20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕਿਸਾਨਾਂ ਅਤੇ ਵਿਗਿਆਨੀਆਂ ਨੂੰ ਇਕ ਸਾਂਝੇ ਮੰਚ ’ਤੇ ਲਿਆਉਣਾ ਸ਼ਲਾਘਾਯੋਗ ਉਪਰਾਲਾ-ਰਾਜ ਸੂਚਨਾ ਕਮਿਸ਼ਨਰ ਸੰਧੂ ਕਿਸਾਨਾਂ ਦੀ ਰਾਏ ਸਾਡੀ ਭਵਿੱਖ ਦੀ ਖੋਜ ਲਈ ਰੀੜ੍ਹ ਦੀ ਹੱਡੀ-ਉਪ ਕੁਲਪਤੀ ਗਿੱਲ

ਲੁਧਿਆਣਾ, 19 ਸਤੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਆਯੋਜਿਤ ਦੋ-ਰੋਜ਼ਾ ‘ਪਸ਼ੂ ਪਾਲਣ ਮੇਲਾ’ ਅੱਜ ਫਾਰਮਾਂ ਲਈ ਬਿਹਤਰ ਜੈਵਿਕ-ਸੁਰੱਖਿਆ ਉਪਾਅ ਅਪਣਾਉਣ ਦੇ ਸੰਦੇਸ਼ ਨਾਲ ਸੰਪੂਰਨ ਹੋਇਆ। ਵੱਡੀ ਗਿਣਤੀ ਵਿਚ ਕਿਸਾਨਾਂ ਨੇ ਮੇਲੇ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ ਅਤੇ ਨਵੀਆਂ ਤਕਨੀਕਾਂ ਸਿੱਖਣ ਵਿਚ ਦਿਲਚਸਪੀ ਦਿਖਾਈ।

Ad Position 21
No active advertisement
ਗਾਵਾਂ ਦੇ ਇਕ ਸਟਾਲ ‘ਤੇ ਗੱਲਬਾਤ ਕਰਦੇ ਹੋਏ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ। ਤਸਵੀਰ-ਸੇਵਕ ਸਿੰਘ 20-09-2026
ਲੁਧਿਆਣਾ, 19 ਸਤੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਆਯੋਜਿਤ ਦੋ-ਰੋਜ਼ਾ ‘ਪਸ਼ੂ ਪਾਲਣ ਮੇਲਾ’ ਅੱਜ ਫਾਰਮਾਂ ਲਈ ਬਿਹਤਰ ਜੈਵਿਕ-ਸੁਰੱਖਿਆ ਉਪਾਅ ਅਪਣਾਉਣ ਦੇ ਸੰਦੇਸ਼ ਨਾਲ ਸੰਪੂਰਨ ਹੋਇਆ। ਵੱਡੀ ਗਿਣਤੀ ਵਿਚ ਕਿਸਾਨਾਂ ਨੇ ਮੇਲੇ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ ਅਤੇ ਨਵੀਆਂ ਤਕਨੀਕਾਂ ਸਿੱਖਣ ਵਿਚ ਦਿਲਚਸਪੀ ਦਿਖਾਈ। ਦੂਜੇ ਦਿਨ, ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਵਿਚ ਪੰਜਾਬ ਸਰਕਾਰ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਕਾਰਜਕਾਰੀ ਉਪ ਕੁਲਪਤੀ ਸੁਖਜੀਤ ਪਾਲ ਸਿੰਘ ਨੇ ਵੀ ਵਿਸ਼ੇਸ਼ ਮਹਿਮਾਨ ਵਜੋਂ ਮੇਲੇ ਦੀ ਸ਼ੋਭਾ ਵਧਾਈ। ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਯੂਨੀਵਰਸਿਟੀ ਦਾ ਨਾਮ ਦੂਜੇ ਗੁਰੂ, ਸ੍ਰੀ ਗੁਰੂ ਅੰਗਦ ਦੇਵ ਜੀ ਦੇ ਨਾਮ ’ਤੇ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਗਿਆਨ ਨਾਲ ਸਮਰੱਥ ਬਣਾਉਣ ਵਿਚ ਵੈਟਰਨਰੀ ਅਤੇ ਸਹਾਇਕ ਵਿਗਿਆਨਾਂ ਦੇ ਯੋਗਦਾਨ ਨੂੰ ਸਰਾਹਿਆ। ਉਨ੍ਹਾਂ ਨੇ ਪ੍ਰਦਰਸ਼ਨੀਆਂ ਅਤੇ ਹੋਰ ਵਿਹਾਰਕ ਉਪਰਾਲਿਆਂ ਰਾਹੀਂ ਕਿਸਾਨਾਂ ਅਤੇ ਵਿਗਿਆਨੀਆਂ ਨੂੰ ਇਕ ਸਾਂਝੇ ਮੰਚ ’ਤੇ ਲਿਆਉਣ ਵਿਚ ਯੂਨੀਵਰਸਿਟੀ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਡਾ. ਜਤਿੰਦਰ ਪਾਲ ਸਿੰਘ ਗਿੱਲ ਉਪ ਕੁਲਪਤੀ ਨੇ ਕਿਸਾਨਾਂ ਦੀ ਭਲਾਈ ਲਈ ਯੂਨੀਵਰਸਿਟੀ ਵਲੋਂ ਕੀਤੇ ਗਏ ਯੋਗਦਾਨ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਰਾਏ ਸਾਡੀ ਭਵਿੱਖ ਦੀ ਖੋਜ ਲਈ ਰੀੜ੍ਹ ਦੀ ਹੱਡੀ ਹੈ, ਇਸ ਲਈ ਹਰੇਕ ਕਿਸਾਨ ਨੂੰ ਸਾਡੇ ਭਵਿੱਖ ਦੇ ਉਪਰਾਲਿਆਂ ਲਈ ਕੋਈ ਨਾ ਕੋਈ ਸੁਝਾਅ ਦੇਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਆਪਣੇ ਫਾਰਮਾਂ ’ਤੇ ਬਿਹਤਰ ਸਿਹਤ ਅਤੇ ਉਤਪਾਦਨ ਲਈ ਯੂਨੀਵਰਸਿਟੀ ਦੁਆਰਾ ਵਿਕਸਤ ਕੀਤੇ ਗਏ ਉਤਪਾਦਾਂ ਨੂੰ ਅਜ਼ਮਾਉਣ ਲਈ ਉਤਸ਼ਾਹਿਤ ਕੀਤਾ। ਡਾ. ਰਵਿੰਦਰ ਸਿੰਘ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ ਸਾਡੇ ਕੁੱਝ ਵਿਭਾਗ ਪਸ਼ੂ ਪਾਲਣ ਸਬੰਧੀ ਸੇਵਾਵਾਂ ਦਿੰਦੇ ਹਨ ਜਦਕਿ ਕੁੱਝ ਵਿਭਾਗ ਪਸ਼ੂ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਨਵੇਂ ਉਤਪਾਦ ਤਿਆਰ ਕਰਨ ਸਬੰਧੀ ਸਿੱਖਿਅਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰਾ ਦੇ ਕੰਮਾਂ ਨਾਲ ਘਰ ਬੈਠਿਆਂ ਹੀ ਚੰਗੀ ਕਮਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਤਿਆਂ ਦੀ ਇਹ ਵੀ ਵਿਸ਼ੇਸ਼ਤਾ ਹੈ ਕਿ ਇਨ੍ਹਾਂ ਨੂੰ ਔਰਤਾਂ ਵੀ ਸੌਖਿਆਂ ਹੀ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਜਾਵਟੀ ਮੱਛੀਆਂ, ਮੱਛੀਆਂ ਲਈ ਐਕਵੇਰੀਅਮ, ਬੋਤਲ ਬੰਦ ਸੁਗੰਧਿਤ ਦੁੱਧ, ਲੱਸੀ, ਪਨੀਰ, ਮੀਟ ਅਤੇ ਆਂਡਿਆਂ ਦੇ ਆਚਾਰ, ਕੋਫ਼ਤੇ, ਪੈਟੀਆਂ, ਬਾਲ ਅਤੇ ਮੱਛੀ ਦੇ ਕੀਮੇ ਤੋਂ ਤਿਆਰ ਕੀਤੀਆਂ ਕਈ ਤਰ੍ਹਾਂ ਦੀਆਂ ਸੁਆਦੀ ਵੰਨਗੀਆਂ ਬਣਾਈਆਂ ਜਾ ਸਕਦੀਆਂ ਹਨ। ਯੂਨੀਵਰਸਿਟੀ ਦੇ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ ਕਾਲਜ, ਪਸ਼ੂ ਧਨ ਉਤਪਾਦ ਤੇ ਤਕਨਾਲੋਜੀ ਵਿਭਾਗ ਵਲੋਂ ਵੱਖ-ਵੱਖ ਕਿਸਮ ਦੇ ਦੁੱਧ, ਮੀਟ ਅਤੇ ਆਂਡਿਆਂ ਦੇ ਕਈ ਉਤਪਾਦ ਤਿਆਰ ਕੀਤੇ ਗਏ ਸਨ ਜਦਕਿ ਫ਼ਿਸ਼ਰੀਜ਼ ਕਾਲਜ ਵਲੋਂ ਵੀ ਵੱਡੀ ਗਿਣਤੀ ਵਿਚ ਉਤਪਾਦ ਪ੍ਰਦਰਸ਼ਿਤ ਕੀਤੇ ਗਏ ਸਨ। ਯੂਨੀਵਰਸਿਟੀ ਦੇ ਵੱਖੋ ਵੱਖਰੇ ਵਿਭਾਗਾਂ ਨੇ ਆਪਣਾ ਗਿਆਨ ਤੇ ਜਾਣਕਾਰੀਆਂ ਪਸ਼ੂ ਪਾਲਕਾਂ ਨੂੰ ਦਿੱਤੀਆਂ। ਪਸ਼ੂ ਆਹਾਰ ਵਿਭਾਗ ਨੇ ਪਸ਼ੂਆਂ ਦੇ ਸੁਚੱਜੇ ਖ਼ੁਰਾਕ ਪ੍ਰਬੰਧ ਲਈ ਕਈ ਨਵੀਆਂ ਤਕਨੀਕਾਂ ਜਿਵੇਂ ਬਾਈਪਾਸ ਫੈਟ, ਪਸ਼ੂ ਚਾਟ ਅਤੇ ਧਾਤਾਂ ਦਾ ਚੂਰਾ ਆਦਿ ਵਿਕਸਿਤ ਕੀਤੀਆਂ ਹਨ। ਪਸ਼ੂ ਆਹਾਰ ਤਿਆਰ ਕਰਨ ਵਾਸਤੇ ਪਸ਼ੂ ਪਾਲਕਾਂ ਨੂੰ ਸੰਤੁਲਿਤ ਮਿਕਦਾਰ ਬਾਰੇ ਵੀ ਦੱਸਿਆ ਗਿਆ। ਪਸ਼ੂ ਪ੍ਰਜਣਨ ਵਿਭਾਗ ਨੇ ਪਸ਼ੂਆਂ ਦੇ ਨਾ ਠਹਿਰਨ, ਵਾਰ ਵਾਰ ਫਿਰ ਜਾਣ ਆਦਿ ਵਰਗੀਆਂ ਉਲਝਣਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਸਮੱਸਿਆਵਾਂ ‘ਤੇ ਕਾਬੂ ਪਾਉਣ ਵਾਸਤੇ ਜਾਗਰੂਕ ਕੀਤਾ। ਮਸਨੂਈ ਗਰਭ ਦਾਨ ਦੇ ਫ਼ਾਇਦਿਆਂ ਬਾਰੇ ਵੀ ਕਿਸਾਨਾਂ ਨੂੰ ਦੱਸਿਆ ਗਿਆ। ਫਿਸ਼ਰੀਜ ਕਾਲਜ, ਵਲੋਂ ਵੱਖ-ਵੱਖ ਕਿਸਮਾਂ ਦੀਆਂ ਪਾਲਣਯੋਗ ਮੱਛੀਆਂ ਜਿਵੇਂ ਕਿ ਕਾਰਪ ਮੱਛੀ, ਕੈਟ ਮੱਛੀ, ਝੀਂਗਾ ਮੱਛੀ ਅਤੇ ਸਜਾਵਟੀ ਮੱਛੀਆਂ ਦੀ ਪ੍ਰਦਰਸ਼ਨੀ ਲਗਾਈ ਗਈ। ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ ਕਾਲਜ ਵਲੋਂ ਦੁੱਧ ਦੀ ਗੁਣਵੱਤਾ ਵਧਾ ਕੇ ਮਿੱਠੀ ਤੇ ਨਮਕੀਨ ਲੱਸੀ, ਦੁੱਧ, ਪਨੀਰ, ਬਰਫ਼ੀ ਤੇ ਹੋਰ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਈ ਗਈ। ਪਸ਼ੂ ਉਤਪਾਦ ਤਕਨਾਲੋਜੀ ਵਿਭਾਗ ਵਲੋਂ ਮੀਟ ਦੇ ਉਤਪਾਦ ਤਿਆਰ ਕੀਤੇ ਗਏ। ਯੂਨੀਵਰਸਿਟੀ ਦੇ ਸੈਂਟਰ ਫ਼ਾਰ ਵਨ ਹੈਲਥ ਨੇ ਲੋਕਾਂ ਨੂੰ ਅਤੇ ਪਾਲਤੂ ਜਾਨਵਰ ਰੱਖਣ ਵਾਲੇ ਮਾਲਕਾਂ ਨੂੰ ਪਸ਼ੂਆਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਬਾਰੇ ਆਗਾਹ ਕੀਤਾ। ਪਸ਼ੂਆਂ ਦੀ ਸਿਹਤ ਸਮੱਸਿਆਵਾਂ ਲਈ ਕੰਮ ਕਰਦੇ ਯੂਨੀਵਰਸਿਟੀ ਦੇ ਪਸ਼ੂ ਹਸਪਤਾਲ ਦੇ ਮਾਹਿਰਾਂ ਨੇ ਪਸ਼ੂ ਪਾਲਕਾਂ ਨੂੰ ਦੱਸਿਆ ਕਿ ਉਹ ਕਿਸੇ ਵੀ ਤਰਾਂ ਦੀ ਸਕੈਨਿੰਗ, ਅਪਰੇਸ਼ਨ ਸਬੰਧੀ, ਕਲੀਨੀਕਲ ਜਾਂ ਦਵਾਈ ਸਬੰਧੀ ਜਾਂਚ ਕਰਵਾ ਸਕਦੇ ਹਨ। ਇਸ ਮੌਕੇ ਉਘੀਆਂ ਸ਼ਖ਼ਸੀਅਤਾਂ ਵਲੋਂ ਯੂਨੀਵਰਸਿਟੀ ਦੇ ਵਿਗਿਆਨੀਆਂ ਦੁਆਰਾ ਤਿਆਰ ਕੀਤੇ ਗਏ ਵੱਖ-ਵੱਖ ਉਤਪਾਦਾਂ, ਕਿਤਾਬਚਿਆਂ ਅਤੇ ਪ੍ਰਕਾਸ਼ਨਾਵਾਂ ਨੂੰ ਲੋਕ ਅਰਪਿਤ ਕੀਤਾ ਗਿਆ। ਸੂਰ ਪਾਲਣ ਪ੍ਰਬੰਧਨ ਲਈ ਇਕ ਮੋਬਾਈਲ ਐਪ ਵੀ ਜਾਰੀ ਕੀਤੀ ਗਈ। ਇਸ ਸਮਾਗਮ ਵਿਚ ਬੱਕਰੀ ਦੇ ਦੁੱਧ ਤੋਂ ਤਿਆਰ ਕੀਤਾ ਗਿਆ ਵਾਲਾਂ ਦਾ ਸ਼ੈਂਪੂ ਵੀ ਜਾਰੀ ਕੀਤਾ ਗਿਆ। ਯੂਨੀਵਰਸਿਟੀ ਅਤੇ ਇਸ ਦੇ ਸਹਿਯੋਗ ਨਾਲ ਕੰਮ ਕਰਨ ਵਾਲੀਆਂ ਸੰਸਥਾਵਾਂ ਤੋਂ ਸਿਖਲਾਈ ਲੈ ਕੇ ਆਪਣੇ ਕਿੱਤੇ ਸਥਾਪਤ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਅਤੇ ਜਥੇਬੰਦੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉੱਘੇ ਲੋਕ ਗਾਇਕ ਜਨਾਬ ਮੁਹੰਮਦ ਸਦੀਕ ਨੇ ਆਪਣੇ ਮਕਬੂਲ ਗੀਤਾਂ ਨਾਲ ਕਿਸਾਨਾਂ ਦਾ ਮਨੋਰੰਜਨ ਕੀਤਾ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਪੰਜਾਬ ਸਰਕਾਰ ਦੇ ਵਿਭਾਗਾਂ ਅਤੇ ਯੂਨੀਵਰਸਿਟੀ ਨਾਲ ਜੁੜੀਆਂ ਸੰਸਥਾਵਾਂ ਵਲੋਂ 100 ਤੋਂ ਵੱਧ ਸਟਾਲ ਲਗਾਏ ਗਏ ਸਨ। ਇਨ੍ਹਾਂ ਸਟਾਲਾਂ ਵਿਚੋਂ ਕੈਰਸ ਲੈਬਾਰਟਰੀਜ਼ ਪ੍ਰਾਈਵੇਟ ਲਿਮਟਿਡ ਨੂੰ ਪਹਿਲਾ, ਡੀ ਹਿਊਸ ਐਨੀਮਲ ਨਿਊਟ੍ਰੀਸ਼ਨ ਨੂੰ ਦੂਜਾ ਅਤੇ ਬਿਗ ਬਰੋ ਐਨੀਮਲ ਫੀਡ ਨੂੰ ਤੀਜਾ ਸਥਾਨ ਦਿੱਤਾ ਗਿਆ, ਜਦਕਿ ਸਪੈਂਕੋ ਐਗਰੀਕਲਚਰ ਇੰਪਲੀਮੈਂਟਸ ਨੂੰ ਹੌਂਸਲਾ-ਅਫਜ਼ਾਈ ਇਨਾਮ ਅਤੇ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਵਰਗ ਵਿਚ, ਪਸ਼ੂ ਧਨ ਉਤਪਾਦਨ ਪ੍ਰਬੰਧਨ ਵਿਭਾਗ ਨੂੰ ਪਹਿਲਾ, ਪਸ਼ੂ ਆਹਾਰ ਵਿਭਾਗ ਨੂੰ ਦੂਜਾ, ਵੈਟਰਨਰੀ ਪੈਥੋਲੋਜੀ ਵਿਭਾਗ ਨੂੰ ਤੀਜਾ ਅਤੇ ਸੈਂਟਰ ਫ਼ਾਰ ਵਨ ਹੈਲਥ ਨੂੰ ਹੌਂਸਲਾ-ਅਫ਼ਜ਼ਾਈ ਇਨਾਮ ਮਿਲਿਆ। ਕਾਲਜ ਆਫ਼ ਫਿਸ਼ਰੀਜ਼ ਅਤੇ ਕਾਲਜ ਆਫ਼ ਡੇਅਰੀ ਐਂਡ ਫੂਡ ਸਾਇੰਸ ਐਂਡ ਟੈਕਨਾਲੋਜੀ ਨੂੰ ਉਤਮਤਾ ਪੁਰਸਕਾਰ ਨਾਲ ਨਿਵਾਜਿਆ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਸੰਧੂ, ਡਾ. ਅਮਰੀਸ਼ ਵੈਦ ਅਤੇ ਵੈਟਰਨਰੀ ਯੂਨੀਵਰਸਿਟੀ ਦੇ ਸਾਬਕਾ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪਰਮਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਨਿਗਰਾਨ ਬਾਲ ਕ੍ਰਿਸ਼ਨ ਲੁਧਿਆਣਾ ਪੁੱਜੇ ਸਕੂਲ ਆਫ ਐਮੀਨੈਂਸ ਦੀ ਜਾਂਚ ਦੌਰਾਨ ਆਰ.... ਅਗਲੀ ਖ਼ਬਰ ਪੀ . ਏ . ਯੂ . ਦੇ ਪਲੇਸਮੈਂਟ ਅਤੇ ਕਾਊਂਸਲਿੰਗ ਸੈੱਲ ਨੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਬਾਰੇ ਸੈਸ਼ਨ ਕਰਵਾਇਆ
Ad Position 24