ਡੀ . ਸੀ . ਵਲੋਂ ਐਨ . ਐਚ . ਏ . ਆਈ . ਅਧਿਕਾਰੀਆਂ ਨੂੰ ਨਿਰਦੇਸ਼ ਬੰਦ ਪਏ ਕਾਰਜ ਸ਼ੁਰੂ ਕੀਤੇ ਜਾਣ, ਟੁੱਟੀਆਂ ਸੜਕਾਂ ਦੀ ਪਹਿਲ ਦੇ ਆਧਾਰ ’ਤੇ ਮੁਰੰਮਤ ਕਰਨ ਦੇ ਵੀ ਹੁਕਮ ਜਾਰੀ
ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੁਧਿਆਣਾ ਸਥਿਤ ਆਪਣੇ ਦਫ਼ਤਰ ਵਿਖੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ, ਜਿਸ ਵਿਚ ਜ਼ਿਲ੍ਹੇ ਅੰਦਰ ਹਾਈਵੇਅ ਪ੍ਰੋਜੈਕਟਾਂ ਅਤੇ ਸੜਕ ਸੁਰੱਖਿਆ ਦੀ ਸਮੀਖਿਆ ਕੀਤੀ ਗਈ।
ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੁਧਿਆਣਾ ਸਥਿਤ ਆਪਣੇ ਦਫ਼ਤਰ ਵਿਖੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ, ਜਿਸ ਵਿਚ ਜ਼ਿਲ੍ਹੇ ਅੰਦਰ ਹਾਈਵੇਅ ਪ੍ਰੋਜੈਕਟਾਂ ਅਤੇ ਸੜਕ ਸੁਰੱਖਿਆ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਰੁਕੇ ਹੋਏ ਕੰਮ ਤੁਰੰਤ ਮੁੜ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਅਧੂਰੇ ਪਏ ਪ੍ਰੋਜੈਕਟਾਂ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਰੋਜ਼ਾਨਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ, ਇਸ ਲਈ ਹੁਣ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਮੌਜੂਦ ਕਿਸੇ ਵੀ ਤਰ੍ਹਾਂ ਦੇ ਲੰਬਿਤ ਮਸਲਿਆਂ ਨੂੰ ਹੱਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਥਾਵਾਂ ‘ਤੇ ਕੰਮ ਪੂਰੀ ਤੇਜ਼ੀ ਨਾਲ ਦੁਬਾਰਾ ਸ਼ੁਰੂ ਹੋਵੇ। ਕਈ ਥਾਵਾਂ ‘ਤੇ ਸੜਕਾਂ ਦੀ ਖਸਤਾ ਹਾਲਤ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਹੁਕਮ ਦਿੱਤੇ ਕਿ ਸਾਰੀਆਂ ਟੁੱਟੀਆਂ ਅਤੇ ਨੁਕਸਾਨੀਆਂ ਗਈਆਂ ਸੜਕਾਂ ਦੀ ਮੁਰੰਮਤ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸੜਕ ਦੀ ਖ਼ਰਾਬ ਹਾਲਤ, ਅਧੂਰੇ ਕੰਮ ਜਾਂ ਸੁਰੱਖਿਆ ਸੰਕੇਤਾਂ ਦੀ ਘਾਟ ਕਾਰਨ ਕੋਈ ਸੜਕ ਹਾਦਸਾ ਵਾਪਰਦਾ ਹੈ, ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਠੇਕੇਦਾਰ ਹੋਵੇ ਜਾਂ ਸਬੰਧਿਤ ਅਧਿਕਾਰੀ। ਉਨ੍ਹਾਂ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਯਮਿਤ ਤੌਰ ‘ਤੇ ਕੰਮ ਵਾਲੀਆਂ ਥਾਵਾਂ ਦਾ ਨਿਰੀਖਣ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਜਿੱਥੇ ਮੁਰੰਮਤ ਜਾਂ ਉਸਾਰੀ ਦਾ ਕੰਮ ਚੱਲ ਰਿਹਾ ਹੈ, ਉੱਥੇ ਢੁਕਵੇਂ ਬੈਰੀਕੇਡ, ਰਿਫ਼ਲੈਕਟਰ ਅਤੇ ਚੇਤਾਵਨੀ ਬੋਰਡ ਲਗਾਏ ਗਏ ਹੋਣ। ਉਨ੍ਹਾਂ ਕਿਹਾ ਕਿ ਜਨਤਕ ਸੁਰੱਖਿਆ ਅਤੇ ਸੜਕੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਵਿਭਾਗੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।