸਿੰਘ ਖੀਵਾ)-ਪਿੰਡ ਮੀਰਾਂਕੋਟ ਕਲਾਂ ਵਿਖੇ ਆਰ. ਐੱਮ. ਪੀ. ਮੈਡੀਕਲ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਕੁਲਦੀਪ ਸਿੰਘ ਪੰਨੂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪੁਲਿਸ ਵਲੋਂ ਆਰ. ਐੱਮ. ਪੀ. ਡਾਕਟਰਾਂ ਨੂੰ ਕਥਿਤ ਤੌਰ ’ਤੇ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਕੀਤੇ ਜਾਣ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ। ਯੂਨੀਅਨ ਨੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਕਿ ਇਮਾਨਦਾਰੀ ਅਤੇ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਆਪਣਾ ਕੰਮ ਕਰ ਰਹੇ ਆਰ. ਐੱਮ. ਪੀ. ਡਾਕਟਰਾਂ ਨੂੰ ਬਿਨਾਂ ਕਿਸੇ ਠੋਸ ਕਾਰਨ ਦੇ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਲਤ ਕੰਮ ਕਰਨ ਵਾਲਿਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ, ਪਰ ਬੇਕਸੂਰ ਡਾਕਟਰਾਂ ਨੂੰ ਬੇਵਜ੍ਹਾ ਨਿਸ਼ਾਨਾ ਨਾ ਬਣਾਇਆ ਜਾਵੇ। ਮੀਟਿੰਗ ਦੌਰਾਨ ਯੂਨੀਅਨ ਨੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਵੀ ਸਖ਼ਤ ਰੁਖ਼ ਅਪਣਾਉਂਦਿਆਂ ਸਪੱਸ਼ਟ ਕੀਤਾ ਕਿ ਜੇਕਰ ਐਸੋਸੀਏਸ਼ਨ ਦਾ ਕੋਈ ਵੀ ਮੈਂਬਰ ਨਸ਼ੀਲੀਆਂ ਗੋਲੀਆਂ ਜਾਂ ਹੋਰ ਨਸ਼ੀਲੇ ਪਦਾਰਥ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਪ੍ਰਧਾਨ ਡਾ. ਕੁਲਦੀਪ ਸਿੰਘ ਪੰਨੂ ਨੇ ਕਿਹਾ ਕਿ ਯੂਨੀਅਨ ਨਸ਼ਾ ਵੇਚਣ ਵਾਲਿਆਂ ਦੇ ਸਖ਼ਤ ਖ਼ਿਲਾਫ਼ ਹੈ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਿਲ ਡਾਕਟਰਾਂ ਨੂੰ ਸਖ਼ਤ ਤਾੜਨਾ ਕੀਤੀ ਜਾਂਦੀ ਹੈ। ਇਸ ਮੌਕੇ ਗਗਨਪ੍ਰੀਤ ਕੌਰ ਲੁਹਾਰਕਾ, ਸਰਬਜੀਤ ਕੌਰ ਗੁਮਟਾਲਾ, ਸਰਬਜੀਤ ਕੌਰ ਹਮਜਾ, ਡਾ. ਬ੍ਰਹਮਦਾਸ ਨੰਗਲੀ, ਡਾ. ਬਲਦੇਵ ਸਿੰਘ ਹੀਰਾ ਨਾਗ ਕਲਾਂ, ਡਾ. ਗੁਰਨੇਕ ਸਿੰਘ ਕੰਬੋਅ ਸਮੇਤ ਹੋਰ ਮੈਂਬਰ ਹਾਜ਼ਰ ਸਨ।