ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਤਰਨ ਤਾਰਨ ਹਲਕੇ ’ਚ ਲਾਲੀ ਢਾਲਾ ਵਲੋਂ ਸਰਗਰਮੀਆਂ ਤੇਜ਼
ਤਰਨ ਤਾਰਨ, 24 ਅਕਤੂਬਰ (ਹਰਿੰਦਰ ਸਿੰਘ)— ਕਾਂਗਰਸ ਹਾਈਕਮਾਂਡ ਵਲੋਂ ਪਿਛਲੇ ਦਿਨੀਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹਲਕਾ ਤਰਨ ਤਾਰਨ ਵਿਚ ਕਾਂਗਰਸ ਦੀ ਟਿਕਟ ਹਾਸਲ ਕਰਨ ਦੇ ਸਮੀਕਰਨ ਬਦਲ ਗਏ ਹਨ।
ਰ
ਰਾਜਬੀਰ ਸਿੰਘ ਭੁੱਲਰ, ਕਰਨਬੀਰ ਸਿੰਘ ਬੁਰਜ, ਦਵਿੰਦਰ ਸਿੰਘ ਲਾਲੀ ਢਾਲਾ, ਮਨਿੰਦਰਪਾਲ ਸਿੰਘ ਪਲਾਸੌਰ ਅਤੇ ਅਵਤਾਰ ਸਿੰਘ ਤਨੇਜਾ ਦੀਆ ਤਸਵੀਰਾਂ
25-10-2026
ਤਰਨ ਤਾਰਨ, 24 ਅਕਤੂਬਰ (ਹਰਿੰਦਰ ਸਿੰਘ)— ਕਾਂਗਰਸ ਹਾਈਕਮਾਂਡ ਵਲੋਂ ਪਿਛਲੇ ਦਿਨੀਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹਲਕਾ ਤਰਨ ਤਾਰਨ ਵਿਚ ਕਾਂਗਰਸ ਦੀ ਟਿਕਟ ਹਾਸਲ ਕਰਨ ਦੇ ਸਮੀਕਰਨ ਬਦਲ ਗਏ ਹਨ। ਪਿਛਲੇ ਸਾਲ ਹੋਈ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਕਰਨਬੀਰ ਸਿੰਘ ਬੁਰਜ ਨੂੰ ਉਮੀਦਵਾਰ ਬਣਾਇਆ ਸੀ। ਜ਼ਿਮਨੀ ਚੋਣ ਵਿਚ ਭਾਵੇਂਕਿ ਇਸ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਦੀ ਜਮਨਾਤ ਜਬਤ ਹੋ ਗਈ ਸੀ। ਉਸ ਸਮੇਂ ਸੂਬੇ ਦੇ ਪ੍ਰਧਾਨ ਦੇ ਨਾਲ ਨਾਲ ਸਾਬਕਾ ਮੰਤਰੀ, ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਇਕਜੁੱਟ ਹੋ ਕੇ ਕਰਨਬੀਰ ਸਿੰਘ ਬੁਰਜ ਨੂੰ ਜਿਤਾਉਣ ਲਈ ਪੂਰਾ ਵਾਹ ਲਾਇਆ ਸੀ ਪਰ ਸਾਰੀਆਂ ਕੋਸ਼ਿਸ਼ਾਂ ਦੇ ਬਾਵਯੂਦ ਕਾਂਗਰਸੀ ਉਮੀਦਵਾਰ ਨੂੰ ਚੌਥੇ ਨੰਬਰ ’ਤੇ ਰਹਿ ਕੇ ਸਬਰ ਕਰਨਾ ਪਿਆ ਸੀ। ਟਿਕਟ ਦੇ ਵੱਡੇ ਦਾਅਵੇਦਾਰਾਂ ਵਿਚੋਂ ਗਿਣੇ ਜਾਂਦੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਜਦੀਕੀਆਂ ਵਿਚੋਂ ਇਕ ਹਨ। ਹੁਣ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਕਾਂਗਰਸ ਦੀ ਵਾਗਡੌਰ ਵਿਧਾਇਕ ਪ੍ਰਗਟ ਸਿੰਘ ਨੂੰ ਸੌਂਪਣ ਤੋਂ ਬਾਅਦ ਉਨ੍ਹਾਂ ਦੇ ਬਹੁਤ ਹੀ ਨਜ਼ਦੀਕੀ ਰਿਸ਼ਤੇਦਾਰ ਦਵਿੰਦਰ ਸਿੰਘ ਲਾਲੀ ਢਾਲਾ ਵੀ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਆਪਣੀ ਵੱਡੀ ਦਾਅਵੇਦਾਰੀ ਜਿਤਾ ਰਹੇ ਹਨ। ਉਨ੍ਹਾਂ ਨੇ ਪ੍ਰਗਟ ਸਿੰਘ ਦੇ ਪ੍ਰਧਾਨ ਬਣਦਿਆਂ ਹੀ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਪੈਂਦੇ ਤਰਨ ਤਾਰਨ ਸ਼ਹਿਰ ਤੋਂ ਇਲਾਵਾ ਝਬਾਲ ਅਤੇ ਸਰਾਏ ਅਮਾਨਤ ਖਾਂ ਵਿਚ ਪੈਂਦੇ ਪਿੰਡਾਂ ਵਿਚ ਆਪਣੇ ਹੋਰਡਿੰਗ ਬੋਰਡ ਵੀ ਲਗਾ ਕੇ ਆਪਣੀ ਸਰਗਰਮੀ ਵਧਾ ਦਿੱਤੀ ਹੈ। ਜਿਕਰਯੋਗ ਹੈ ਕਿ ਦਵਿੰਦਰ ਸਿੰਘ ਲਾਲੀ ਢਾਲਾ ਵਲੋਂ ਸਾਲ 2012 ਵਿਚ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਜਾ ਚੁੱਕੀ ਹੈ ਅਤੇ ਉਨ੍ਹਾਂ ਵਲੋਂ ਕਰੀਬ 18 ਹਜ਼ਾਰ ਵੋਟਾਂ ਪ੍ਰਾਪਤ ਕੀਤੀਆਂ ਗਈਆਂ ਸਨ। 2012 ਦੀਆਂ ਚੋਣਾਂ ਤੋਂ ਬਾਅਦ ਉਹ ਸਰਗਰਮ ਸਿਆਸਤ ਤੋਂ ਦੂਰ ਹੀ ਰਹੇ ਸਨ ਪ੍ਰੰਤੂ ਹੁਣ ਪ੍ਰਗਟ ਸਿੰਘ ਦੇ ਪ੍ਰਧਾਨ ਬਨਣ ਨਾਲ ਉਨ੍ਹਾਂ ਵਲੋਂ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੌਜੂਦਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਜਿਥੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਹਨ, ਉਥੇ ਉਪ ਚੋਣ ਵਿਚ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੋਂ ਚੋਣ ਲੜ ਚੁੱਕੇ ਕਰਨਬੀਰ ਸਿੰਘ ਬੁਰਜ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਟਿਕਟ ਦੀ ਦੌੜ ਵਿਚ ਰਾਜਬੀਰ ਸਿੰਘ ਭੁੱਲਰ, ਕਰਨਬੀਰ ਸਿੰਘ ਬੁਰਜ ਅਤੇ ਦਵਿੰਦਰ ਸਿੰਘ ਲਾਲੀ ਢਾਲਾ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਮਨਿੰਦਰਪਾਲ ਸਿੰਘ ਪਲਾਸੌਰ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤਨੇਜਾ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਸਾਲ 2027 ਦੇ ਸ਼ੁਰੂ ਵਿਚ ਹੀ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਤਰਨ ਤਾਰਨ ਹਲਕੇ ਤੋਂ ਟਿਕਟ ਹਾਸਲ ਕਰਨ ਲਈ ਉਕਤ ਆਗੂਆਂ ਨੇਆਪਣੇ-ਆਪਣੇ ਅਕਾਵਾਂ ਦੇ ਬਲਬੂਤੇ ਟਿਕਟ ਹਾਸਲ ਕਰਨ ਲਈ ਅੱਡੀ ਚੋਟੀ ਦਾ ਜੋਰ ਲਗਾਉਣਾ ਸ਼ੁਰੂ ਕਰ ਦਿੱਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਹਾਈਕਮਾਂਡ ਵਲੋਂ ਤਰਨ ਤਾਰਨ ਜ਼ਿਲ੍ਹੇ ਵਿਚ ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਕਿਸ ਤਰ੍ਹਾਂ ਦੀ ਰਣਨੀਤੀ ਅਪਣਾਈ ਜਾਂਦੀ ਹੈ ਅਤੇ ਪਾਰਟੀ ਦੇ ਕਿਹੜੇ ਆਗੂ ’ਤੇ ਆਪਣਾ ਦਾਅ ਖੇਡਿਆ ਜਾਂਦਾ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।