ਮੁੱਖ ਮੰਤਰੀ ਮਾਨ ਅਤੇ ਡੀ . ਜੀ . ਪੀ. ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਫੇਲ੍ਹ , ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ - ਡੈਨੀ ਬੰਡਾਲਾ
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਅਤੇ ਡੀ. ਜੀ.
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਫੇਲ੍ਹ ਸਾਬਿਤ ਹੋਏ ਹਨ ਜਿਸ ਦਾ ਵੱਡਾ ਸਬੂਤ ਹੈ ਕਿ ਪੰਜਾਬ ਵਿਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਅੰਮ੍ਰਿਤਸਰ ਵਿਚ ਪੁਲਿਸ ਚੌਕੀ ਦੇ ਠੀਕ ਸਾਹਮਣੇ 13 ਰਾਊਂਡ ਫਾਇਰਿੰਗ ਕਰਕੇ ਇਕ ਨੌਜਵਾਨ ਦੀ ਹੱਤਿਆ ਨੂੰ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਡਰਾਉਣੀ ਤਸਵੀਰ ਪੇਸ਼ ਕਰਦੀ ਹੈ। ਡੈਨੀ ਬੰਡਾਲਾ ਨੇ ਕਿਹਾ ਕਿ ਇਸ ਨਾਲ ਸਾਬਤ ਹੁੰਦਾ ਹੈ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਪੁਲਿਸ ਚੌਕੀਆਂ ਦਾ ਵੀ ਕੋਈ ਡਰ ਨਹੀਂ ਰਿਹਾ। ਇੰਨਾ ਹੀ ਨਹੀਂ, ਬੀਤੇ ਦਿਨੀਂ ਅੰਮ੍ਰਿਤਸਰ ਵਿਚ ਇਕ ਪੁਲਿਸ ਮੁਲਾਜ਼ਮ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਅਤੇ ਗੁਰਦਾਸਪੁਰ ਵਿਚ ਵੀ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਸੀ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਚੌਕੀ ਦੇ ਸਾਹਮਣੇ ਹੀ ਖੁੱਲ੍ਹੇਆਮ ਗੋਲੀਆਂ ਚੱਲ ਸਕਦੀਆਂ ਹਨ ਅਤੇ ਇੱਕ ਵਿਅਕਤੀ ਨੂੰ ਚਾਰ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਸਕਦਾ ਹੈ, ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਆਖ਼ਿਰ ਕੌਣ ਲਵੇਗਾ? ਇਹ ਸਿਰਫ਼ ਇਕ ਕਤਲ ਨਹੀਂ, ਸਗੋਂ ਪੰਜਾਬ ਦੀ ਵਿਗੜਦੀ ਕਾਨੂੰਨ-ਵਿਵਸਥਾ ਉੱਤੇ ਗੰਭੀਰ ਸਵਾਲ ਹੈ। ਉਨ੍ਹਾਂ ਮੰਗ ਕੀਤੀ ਕਿ ਅੰਮ੍ਰਿਤਸਰ ਫਾਇਰਿੰਗ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਸਾਰੀ ਲੀਡਰਸ਼ਿਪ ਇਕਜੁੱਟ ਹੋ ਕੇ ਵਿਧਾਨ ਸਭਾ ਚੋਣਾਂ ਲੜੇਗੀ ਅਤੇ 2027 ਵਿਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ।