ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਗਰਮਾਉਣ ਲੱਗ ਪਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਬੁੁੱਧਵਾਰ ਨੂੰ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਵਲੋਂ ਮੈਰਿਟ ਦੇ ਅਧਾਰ ’ਤੇ ਹੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਹੋਵੇਗੀ। ਵਿਧਾਨ ਸਭਾ ਚੋਣਾਂ ਸੰਬੰਧੀ ਕਾਂਗਰਸ ਪਾਰਟੀ ਦੀ ਪਹਿਲੀ ਸੂਚੀ 10 ਦਿਨਾਂ ਦੇ ਅੰਦਰ–ਅੰਦਰ ਆ ਜਾਵੇਗੀ। ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਸਿੱਧੇ ਤੌਰ ’ਤੇ ਸਰਵੇਖਣ ਕਰਵਾ ਰਹੇ ਹਨ। ਪੰਜਾਬ ਅੰਦਰ ਕਾਂਗਰਸ ਪਾਰਟੀ ਦੇ ਹੱਕ ਵਿਚ ਪੂਰਾ ਮਾਹੌਲ ਬਣ ਚੁੱਕਾ ਹੈ ਅਤੇ ਬਹੁਮਤ ਨਾਲ ਅਸੀਂ ਸਰਕਾਰ ਬਣਾਵਾਂਗੇ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਚੁੱਕਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਟੀਮ ’ਤੇ ਪੰਜਾਬ ਦੇ ਖਜ਼ਾਨੇ ਵਿਚੋਂ ਲਗਪਗ 50 ਹਜ਼ਾਰ ਕਰੋੜ ਰੁਪਏ ਲੁੱਟ ਕੇ ਲਿਜਾਣ ਦੇ ਦੋਸ਼ ਲਾਉਂਦਿਆਂ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰੋਤਾਂ ਅਤੇ ਸਿਆਸੀ ਤਾਕਤ ਦੀ ਵਰਤੋਂ ਪੰਜਾਬ ਦੇ ਹਿੱਤਾਂ ਦੀ ਬਜਾਇ ਦਿੱਲੀ ਦੇ ਹਾਰੇ ਤੇ ਨਕਾਰੇ ਲੀਡਰਾਂ ਦੀ ਆਓ ਭਗਤ ਲਈ ਕੀਤੀ ਜਾ ਰਹੀ ਹੈ। ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਨਾਂਅ ਦੇ ਮੁੱਖ ਮੰਤਰੀ ਬਣ ਕੇ ਰਹਿ ਗਏ ਹਨ, ਜਦਕਿ ਅਸਲ ਵਿਚ ਪੰਜਾਬ ਦਾ ਸਿਆਸੀ ਅਤੇ ਪ੍ਰਸ਼ਾਸਨਿਕ ਸਿਸਟਮ ਦਿੱਲੀ ਵਿਚ ਬੈਠੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਦੇ ਇਸ਼ਾਰਿਆਂ ’ਤੇ ਚੱਲ ਰਿਹਾ ਹੈ। ਕੇਂਦਰ ਦੀ ਭਾਜਪਾ ਸਰਕਾਰ ’ਤੇ ਹਮਲਾ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਭਾਜਪਾ ਨੇ ਦੇਸ਼ ਵਿਚ ਮਹਿੰਗਾਈ, ਬੇਰੁਜ਼ਗਾਰੀ ਅਤੇ ਕਿਸਾਨੀ ਸੰਕਟ ਵਰਗੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਇ ਲੋਕਾਂ ਨੂੰ ਸਿਆਸੀ ਨਾਅਰਿਆਂ ਵਿਚ ਉਲਝਾ ਕੇ ਰੱਖਿਆ ਹੈ। ਪੰਜਾਬ ਨਾਲ ਕੇਂਦਰ ਦਾ ਰਵੱਈਆ ਵੀ ਹਮੇਸ਼ਾਂ ਵਿਤਕਰੇ ਵਾਲਾ ਰਿਹਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਗੱਲ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਗੰਭੀਰਤਾ ਅਤੇ ਮਜ਼ਬੂਤ ਜਥੇਬੰਦਕ ਢਾਂਚੇ ਨਾਲ ਚੋਣ ਮੈਦਾਨ ਵਿਚ ਉਤਰੇਗੀ। ਪਾਰਟੀ ਵਿਚ ਟਿਕਟਾਂ ਦੀ ਵੰਡ ਸਿਰਫ਼ ਮੈਰਿਟ ਦੇ ਅਧਾਰ ’ਤੇ ਹੋਵੇਗੀ। ਉਨ੍ਹਾਂ ਸਮੁੱਚੀ ਜ਼ਿਲ੍ਹਾ ਤਰਨ ਤਾਰਨ ਕਾਂਗਰਸ ਲੀਡਰਸ਼ਿਪ ਨੂੰ ਇਕਜੁੱਟ ਹੋ ਕੇ 2027 ਦੀਆਂ ਚੋਣਾਂ ਦੀ ਤਿਆਰੀ ਵਿਚ ਜੁਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਿੱਤ ਲਈ ਆਪਸੀ ਏਕਤਾ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਜਸਬੀਰ ਸਿੰਘ ਡਿੰਪਾ ਸਾਬਕਾ ਸਾਂਸਦ, ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ, ਹਰਮਿੰਦਰ ਸਿੰਘ ਗਿੱਲ, ਰਮਨਜੀਤ ਸਿੰਘ ਸਿੱਕੀ, ਸੁਖਪਾਲ ਸਿੰਘ ਭੁੱਲਰ ਸੁਨੀਲ ਦੱਤੀ (ਸਾਰੇ ਸਾਬਕਾ ਵਿਧਾਇਕ), ਵਿਧਾਇਕ ਹਰਦੇਵ ਸਿੰਘ ਲਾਡੀ ਸੇਰੋ ਵਾਲੀਆ, ਕਰਨਬੀਰ ਸਿੰਘ ਬੁਰਜ, ਦਵਿੰਦਰ ਸਿੰਘ ਲਾਲੀ ਢਾਲਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਮਨਿੰਦਰਪਾਲ ਸਿੰਘ ਪਲਾਸੌਰ, ਅਵਤਾਰ ਸਿੰਘ ਤਨੇਜਾ, ਜਸਪਾਲ ਸਿੰਘ ਪਾਲਾ, ਸੁਮਿਤ ਕੁਮਾਰ ਸਿੰਧੀ, ਹਰਪ੍ਰੀਤ ਸਿੰਘ ਪੱਟੀ ਆਦਿ ਹਾਜ਼ਰ ਸਨ।