ਡੀ . ਸੀ . ਵਲੋਂ ‘ ਚੇਤਨਾ ਪ੍ਰੋਜੈਕਟ ’ ਦਾ ਆਗਾਜ਼ 30 ਬੱਚਿਆਂ ਦੇ ਗਰੁੱਪ ਨਾਲ ਮੁਲਾਕਾਤ ਕਰਦਿਆਂ, ਭਵਿੱਖ ਦੇ ਟੀਚਿਆਂ ਦੀ ਪ੍ਰਾਪਤੀ ਲਈ ਕੀਤਾ ਪ੍ਰੇਰਿਤ
ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਕੂਲੀ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਕਾਰਜਸ਼ੈਲੀ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ‘ਚੇਤਨਾ ਪ੍ਰੋਜੈਕਟ’ ਦਾ ਆਗਾਜ਼ ਕੀਤਾ ਗਿਆ ਹੈ, ਜਿਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਵਿਭਾਗਾਂ/ਦਫ਼ਤਰਾਂ ਦੀ ਕਾਰਜ-ਵਿਧੀ ਨੂੰ ਨੇੜਿਓਂ ਦੇਖਣ, ਸਮਝਣ ਅਤੇ ਤਜਰਬਾ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਡਿਪਟੀ ਕਮਿਸ਼ਨਰ ਡਾ.
ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਕੂਲੀ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਕਾਰਜਸ਼ੈਲੀ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ‘ਚੇਤਨਾ ਪ੍ਰੋਜੈਕਟ’ ਦਾ ਆਗਾਜ਼ ਕੀਤਾ ਗਿਆ ਹੈ, ਜਿਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਵਿਭਾਗਾਂ/ਦਫ਼ਤਰਾਂ ਦੀ ਕਾਰਜ-ਵਿਧੀ ਨੂੰ ਨੇੜਿਓਂ ਦੇਖਣ, ਸਮਝਣ ਅਤੇ ਤਜਰਬਾ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਚੇਤਨਾ ਪ੍ਰੋਜੈਕਟ ਤਹਿਤ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ ਦੇ 30 ਵਿਦਿਆਰਥੀਆਂ ਨਾਲ ਮੁਲਾਕਾਤ ਕਰਦਿਆਂ ਬੱਚਿਆਂ ਦੇ ਸੁਆਲਾਂ ਦੇ ਜੁਆਬ ਦਿੱਤੇ। ਉਨ੍ਹਾਂ ਬੱਚਿਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਨਿਵੇਕਲੀ ਪਹਿਲਕਦਮੀ ਤਹਿਤ ਵਿਦਿਆਰਥੀਆਂ ਨੂੰ ਸਰਕਾਰੀ ਵਿਭਾਗਾਂ ਦੀ ਕਾਰਜਸ਼ੈਲੀ ਤੋਂ ਜਾਣੂੰ ਕਰਵਾਉਣ ਦੇ ਮੰਤਵ ਨਾਲ, ਅੱਜ ਸੇਵਾ ਕੇਂਦਰ, ਐਸ.ਬੀ.ਆਈ. ਬੈਂਕ, ਪੁਲਿਸ ਥਾਣਾ ਪੀ.ਏ.ਯੂ. ਅਤੇ ਦਫ਼ਤਰ ਸਬ-ਰਜਿਸਟਰਾਰ (ਪੱਛਮੀ) ਦਾ ਦੌਰਾ ਕਰਵਾਇਆ ਗਿਆ। ਸੇਵਾ ਕੇਂਦਰ ਵਿਚ ਬੱਚਿਆਂ ਨੂੰ ਦੱਸਿਆ ਗਿਆ ਕਿ ਕਿਵੇਂ ਹੈਲਪ ਲਾਈਨ 1076 ਡਾਇਲ ਕਰਕੇ ਘਰ ਬੈਠੇ ਵੱਖ-ਵੱਖ ਪ੍ਰਸ਼ਾਸ਼ਕੀ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ, ਜਨਮ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਅੱਪਡੇਟ ਆਦਿ ਲਈ ਕਿਹੜੇ-ਕਿਹੜੇ ਦਸਤਾਵੇਜ਼ ਲੋੜੀਂਦੇ ਹਨ। ਇਸ ਤੋਂ ਇਲਾਵਾ ਬੈਂਕ ਦੀ ਕਾਰਜਸ਼ੈਲੀ, ਨਵਾਂ ਖਾਤਾ ਕਿਵੇਂ ਖੁਲ੍ਹਵਾਉਣਾ, ਸਾਈਬਰ ਧੋਖਾਧੜੀ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਡਾ. ਅਗਰਵਾਲ ਨੇ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਸਕੂਲੀ ਵਿਦਿਆਰਥੀਆਂ ਨੂੰ ਸਰਕਾਰੀ ਪ੍ਰਕਿਰਿਆ ਤੋਂ ਜਾਣੂ ਕਰਵਾਉਣਾ ਹੈ, ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ, ਇਸ ਪ੍ਰੋਜੈਕਟ ਨੂੰ ਰੈੱਡ ਕਰਾਸ ਸੁਸਾਇਟੀ, ਲੁਧਿਆਣਾ ਵਲੋਂ ਚਲਾਇਆ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਅਗਰਵਾਲ ਵਲੋਂ ਸਕੱਤਰ, ਰੈੱਡ ਕਰਾਸ ਸੁਸਾਇਟੀ ਨਵਨੀਤ ਜੋਸ਼ੀ ਨੂੰ ਇਸ ਸਬੰਧੀ ਸਬੰਧਿਤ ਵਿਭਾਗਾਂ ਅਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨਾਲ ਅਗਾਊਂ ਹੀ ਤਾਲਮੇਲ ਸਥਾਪਤ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਨੂੰ ਵੱਡੇ ਪੱਧਰ ‘ਤੇ ਸਫਲ ਬਣਾਉਣ ਅਤੇ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਕਰਕੇ ਉਨ੍ਹਾਂ ਨੂੰ ਦਫ਼ਤਰੀ ਕਾਰਜਸ਼ੈਲੀ ਬਾਰੇ ਸਿੱਖਿਅਤ ਕਰਨ ਵਿਚ ਸਰਗਰਮ ਸਹਿਯੋਗ ਦੇਣ ਲਈ ਕਿਹਾ।