ਮੋਰਚੇ ਦੀਆਂ ਮੰਗਾਂ ਮੰਨ ਕੇ ਵਿਧਾਨ ਸਭਾ ਵਿਚ ਮਤੇ ਪਾਸ ਕਰਨ ਤੋਂ ਮੁੱਕਰੀ ਪੰਜਾਬ ਸਰਕਾਰ - ਬੀ.ਕੇ.ਯੂ. (ਰਾਜੇਵਾਲ)
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)–ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਮਹਿਦੀਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਵਲੋਂ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਗਈ।
ਜ
ਜ਼ਿਲ੍ਹਾ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ) ਅੰਮ੍ਰਿਤਪਾਲ ਸਿੰਘ ਜੌੜਾ। ਤਸਵੀਰ–ਲਵਲੀ
07-11-2026
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)–ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਮਹਿਦੀਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਵਲੋਂ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਗਈ। ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਮਹਿਦੀਪੁਰ ਅਤੇ ਅੰਮ੍ਰਿਤਪਾਲ ਸਿੰਘ ਜੌੜਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਦਿੱਲੀ ਅੰਦੋਲਨ ਦੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ. ਦਾ ਗਰੰਟੀ ਕਾਨੂੰਨ ਬਣਾਉਣ ਅਤੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਮੇਤ ਹੋਰ ਮੰਗਾਂ ’ਤੇ ਲਿਖਤੀ ਭਰੋਸਾ ਦਿੱਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਇਸਦੇ ਰੋਸ ਵਜੋਂ ਪੰਜਾਬ ਵਿਚ ਬਠਿੰਡਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ, ਜਿਨ੍ਹਾਂ ਨੂੰ ਕੌਮੀ ਆਗੂ ਸੰਬੋਧਨ ਕਰਨਗੇ ਅਤੇ ਜ਼ਿਲ੍ਹਾ ਤਰਨ ਤਾਰਨ ਤੋਂ ਵੱਡੀ ਗਿਣਤੀ ਵਿਚ ਕਿਸਾਨ ਇਨ੍ਹਾਂ ਰੈਲੀਆਂ ਵਿਚ ਸ਼ਮੂਲੀਅਤ ਕਰਨਗੇ। ਆਗੂਆਂ ਨੇ ਪੰਜਾਬ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਕਿਹਾ ਕਿ 1 ਤੋਂ 6 ਸਤੰਬਰ ਤੱਕ ਚੱਲੇ ਚੰਡੀਗੜ੍ਹ ਮੋਰਚੇ ਦੌਰਾਨ ਸਰਕਾਰ ਨੇ ਪੰਜਾਬ ਪੁਨਰਗਠਨ ਐਕਟ 1966 ਦੀਆਂ ਧਾਰਾਵਾਂ 78, 79 ਅਤੇ 80 ਰੱਦ ਕਰਨ, ਪਿਛਲੇ ਸਾਰੇ ਪਾਣੀ ਸਮਝੌਤੇ ਰੱਦ ਕਰਨ, ਬੀਜ ਬਿੱਲ, ਬਿਜਲੀ ਬਿੱਲ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ ਦੇ ਮਤੇ ਵਿਧਾਨ ਸਭਾ ਵਿਚ ਲਿਆਉਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਨੇ ਇਕ ਵੀ ਮਤਾ ਪਾਸ ਨਹੀਂ ਕੀਤਾ। ਇਸੇ ਤਰ੍ਹਾਂ ਸਹਿਕਾਰੀ ਅਤੇ ਲੈਂਡ ਮਾਰਗੇਜ ਬੈਂਕਾਂ ਵਿੱਚ ‘ਵਨ ਟਾਈਮ ਸੈਟਲਮੈਂਟ’ ਸਕੀਮ ਵੀ ਲਾਗੂ ਨਹੀਂ ਕੀਤੀ ਗਈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ 18 ਨਵੰਬਰ ਤੱਕ ਗੰਨੇ ਦੇ ਭਾਅ ਦਾ ਤੁਰੰਤ ਐਲਾਨ ਨਾ ਕੀਤਾ ਅਤੇ ‘ਇੱਕ ਕਾਊਂਟਰ ਇਕ ਪੇਮੈਂਟ’ ਦੇ ਫੈਸਲੇ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ 20 ਨਵੰਬਰ ਨੂੰ ਧੰਨੋਵਾਲੀ ਫਾਟਕ ‘ਤੇ ਵੱਡਾ ਪ੍ਰਦਰਸ਼ਨ ਕਰਕੇ ਰੇਲ ਅਤੇ ਸੜਕੀ ਆਵਾਜਾਈ ਮੁਕੰਮਲ ਤੌਰ ’ਤੇ ਜਾਮ ਕੀਤੀ ਜਾਵੇਗੀ। ਇਸ ਮੌਕੇ ਯਾਦਵਿੰਦਰ ਸਿੰਘ ਪੰਨੂ, ਅਮਰਜੀਤ ਸਿੰਘ ਪੰਨੂ, ਬਿਕਰਮਜੀਤ ਸਿੰਘ, ਹਰਜਿੰਦਰ ਸਿੰਘ, ਹਰਪਾਲ ਸਿੰਘ, ਪ੍ਰਗਟ ਸਿੰਘ ਕੰਗ ਰਾਜ ਬਹਾਦਰ ਅਜੀਤ ਸਿੰਘ ਚੰਬਾ ਸਮੇਤ ਹੋਰ ਵੀ ਕਈ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।