ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਗਰੁੱਪ-ਡੀ ਦਾ ਪੇਪਰ
ਤਰਨ ਤਾਰਨ, 25 ਅਕਤੂਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਗਰੁੱਪ-ਡੀ ਦੀਆਂ ਆਸਾਮੀਆਂ ਨੂੰ ਭਰਨ ਲਈ ਅੱਜ ਲਈ ਗਈ ਲਿਖਤੀ ਪ੍ਰੀਖਿਆ ਜ਼ਿਲ੍ਹਾ ਤਰਨ ਤਾਰਨ ਵਿਚ ਪੂਰਨ ਅਮਨ-ਅਮਾਨ ਅਤੇ ਸ਼ਾਂਤਮਈ ਮਾਹੌਲ ਵਿਚ ਨੇਪਰੇ ਚੜ੍ਹ ਗਈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਕੁੱਲ 10 ਪ੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆਰਥੀਆਂ ਨੇ ਆਪਣੀ ਕਿਸਮਤ ਅਜ਼ਮਾਈ।
ਤਰਨ ਤਾਰਨ, 25 ਅਕਤੂਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਗਰੁੱਪ-ਡੀ ਦੀਆਂ ਆਸਾਮੀਆਂ ਨੂੰ ਭਰਨ ਲਈ ਅੱਜ ਲਈ ਗਈ ਲਿਖਤੀ ਪ੍ਰੀਖਿਆ ਜ਼ਿਲ੍ਹਾ ਤਰਨ ਤਾਰਨ ਵਿਚ ਪੂਰਨ ਅਮਨ-ਅਮਾਨ ਅਤੇ ਸ਼ਾਂਤਮਈ ਮਾਹੌਲ ਵਿਚ ਨੇਪਰੇ ਚੜ੍ਹ ਗਈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਕੁੱਲ 10 ਪ੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆਰਥੀਆਂ ਨੇ ਆਪਣੀ ਕਿਸਮਤ ਅਜ਼ਮਾਈ। ਇਸ ਪ੍ਰੀਖਿਆ ਨੂੰ ਨਕਲ-ਰਹਿਤ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵਲੋਂ ਸਾਂਝੇ ਤੌਰ ’ਤੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪ੍ਰੀਖਿਆ ਦੀ ਨਿਗਰਾਨੀ ਲਈ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਵਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੀ ਸ਼ੁਰੂਆਤ ਕਰਦਿਆਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਪਹੁੰਚੇ, ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਤਹਿਸੀਲਦਾਰ ਤਰਨ ਤਾਰਨ ਅਰਚਨਾ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਨਿਰੀਖਣ ਕਰਨ ਪਹੁੰਚੇ ਸਨ। ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ, ਬਰਿੰਦਰਜੀਤ ਸਿੰਘ ਲਹਿਰੀ ਅਤੇ ਸੁਖਚੈਨ ਸਿੰਘ ਗੋਹਲਵੜ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਚੋਹਲਾ ਸਾਹਿਬ ਵਿਖੇ ਉਨ੍ਹਾਂ ਨੇ ਸਾਂਝਾ ਦੌਰਾ ਕੀਤਾ। ਸਾਰੇ ਪ੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆ ਪੂਰੇ ਅਨੁਸ਼ਾਸਨ ਅਤੇ ਸ਼ਾਂਤਮਈ ਤਰੀਕੇ ਨਾਲ ਚੱਲਦੀ ਵੇਖੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਵਿਭਾਗ ਵਲੋਂ ਪ੍ਰੀਖਿਆ ਲਈ ਬਹੁਤ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ, ਜਿਸ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਿਆ।