ਮੌਜੂਦਾ ਸੂਬਾ ਸਰਕਾਰ ਦੀਆਂ ਵਧੀਕੀਆਂ ਦੇ ਖ਼ਿਲਾਫ਼ ਪਿੰਡ ਪਲਹੇੜੀ ਵਿਖੇ ‘ਪੰਜਾਬ ਬਚਾਓ ਰੈਲੀ’ ਭਲਕੇ-ਖੇੜਾ
ਖਰੜ, 8 ਸਤੰਬਰ (ਜੰਡਪੁਰੀ/ਮਾਨ)-ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਵਧੀਕੀਆਂ ਅਤੇ ਮਾਰੂ ਸ਼ਾਸਨ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਲਕੇ 10 ਸਤੰਬਰ ਨੂੰ ਪਿੰਡ ਪਲਹੇੜੀ (ਖਰੜ) ਵਿਖੇ ‘ਪੰਜਾਬ ਬਚਾਓ ਰੈਲੀ’ ਕੀਤੀ ਜਾ ਰਹੀ ਹੈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਸੰਬੋਧਨ ਕਰੇਗੀ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਸਥਾਨਕ ਅਰਿਸ਼ਤਾ ਹੋਟਲ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਨ ਮੌਕੇ ਸਾਂਝੀ ਕੀਤੀ।
ਖਰੜ, 8 ਸਤੰਬਰ (ਜੰਡਪੁਰੀ/ਮਾਨ)-ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਵਧੀਕੀਆਂ ਅਤੇ ਮਾਰੂ ਸ਼ਾਸਨ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਲਕੇ 10 ਸਤੰਬਰ ਨੂੰ ਪਿੰਡ ਪਲਹੇੜੀ (ਖਰੜ) ਵਿਖੇ ‘ਪੰਜਾਬ ਬਚਾਓ ਰੈਲੀ’ ਕੀਤੀ ਜਾ ਰਹੀ ਹੈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਸੰਬੋਧਨ ਕਰੇਗੀ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਸਥਾਨਕ ਅਰਿਸ਼ਤਾ ਹੋਟਲ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਨ ਮੌਕੇ ਸਾਂਝੀ ਕੀਤੀ। ਉਨ੍ਹਾਂ ਮੌਜੂਦਾ ਸੂਬਾ ਸਰਕਾਰ ‘ਤੇ ਤੰਜ ਕਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਨਾਲ ਜਿਹੜੇ ਵਾਅਦੇ ਕਰਕੇ ਸੱਤਾ ‘ਤੇ ਕਾਬਜ਼ ਹੋਈ ਸੀ, ਉਨ੍ਹਾਂ ਨੂੰ ਪੂਰਾ ਕਰਨ ‘ਚ ਉਹ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਦੀ ਨਾਲਾਇਕੀ ਖ਼ਿਲਾਫ਼ ਮੀਡੀਆ, ਆਮ ਜਨਤਾ ਜਾਂ ਪੀੜਤ ਲੋਕ ਆਵਾਜ਼ ਚੁਕਦੇ ਹਨ ਤਾਂ ਉਨ੍ਹਾਂ ਨੂੰ ਪੁਲਿਸ ਰਾਹੀਂ ਡਰਾਇਆ-ਧਮਕਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪਿੰਡ ਤੀੜਾ ਵਿਖੇ ਹੋਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਲਾਕੇ ਲਈ ਕੋਈ ਖਾਸ ਐਲਾਨ ਨਹੀਂ ਕੀਤਾ। ਇਥੋਂ ਤੱਕ ਕਿ ਉਹ ਪਿੰਡ ਤੀੜਾ ਦੀਆਂ ਲੋੜਾਂ ਵੀ ਪੂਰੀਆਂ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ‘ਪੰਜਾਬ ਬਚਾਓ ਰੈਲੀ’ ਦੌਰਾਨ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਖੁਲਾਸਾ ਕੀਤਾ ਜਾਵੇਗਾ। ਖੇੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੀ ਨਾਲਾਇਕੀ ਨੇ ਹਲਕਾ ਖਰੜ ਨੂੰ ਵਿਕਾਸ ਦੇ ਮਾਮਲੇ ‘ਚ ਕਈ ਸਾਲ ਪਿੱਛੇ ਧੱਕ ਦਿੱਤਾ ਹੈ ਅਤੇ ਹੁਣ ਜਦੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਲੋਕ ਨੇ ਖਰੜ ਹਲਕੇ ਸੰਬੰਧੀ ਕਰਨੇ ਸਨ ਤਾਂ ਮੁੱਖ ਮੰਤਰੀ ਵਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਨਵਾਂ ਹਲਕਾ ਇੰਚਾਰਜ ਲਗਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਭ ਹਲਕੇ ਦੇ ਲੋਕਾਂ ਦੇ ਸਵਾਲਾਂ ਤੋਂ ਬਚਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚਿਹਰਾ ਬਦਲਣ ਨਾਲ ਹਲਕਾ ਪੱਧਰ ‘ਤੇ ਹੋਏ ਨੁਕਸਾਨਾਂ ਬਾਰੇ ਪੁੱਛੇ ਜਾਣ ਵਾਲੇ ਸਵਾਲਾਂ ਤੋਂ ਨਹੀਂ ਬਚਿਆ ਜਾ ਸਕਦਾ ਅਤੇ ਪਰਮਿੰਦਰ ਸਿੰਘ ਗੋਲਡੀ ਨੂੰ ਇਸ ਦਾ ਜਵਾਬ ਦੇਣਾ ਹੀ ਪਵੇਗਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੀ ਪੰਜ ਸਾਲਾਂ ‘ਚ ਖਰੜ ਦੇ ਵਿਕਾਸ ਲਈ ਕੀ ਕੀਤਾ ਹੈ। ਇਸ ਮੌਕੇ ਬਲਵਿੰਦਰ ਸਿੰਘ ਬਲਾਕ ਪ੍ਰਧਾਨ, ਬਿਕਰਮਜੀਤ ਸਿੰਘ ਗਰੇਵਾਲ, ਸਵਰਨਜੀਤ ਸਿੰਘ ਜੇ. ਈ., ਹਰਬੰਸ ਸਿੰਘ ਸਿੱਧੂ, ਲਖਵਰ ਸਿੰਘ ਸੇਖੋਂ, ਮਲਕੀਤ ਸਿੰਘ ਸਾਬਕਾ ਸੈਕਟਰੀ, ਹਰਜਿੰਦਰ ਸਿੰਘ ਬਲੌਂਗੀ, ਗੋਪਾਲ ਕ੍ਰਿਸ਼ਨ, ਸਿਮਰਨਜੀਤ ਸਿੰਘ ਬਿੰਨੀ, ਮਾਨ ਸਿੰਘ ਸਾਬਕਾ ਕੌਂਸਲਰ, ਕਰਨੈਲ ਸਿੰਘ ਤੇ ਅਮਨਦੀਪ ਸਿੰਘ ਅੰਮੂ ਆਦਿ ਵੀ ਹਾਜ਼ਰ ਸਨ।