ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਚਾਇਤਾਂ ਦੀ ਮਜ਼ਬੂਤੀ ਜ਼ਰੂਰੀ-ਕੈਬਨਿਟ ਮੰਤਰੀ ਮੁੰਡੀਆਂ
ਲੁਧਿਆਣਾ, 3 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਗੁਰੂ ਨਾਨਕ ਭਵਨ ਵਿਖੇ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ, ਸਰਪੰਚਾਂ ਲਈ ਜ਼ਿਲ੍ਹਾ ਪੱਧਰ ’ਤੇ ਕਰਵਾਈ ਇੱਕ ਰੋਜ਼ਾ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਲੁਧਿਆਣਾ, 3 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਗੁਰੂ ਨਾਨਕ ਭਵਨ ਵਿਖੇ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ, ਸਰਪੰਚਾਂ ਲਈ ਜ਼ਿਲ੍ਹਾ ਪੱਧਰ ’ਤੇ ਕਰਵਾਈ ਇੱਕ ਰੋਜ਼ਾ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਵਰਕਸ਼ਾਪ ‘ਆਪਣਾ ਸਰੋਤ ਮਾਲੀਆ’ ਅਤੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨਾਲ ਸਬੰਧਿਤ ਵੱਖ-ਵੱਖ ਫਲੈਗਸ਼ਿਪ ਸਕੀਮਾਂ ਬਾਰੇ ਸਰਪੰਚਾਂ ਨੂੰ ਜਾਣਕਾਰੀ ਅਤੇ ਵਿਹਾਰਕ ਗਿਆਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਗ੍ਰਾਮ ਪੰਚਾਇਤਾਂ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਪੰਚਾਂ ਨੂੰ ਸਰਕਾਰੀ ਯੋਜਨਾਵਾਂ, ਉਨ੍ਹਾਂ ਦੀ ਪ੍ਰਕਿਰਿਆ ਅਤੇ ਪੰਚਾਇਤਾਂ ਦੀ ਭੂਮਿਕਾ ਬਾਰੇ ਵਿਹਾਰਕ ਜਾਣਕਾਰੀ ਦੇਣ ਲਈ ਅਜਿਹੀਆਂ ਵਰਕਸ਼ਾਪਾਂ ਬਹੁਤ ਲਾਹੇਵੰਦ ਸਾਬਤ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਰਕਸ਼ਾਪ ਦੌਰਾਨ ਸਰਪੰਚਾਂ ਨੂੰ ‘ਆਪਣਾ ਸਰੋਤ ਮਾਲੀਆ’ ਦੇ ਵੱਖ-ਵੱਖ ਸਰੋਤਾਂ, ਪੰਚਾਇਤਾਂ ਵੱਲੋਂ ਆਪਣੇ ਸਰੋਤਾਂ ਤੋਂ ਆਮਦਨ ਵਧਾਉਣ ਦੇ ਢੰਗਾਂ ਅਤੇ ਓ.ਆਰ.ਐਸ. ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਆਪਣੇ ਸਰੋਤਾਂ ਤੋਂ ਆਮਦਨ ਵਿੱਚ ਵਾਧਾ ਕਰਕੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹ ਸਕਦੀਆਂ ਹਨ। ਵਰਕਸ਼ਾਪ ਵਿੱਚ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨਾਲ ਸਬੰਧਿਤ ਵੱਖ-ਵੱਖ ਫਲੈਗਸ਼ਿਪ ਸਕੀਮਾਂ ਦੇ ਉਦੇਸ਼, ਲਾਭਪਾਤਰੀਆਂ, ਯੋਗਤਾ, ਲਾਗੂ ਕਰਨ ਦੀ ਪ੍ਰਕਿਰਿਆ ਅਤੇ ਗ੍ਰਾਮ ਪੰਚਾਇਤ ਪੱਧਰ ’ਤੇ ਨੁਮਾਇੰਦਿਆਂ ਦੀ ਭੂਮਿਕਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਬੰਧਤ ਵਿਭਾਗਾਂ ਦੇ ਮਾਹਿਰਾਂ ਅਤੇ ਨੋਡਲ ਅਧਿਕਾਰੀਆਂ ਵੱਲੋਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਸਬੰਧੀ ਵਿਸ਼ੇਸ਼ ਭਾਸ਼ਣ ਦਿੱਤੇ ਗਏ ਅਤੇ ਸਰਪੰਚਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਹਾਕਮ ਸਿੰਘ ਠੇਕੇਦਾਰ, ਜਗਤਾਰ ਸਿੰਘ ਦਿਆਲਪੁਰਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਜਗਰੂਪ ਸਿੰਘ ਸੇਹ ਅਤੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਲੁਧਿਆਣਾ ਹਿਤੇਨ ਕਪਿਲਾ ਤੋਂ ਇਲਾਵਾ ਵੱਖ-ਵੱਖ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਰਪੰਚ ਹਾਜ਼ਰ ਸਨ।