ਹਲਕਾ ਆਤਮ ਨਗਰ ਵਿਖੇ ਬੈਂਸ ਦੀ ਅਗਵਾਈ ਹੇਠ ਕੱਢੇ ਇਨਸਾਫ਼ ਮਾਰਚ ’ ਚ ਭਾਰੀ ਗਿਣਤੀ ’ ਚ ਕਾਂਗਰਸੀ ਵਰਕਰ ਹੋਏ ਸ਼ਾਮਿਲ
ਲੁਧਿਆਣਾ, 27ਨਵੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਆਤਮ ਨਗਰ ਵਿਖੇ ਕੱਢੇ ਗਏ ‘ਇਨਸਾਫ਼ ਮਾਰਚ’ ਦੌਰਾਨ ਕਾਂਰਗਸੀ ਵਰਕਰਾਂ ਅਤੇ ਆਮ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਮਾਡਲ ਟਾਊਨ ਪੋਸਟ ਆਫ਼ਿਸ ਤੋਂ ਸ਼ੁਰੂ ਹੋਏ ਇਸ ਇਨਸਾਫ਼ ਮਾਰਚ ‘ਚ ਲੋਕਾਂ ਨੇ ਕਾਂਗਰਸੀ ਲੀਡਰਸ਼ਿਪ ਨੇ ਭਰਵਾਂ ਸਵਾਗਤ ਕੀਤਾ।
ਲੁਧਿਆਣਾ, 27ਨਵੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਆਤਮ ਨਗਰ ਵਿਖੇ ਕੱਢੇ ਗਏ ‘ਇਨਸਾਫ਼ ਮਾਰਚ’ ਦੌਰਾਨ ਕਾਂਰਗਸੀ ਵਰਕਰਾਂ ਅਤੇ ਆਮ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਮਾਡਲ ਟਾਊਨ ਪੋਸਟ ਆਫ਼ਿਸ ਤੋਂ ਸ਼ੁਰੂ ਹੋਏ ਇਸ ਇਨਸਾਫ਼ ਮਾਰਚ ‘ਚ ਲੋਕਾਂ ਨੇ ਕਾਂਗਰਸੀ ਲੀਡਰਸ਼ਿਪ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਬੋਧਨ ਕਰਦਿਆਂ ‘ਆਪ’ ਸਰਕਾਰ ਦੀਆਂ ਨੀਤੀਆਂ ਦੀ ਵਿਰੋਧਤਾ ਕਰਦਿਆਂ ਵਧ ਫੁੱਲ ਰਹੇ ਨਸ਼ੇ ਦੇ ਕਾਰੋਬਾਰ ’ਤੇ ਚਿੰਤਤ ਹੁੰਦਿਆਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ‘ਤੇ ਨਸ਼ਿਆਂ ਅਤੇ ਵਧ ਰਹੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਈ ਜਾਵੇਗੀ। ਇਸ ਮੌਕੇ ਕੈਪਟਨ ਸੰਦੀਪ ਸੰਧੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਸਾਬਕਾ ਵਿਧਾਇਕ ਰਾਕੇਸ਼ ਪਾਂਡੇ, ਸਾਬਕਾ ਵਿਧਾਇਕ ਜਥੇ: ਬਲਵਿੰਦਰ ਸਿੰਘ ਬੈਂਸ, ਵਿਧਾਇਕ ਕੁਲਵੀਰ ਸਿੰਘ ਜ਼ੀਰਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ ਸਮੇਤ ਲੁਧਿਆਣਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ‘ਇਨਸਾਫ਼ ਮਾਰਚ’ ਦੌਰਾਨ ਕਾਂਗਰਸੀ ਆਗੂਆਂ ਵਲੋਂ ਪੰਜਾਬ ਦੀ ਕਾਨੂੰਨ ਵਿਵਸਥਾ, ਗੈਂਗਸਟਰਵਾਦ, ਲੁੱਟਾਂ-ਖੋਹਾਂ, ਫਿਰੌਤੀਆਂ, ਨਸ਼ਿਆਂ, ਸਰਕਾਰੀ ਅਦਾਰਿਆਂ ਵਿਚ ਭ੍ਰਿਸ਼ਟਾਚਾਰ ਅਤੇ ਰੁਕੇ ਵਿਕਾਸ ਕਾਰਜਾਂ ਵਰਗੇ ਅਹਿਮ ਮੁੱਦੇ ਉਠਾਏ ਗਏ। ਇਸ ਮੌਕੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਨਸਾਫ਼ ਮਾਰਚ ਦਾ ਮਕਸਦ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਹਰ ਨਾਗਰਿਕ ਨੂੰ ਸੁਰੱਖਿਅਤ ਮਾਹੌਲ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਬੈਂਸ ਨੇ ਕਿਹਾ ਕਿ ਹਲਕਾ ਆਤਮ ਨਗਰ ਦੇ ਲੋਕਾਂ ਦੀਆਂ ਟੁੱਟੀਆਂ ਸੜਕਾਂ, ਸੀਵਰੇਜ, ਸਫ਼ਾਈ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਉਹ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਸੁਰੱਖਿਆ, ਨੌਜਵਾਨਾਂ ਲਈ ਰੁਜ਼ਗਾਰ ਅਤੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਤੋਂ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ। ਕਾਂਗਰਸੀ ਆਗੂਆਂ ਨੇ ਇਨਸਾਫ਼ ਮਾਰਚ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਮੌਜੂਦਾ ਸਰਕਾਰ ਪ੍ਰਤੀ ਲੋਕਾਂ ਦੀ ਨਾਰਾਜ਼ਗੀ ਦਾ ਪ੍ਰਗਟਾਵਾ ਦੱਸਿਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਵਿਚ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਲਈ ਤਿਆਰ ਹਨ। ਸਿਮਰਜੀਤ ਸਿੰਘ ਬੈਂਸ ਨੇ ਇਨਸਾਫ਼ ਮਾਰਚ ਨੂੰ ਮਿਲੇ ਭਰਵੇਂ ਹੁੰਗਾਰੇ, ਅਥਾਹ ਪਿਆਰ ਅਤੇ ਸਹਿਯੋਗ ਲਈ ਸਮੁੱਚੇ ਹਲਕਾ ਆਤਮ ਨਗਰ ਦੇ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਆਤਮ ਨਗਰ ਦੇ ਲੋਕਾਂ ਵਲੋਂ ਮਿਲਿਆ ਪਿਆਰ ਅਤੇ ਸਤਿਕਾਰ ਉਨ੍ਹਾਂ ਲਈ ਬਹੁਤ ਵੱਡੀ ਜ਼ਿੰਮੇਵਾਰੀ ਹੈ। ਲੋਕਾਂ ਦੀ ਸੇਵਾ, ਉਨ੍ਹਾਂ ਦੇ ਦੁੱਖ-ਸੁੱਖ ਵਿਚ ਸਾਥ ਦੇਣਾ ਅਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਰਹਿਣਾ ਹਮੇਸ਼ਾ ਉਨ੍ਹਾਂ ਦੀ ਪਹਿਲ ਰਹੇਗੀ। ਬੈਂਸ ਨੇ ਮਾਰਚ ਨੂੰ ਸਫਲ ਬਣਾਉਣ ਲਈ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ, ਵਰਕਰਾਂ, ਨੌਜਵਾਨਾਂ, ਮਾਤਾਵਾਂ, ਭੈਣਾਂ ਅਤੇ ਬਜ਼ੁਰਗਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।