ਹਲਕਾ ਦੱਖਣੀ ’ਚ ਈਸ਼ਵਰਜੋਤ ਚੀਮਾ ਦੇ ਹੱਕ ’ਚ ਉੱਠਣ ਲੱਗੀ ਲੋਕਾਂ ਦੀ ਆਵਾਜ਼
ਲੁਧਿਆਣਾ, 30 ਅਕਤੂਬਰ (ਜਤਿੰਦਰ ਭੰਬੀ)-ਹਲਕਾ ਦੱਖਣੀ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੂੰ ਈਸ਼ਰ ਨਗਰ ਵਿਖੇ ਹੋਈ ਮੀਟਿੰਗ ਦੌਰਾਨ ਮਿਲੇ ਭਰਵੇਂ ਹੁੰਗਾਰੇ ਨੇ ਹਲਕੇ ਦੀ ਸਿਆਸੀ ਚਰਚਾ ਨੂੰ ਹੋਰ ਗਰਮਾ ਦਿੱਤਾ ਹੈ।
ਲੁਧਿਆਣਾ, 30 ਅਕਤੂਬਰ (ਜਤਿੰਦਰ ਭੰਬੀ)-ਹਲਕਾ ਦੱਖਣੀ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੂੰ ਈਸ਼ਰ ਨਗਰ ਵਿਖੇ ਹੋਈ ਮੀਟਿੰਗ ਦੌਰਾਨ ਮਿਲੇ ਭਰਵੇਂ ਹੁੰਗਾਰੇ ਨੇ ਹਲਕੇ ਦੀ ਸਿਆਸੀ ਚਰਚਾ ਨੂੰ ਹੋਰ ਗਰਮਾ ਦਿੱਤਾ ਹੈ। ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ, ਸਿੱਖਿਆ ਅਤੇ ਸਿਹਤ ਸਹੂਲਤਾਂ ਵਰਗੇ ਅਹਿਮ ਮੁੱਦੇ ਪ੍ਰਮੁੱਖਤਾ ਨਾਲ ਉਭਰੇ। ਚੀਮਾ ਨੇ ਕਿਹਾ ਕਿ ਹਲਕਾ ਦੱਖਣੀ ਦੇ ਲੋਕਾਂ ਨੂੰ ਹੁਣ ਸਿਰਫ਼ ਚੋਣਾਂ ਵੇਲੇ ਕੀਤੇ ਜਾਣ ਵਾਲੇ ਵਾਅਦਿਆਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਦਿਖਾਈ ਦੇਣ ਵਾਲੇ ਵਿਕਾਸ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ 2027 ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਹਲਕੇ ਵਿਚ ਕੁੜੀਆਂ ਦੀ ਸਿੱਖਿਆ ਲਈ ਸਕੂਲ ਅਤੇ ਕਾਲਜ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ, ਤਾਂ ਜੋ ਧੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਲਈ ਦੂਰ-ਦੁਰਾਡੇ ਇਲਾਕਿਆਂ ਵਿਚ ਨਾ ਜਾਣਾ ਪਵੇ। ਇਸ ਦੇ ਨਾਲ ਹੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਲਕਾ ਦੱਖਣੀ ਵਿਚ ਹਸਪਤਾਲ ਬਣਾਉਣ ਦੀ ਦਿਸ਼ਾ ਵਿਚ ਵੀ ਪਹਿਲ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਕਿਸੇ ਵੀ ਹਲਕੇ ਦੀ ਅਸਲ ਤਰੱਕੀ ਸਿਰਫ਼ ਸੜਕਾਂ ਜਾਂ ਇਮਾਰਤਾਂ ਤੱਕ ਸੀਮਤ ਨਹੀਂ ਹੁੰਦੀ, ਬਲਕਿ ਲੋਕਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਪਰਿਵਾਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਾ ਵੀ ਵਿਕਾਸ ਦਾ ਅਹਿਮ ਹਿੱਸਾ ਹੈ। ਉਨ੍ਹਾਂ ਮੁਤਾਬਿਕ ਹਲਕਾ ਦੱਖਣੀ ਵਿਚ ਅਜਿਹੀਆਂ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਨ ਲਈ ਵਚਨਬੱਧ ਹਨ। ਹਲਕਾ ਦੱਖਣੀ ਵਿਚ ਹੁਣ ਸਿਆਸੀ ਚਰਚਾ ਦਾ ਕੇਂਦਰ ਸਿਰਫ਼ ਟਿਕਟ ਜਾਂ ਚੋਣ ਦਾਅਵੇ ਨਹੀਂ, ਸਗੋਂ ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਦੇ ਮੁੱਦੇ ਵੀ ਬਣਦੇ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿਚ ਇਹ ਦੇਖਣਾ ਅਹਿਮ ਹੋਵੇਗਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਲੋਕਾਂ ਦੀਆਂ ਇਨ੍ਹਾਂ ਉਮੀਦਾਂ ਨੂੰ ਆਪਣੇ ਚੋਣ ਏਜੰਡੇ ਵਿਚ ਕਿੰਨੀ ਥਾਂ ਦਿੰਦੀਆਂ ਹਨ।