ਐੱਸ. ਏ. ਐੱਸ. ਨਗਰ, 17 ਅਗਸਤ (ਪ੍ਰੋ. ਅਵਤਾਰ ਸਿੰਘ)- ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ‘ਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਈ ਸਤਨਾਮ ਸਿੰਘ ਟਾਂਡਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ‘ਚ ਵਿਸਥਾਰ ਸਹਿਤ ਸੁਣਾਇਆ। ਇਸ ਤੋਂ ਬਾਅਦ ਭਾਈ ਰਜਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੁਆਰਾ ਕੀਤੇ ਗਏ ਸਮਾਜ ਸੇਵੀ ਕਾਰਜਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਾਹਿਤ ਜਾਣੂ ਕਰਵਾਇਆ। ਇਸੇ ਦੌਰਾਲ ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਬਾਬਾ ਦੀਪ ਸਿੰਘ ਕਵੀਸ਼ਰੀ ਜਥੇ, ਭਾਈ ਸਾਹਿਬ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਗੁਰਸੇਵਕ ਸਿੰਘ ਰਾਜਪੁਰਾ ਅਤੇ ਭਾਈ ਗੁਰਚਰਨ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਹਰਬਖਸ਼ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕੀਰਤਨ, ਕਥਾ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ। ਸਮਾਗਮ ਦੌਰਾਨ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਸਮੇਤ ਹੋਰ ਕਈ ਮਹਾਂਪੁਰਸ਼ਾਂ ਨੇ ਸੰਗਤਾਂ ਦੇ ਦਰਸ਼ਨ ਕੀਤੇ। ਇਸ ਮੌਕੇ ਵੱਖ-ਵੱਖ ਪ੍ਰਕਾਰ ਦੇ ਮਿਸ਼ਠਾਨਾਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।