ਪਹਿਲੀ ਨਵੰਬਰ ਦੀ ਦਿੱਲੀ ਰੈਲੀ ਵਿਚ ਜ਼ਿਲ੍ਹੇ ’ਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਸ਼ਾਮਿਲ ਹੋਣਗੇ - ਇੰਦਰਜੀਤ ਲਾਲੀ
ਝਬਾਲ, 26 ਅਕਤੂਬਰ( ਸੁਖਦੇਵ ਸਿੰਘ)-ਕਾਂਗਰਸ ਪਾਰਟੀ ਵਲੋਂ ਐੱਸ. ਆਈ.
ਝਬਾਲ, 26 ਅਕਤੂਬਰ( ਸੁਖਦੇਵ ਸਿੰਘ)-ਕਾਂਗਰਸ ਪਾਰਟੀ ਵਲੋਂ ਐੱਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰੀਵੀਜ਼ਨ) ਅਤੇ ਮੁੱਖ ਚੋਣ ਕਮਿਸ਼ਨਰ ’ਤੇ ਲੱਗ ਰਹੇ ਦੋਸ਼ਾਂ ਨੂੰ ਲੈ ਕੇ ਕੀਤੇ ਜਾ ਰਹੇ ਦੇਸ਼ ਵਿਆਪੀ ਮੁਜ਼ਾਹਰਿਆਂ ਤਹਿਤ 1 ਨਵੰਬਰ ਨੂੰ ਦਿੱਲੀ ਵਿਖੇ ਹੋਣ ਜਾ ਰਹੀ ਇੰਡੀਆ ਗੱਠਜੋੜ ਦੀ ਵਿਸ਼ਾਲ ਰੈਲੀ ਸੰਬੰਧੀ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਾਂਗਰਸ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਲਾਲੀ ਨੇ ਕਿਹਾ ਕਿ ਜ਼ਿਲ੍ਹਾ ਭਰ ਵਿਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਸ਼ਾਮਿਲ ਹੋਣਗੇ। ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਦੇਸ਼ ਵਿੱਚ ਲੋਕਾਂ ਦੀਆਂ ਵੋਟਾਂ ਚੋਰੀ ਕੀਤੀਆਂ ਜਾ ਰਹੀਆਂ ਹਨ, ਵੋਟਰ ਸੂਚੀਆਂ ਵਿਚੋਂ ਸਾਜ਼ਿਸ਼ ਤਹਿਤ ਗਰੀਬ, ਦਲਿਤ, ਪੱਛੜੇ ਵਰਗ ਅਤੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੇ ਨਾਂ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੇ ਨਾਂਅ ’ਤੇ ਵੋਟਰਾਂ ਦੀ ਗਿਣਤੀ ਘਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਸਿੱਧੇ ਤੌਰ ’ਤੇ ਸੰਵਿਧਾਨ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਸੜਕ ਤੋਂ ਲੈ ਕੇ ਸੰਸਦ ਤੱਕ ਲੜੀ ਜਾਵੇਗੀ। ਉਨ੍ਹਾਂ ਸਮੂਹ ਬਲਾਕ ਪ੍ਰਧਾਨਾਂ, ਸਰਕਲ ਪ੍ਰਧਾਨਾਂ, ਓ.ਬੀ.ਸੀ., ਐੱਸ.ਸੀ. ਸੈੱਲ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਪਹੁੰਚ ਕੇ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।