ਅੰਮ੍ਰਿਤਸਰ ਦੇ ਨਵ-ਨਿਯੁਕਤ ਸੀ. ਪੀ. ਚਾਹਲ ਤੇ ਐੱਸ.ਐੱਸ.ਪੀ. ਡਾ: ਪ੍ਰਗਿਆ ਨੇ ਅਹੁਦੇ ਸੰਭਾਲੇ
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)- ਡੀ. ਆਈ.
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)- ਡੀ.ਆਈ.ਜੀ. ਪਟਿਆਲਾ ਰੇਂਜ ਤੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਿਯੁਕਤ ਹੋਏ ਕੁਲਦੀਪ ਸਿੰਘ ਚਾਹਲ ਤੇ ਐੱਸ.ਐੱਸ.ਪੀ. ਦਿਹਾਤੀ ਪ੍ਰਗਿਆ ਜੈਨ ਨੇ ਅੱਜ ਆਪੋ ਆਪਣੇ ਅਹੁਦਿਆਂ ਦਾ ਕਾਰਜ਼ਭਾਰ ਸੰਭਾਲ ਲਿਆ ਹੈ, ਜਿਨ੍ਹਾਂ ਨੂੰ ਪੁਲਿਸ ਦੀ ਟੁਕੜੀ ਵਲੋਂ ਰਸਮੀਂ ਸਲਾਮੀ ਦਿੱਤੀ ਗਈ ਤੇ ਦੋਵੇਂ ਅਧਿਕਾਰੀ ਅਹੁਦਾ ਸੰਭਾਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਗੁਰੂ ਨਗਰੀ ’ਚ ਇਮਾਨਦਾਰੀ ਨਾਲ ਸੇਵਾ ਤੇ ਸ਼ਹਿਰ ਦੀ ਕਾਨੂੰਨ ਵਿਵਸਥਾ ਲਈ ਯਤਨਸ਼ੀਲ ਰਹਾਂਗਾ : ਸੀ. ਪੀ. ਅੱਜ ਇੱਥੇ ਆਪਣੇ ਦਫਤਰ ਵਿਖੇ ਅਹੁਦਾ ਸੰਭਾਲਣ ਉਪਰੰਤ ਸੀ.ਪੀ. ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਅਤੇ ਸੁਭਾਗ ਦੀ ਗੱਲ ਹੈ। ਉਹ 2012 ’ਚ ਵੀ ਇਥੇ ਬਤੌਰ ਏ.ਐੱਸ.ਪੀ. ਲੱਗੇ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਗੁਰੂ ਨਗਰੀ ਦੇ ਲੋਕਾਂ ਦੀ ਸੇਵਾ ਕਰਨ ਅਤੇ ਸ਼ਹਿਰ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਰਹਿਣਗੇ। ਆਪਣੀਆਂ ਮੁੱਖ ਤਰਜੀਹਾਂ ਬਾਰੇ ਗੱਲ ਕਰਦਿਆਂ ਕਮਿਸ਼ਨਰ ਪੁਲਿਸ ਨੇ ਕਿਹਾ ਕਿ ਸ਼ਹਿਰ ਵਿਚ ਅਪਰਾਧਾਂ ਦਾ ਖਾਤਮਾ ਕਰਨਾ, ਮਾੜੇ ਅਨਸਰਾਂ ਨੂੰ ਨੱਥ ਪਾਉਣਾ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ, ਆਵਾਜਾਈ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਆਮ ਜਨਤਾ ਨੂੰ ਬਿਹਤਰ ਪੁਲਿਸ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸੇ ਤਰ੍ਹਾਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। ਡਾ: ਪ੍ਰਗਿਆ ਜੈਨ ਨੇ ਐੱਸ.ਐੱਸ.ਪੀ. ਦਿਹਾਤੀ ਵਜੋਂ ਅਹੁਦਾ ਸੰਭਾਲਿਆ : ਫਰੀਦਕੋਟ ਜ਼ਿਲ੍ਹੇ ’ਚ ਬਤੌਰ ਐੱਸ.ਐੱਸ.ਪੀ. ਵਧੀਆ ਸੇਵਾਵਾਂ ਨਿਭਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਦਕਸ਼ਕ ਪਦਕ ਹਾਸਿਲ ਕਰਨ ਵਾਲੀ ਪੰਜਾਬ ਦੀ ਪਹਿਲੀ ਮਹਿਲਾ ਆਈ.ਪੀ.ਐੱਸ. ਅਧਿਕਾਰੀ ਡਾ: ਪ੍ਰਗਿਆ ਜੈਨ ਨੇ ਆਪਣੇ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। 2017 ਬੈਚ ਦੀ ਅਧਿਕਾਰੀ ਡਾ: ਜੈਨ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਵਜੋਂ ਸੇਵਾ ਕਰਨ ਦਾ ਮੌਕਾ ਮਿਲਣਾ ਮੇਰੇ ਲਈ ਮਾਣ ਅਤੇ ਸੁਭਾਗ ਦੀ ਗੱਲ ਹੈ ਅਤੇ ਇਸ ਤੋਂ ਪਹਿਲਾਂ ਉਹ ਬਤੌਰ ਐੱਸ.ਐੱਸ.ਪੀ. ਫਾਜਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਅੰਦਰ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਦੀ ਅਗਵਾਈ ਹੇਠ ਕਈ ਅਹਿਮ ਅਪਰਾਧਿਕ ਅਤੇ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਅੱਜ ਐੱਸ.ਐੱਸ.ਪੀ. ਦਿਹਾਤੀ ਦਾ ਅਹੁਦਾ ਸੰਭਾਲਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ , ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਉਨ੍ਹਾਂ ਦਿਹਾਤੀ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ, ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਆਮ ਲੋਕਾਂ ਦੀ ਸੁਰੱਖਿਆ ਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣਗੇ।