ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾਜਨਕ - ਜਾਮਾਰਾਏ, ਪੰਡੋਰੀ
ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ.
ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਪਿੰਡ ਜਵੰਦਾ ਵਿਖੇ ਇਕ ਭਰਵੀਂ ਮੀਟਿੰਗ ਪਾਰਟੀ ਦੇ ਆਗੂ ਸੁਖਦੇਵ ਸਿੰਘ ਸੁਖਦੇਵ ਸਿੰਘ ਜਵੰਦਾ, ਮੰਗਲ ਸਿੰਘ ਖਾਲਸਾ ਦੀ ਪ੍ਰਧਾਨਗੀ ’ਚ ਕੀਤੀ ਗਈ। ਮੀਟਿੰਗ ਨੂੰ ਪਾਰਟੀ ਦੇ ਸੂਬਾ ਸਕੱਤਰ ਕਾ. ਪ੍ਰਗਟ ਸਿੰਘ ਜਾਮਾਰਾਏ ਅਤੇ ਜ਼ਿਲ੍ਹਾ ਖ਼ਜ਼ਾਨਚੀ ਕਾ. ਬਲਦੇਵ ਸਿੰਘ ਪੰਡੋਰੀ ਨੇ ਸੰਬੋਧਨ ਕੀਤਾ। ਇਸ ਮੌਕੇ ਪੰਜਾਬ ਅਤੇ ਦੇਸ਼ ਦੀ ਮੌਜੂਦਾ ਰਾਜਨੀਤਕ, ਆਰਥਿਕ ਅਤੇ ਸਮਾਜਿਕ ਸਥਿਤੀ ਬਾਰੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾ. ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਪੰਜਾਬ ਅੱਜ ਗੰਭੀਰ ਆਰਥਿਕ, ਸਮਾਜਿਕ ਅਤੇ ਰਾਜਨੀਤਕ ਸੰਕਟ ਵਿਚੋਂ ਗੁਜ਼ਰ ਰਿਹਾ ਹੈ। ਸੂਬੇ ਸਿਰ ਵਧ ਰਿਹਾ ਕਰਜ਼ਾ, ਬੇਰੁਜ਼ਗਾਰੀ, ਨਸ਼ਿਆਂ ਦਾ ਫੈਲਾਅ, ਕਿਸਾਨਾਂ ਦੀਆਂ ਖ਼ੁਦਕੁਸ਼ੀਆਂ, ਮਜ਼ਦੂਰਾਂ ਦੀ ਮੰਦਹਾਲੀ ਅਤੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਪਰਵਾਸ ਪੰਜਾਬ ਦੇ ਭਵਿੱਖ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਰਕਾਰਾਂ ਚਾਹੇ ਬਦਲਦੀਆਂ ਰਹੀਆਂ ਹਨ, ਪਰ ਆਮ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਕੋਈ ਠੋਸ ਹੱਲ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨ ਅਤੇ ਖੇਤ ਮਜ਼ਦੂਰ ਹਨ, ਪਰ ਅੱਜ ਦੋਵੇਂ ਵਰਗ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦਾ ਲਾਹੇਵੰਦ ਭਾਅ ਨਹੀਂ ਮਿਲ ਰਿਹਾ, ਖੇਤੀ ਲਾਗਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਕਰਜ਼ੇ ਦਾ ਬੋਝ ਕਿਸਾਨੀ ਨੂੰ ਤਬਾਹੀ ਵੱਲ ਧੱਕ ਰਿਹਾ ਹੈ। ਦੂਜੇ ਪਾਸੇ ਖੇਤ ਮਜ਼ਦੂਰਾਂ ਨੂੰ ਪੂਰਾ ਰੁਜ਼ਗਾਰ, ਗੁਜ਼ਾਰੇਯੋਗ ਉਜਰਤਾਂ, ਰਿਹਾਇਸ਼ ਅਤੇ ਸਮਾਜਿਕ ਸੁਰੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਹਾਸਲ ਨਹੀਂ ਹਨ। ਕਾ. ਜਾਮਾਰਾਏ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਦੇਸ਼ ਦੇ ਮਿਹਨਤਕਸ਼ ਲੋਕਾਂ ਦੀ ਬਜਾਇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਪਹਿਲ ਦੇ ਰਹੀਆਂ ਹਨ। ਜਨਤਕ ਖੇਤਰ ਦੇ ਅਦਾਰਿਆਂ ਦਾ ਨਿੱਜੀਕਰਨ, ਕੁਦਰਤੀ ਸਰੋਤਾਂ ਅਤੇ ਸਰਕਾਰੀ ਜਾਇਦਾਦਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ, ਮਜ਼ਦੂਰਾਂ ਦੇ ਹੱਕਾਂ ਨੂੰ ਕਮਜ਼ੋਰ ਕਰਨਾ ਅਤੇ ਕਿਸਾਨੀ ਨੂੰ ਕਾਰਪੋਰੇਟ ਖੇਤੀ ਦੇ ਦਬਾਅ ਹੇਠ ਲਿਆਉਣ ਦੀਆਂ ਕੋਸ਼ਿਸ਼ਾਂ ਇਸੇ ਨੀਤੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਦੌਲਤ ਪੈਦਾ ਕਰਨ ਵਾਲੇ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ, ਜਦਕਿ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਦੀ ਦੌਲਤ ਵਿੱਚ ਬੇਤਹਾਸ਼ਾ ਵਾਧਾ ਹੋ ਰਿਹਾ ਹੈ। ਮੀਟਿੰਗ ਮੌਕੇ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ, ਰੁਜ਼ਗਾਰ ਭਰਪੂਰ, ਖੁਸ਼ਹਾਲ ਅਤੇ ਧਰਮ ਨਿਰਪੱਖ ਬਣਾਉਣ ਲਈ ਮਿਹਨਤਕਸ਼ ਲੋਕਾਂ ਦੀ ਵਿਸ਼ਾਲ ਏਕਤਾ ਅਤੇ ਜਮਹੂਰੀ ਲਹਿਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਰਵੀਸ਼ੇਰ ਸਿੰਘ ਨੰਬਰਦਾਰ, ਸੁਖਦੇਵ ਸਿੰਘ ਮੈਂਬਰ, ਸੁਰਿੰਦਰ ਸਿੰਘ ਖੱਬੇ, ਸੁਰਜੀਤ ਸਿੰਘ, ਗੁਰਇਕਬਾਲ ਸਿੰਘ, ਜਰਨੈਲ ਸਿੰਘ, ਕੁਲਵੰਤ ਸਿੰਘ ਖੱਬੇ, ਹਰਜਿੰਦਰ ਸਿੰਘ, ਸਰਪੰਚ ਅਮਰਜੀਤ ਸਿੰਘ ਜੱਟਾ, ਹਰਕੀਰਤ ਸਿੰਘ, ਬਿਕਰਮਜੀਤ ਸਿੰਘ ਸੇਰੋਂ, ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਇਟਲੀ, ਤਰਨਬੀਰ ਸਿੰਘ, ਜੋਧਬੀਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।