ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਬੈਠਕ ਹੋਈ
ਆਲਮਗੀਰ, 11 ਅਗਸਤ (ਜਰਨੈਲ ਸਿੰਘ ਪੱਟੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਲੁਧਿਆਣਾ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਲੁਧਿਆਣਾ ਜ਼ਿਲ੍ਹੇ ਦੇ ਬਲਾਕਾਂ ਤੇ ਇਕਾਈਆਂ ਦੇ ਪ੍ਰਧਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਕਿਸਾਨਾਂ ਨੇ ਹਾਜ਼ਰੀ ਲਗਵਾਈ।
ਆਲਮਗੀਰ, 11 ਅਗਸਤ (ਜਰਨੈਲ ਸਿੰਘ ਪੱਟੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਲੁਧਿਆਣਾ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਲੁਧਿਆਣਾ ਜ਼ਿਲ੍ਹੇ ਦੇ ਬਲਾਕਾਂ ਤੇ ਇਕਾਈਆਂ ਦੇ ਪ੍ਰਧਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਕਿਸਾਨਾਂ ਨੇ ਹਾਜ਼ਰੀ ਲਗਵਾਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਾਜੇਵਾਲ ਨੇ ਕਿਹਾ ਕਿ ਅਮਰੀਕਾ ਦੇ ਦਬਾਅ ਹੇਠ ਭਾਰਤ ਵਲੋਂ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਜਿੱਥੇ ਦੇਸ਼ ਲਈ ਘਾਤਕ ਹੋਵੇਗਾ, ਉੱਥੇ ਹੀ ਦੇਸ਼ ਦੇ ਕਿਸਾਨਾਂ ਲਈ ਵੱਡੀ ਸੱਟ ਹੋਵੇਗੀ। ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਦੂਸਰੇ ਸੂਬਿਆਂ ਵਲੋਂ ਮਾਰੇ ਜਾ ਰਹੇ ਡਾਕੇ ਅਤੇ ਦਰਿਆਈ ਪਾਣੀਆਂ ਸਬੰਧੀ ਕੇਂਦਰ ਸਰਕਾਰ ਵਲੋਂ ਅਪਣਾਈਆਂ ਜਾ ਰਹੀਆਂ ਨੀਤੀਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ, ਨਵੇਂ ਲੇਬਰ ਕੋਡ ਤੋਂ ਇਲਾਵਾ ਪੰਜਾਬ ਦੇ ਕਿਸਾਨੀ ਤੇ ਹੋਰ ਸਮਾਜਿਕ ਮੁੱਦਿਆਂ ਸਬੰਧੀ ਭਰਵੀਂ ਵਿਚਾਰ ਚਰਚਾ ਹੋਈ। ਇਸ ਮੌਕੇ ਪ੍ਰਧਾਨ ਰਾਜੇਵਾਲ ਨੇ ਦੱਸਿਆ ਕਿ ਉਕਤ ਮੁੱਦਿਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਰੋਸ ਧਰਨੇ ਸੰਬੰਧੀ ਭਰਵੀਆਂ ਵਿਚਾਰਾਂ ਹੋਈਆਂ। ਇਸ ਮੌਕੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ, ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਗੋਂਦਵਾਲ, ਸੀਨੀਅਰ ਆਗੂ ਅਜਮੇਰ ਸਿੰਘ ਮੇਹਲੋਂ, ਬਲਾਕ ਪ੍ਰਧਾਨ ਕਰਮਜੀਤ ਸਿੰਘ ਜਸਪਾਲ ਬਾਂਗਰ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।