ਐੱਸ. ਏ. ਐੱਸ. ਨਗਰ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਭਾਰਤੀ ਦੇ ਚੋਣ ਕਮਿਸ਼ਨ ਵਲੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ.)-2026 ਤਹਿਤ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰੋਲ ਆਬਜ਼ਰਵਰ ਮੁਹੰਮਦ ਤਾਇਅਬ ਵਲੋਂ ਜ਼ਿਲ੍ਹਾ ਮੁਹਾਲੀ ਦਾ ਦੌਰਾ ਕਰਕੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਡੇਰਾਬੱਸੀ ਵਿਖੇ ਵੀ ਪਹੁੰਚ ਕੇ ਫਾਰਮਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਵਲੋਂ ਦਾਇਰ ਕੀਤੇ ਗਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਫ਼ੈਸਲਾ ਕਰਦੇ ਸਮੇਂ ਪੂਰੀ ਸਾਵਧਾਨੀ, ਨਿਰਪੱਖਤਾ ਅਤੇ ਪਾਰਦਰਸ਼ਤਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਦਾਅਵੇ ਅਤੇ ਇਤਰਾਜ਼ ਦੀ ਨਿਰਧਾਰਤ ਨਿਯਮਾਂ ਅਨੁਸਾਰ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਕਿਸੇ ਵੀ ਯੋਗ ਵਿਅਕਤੀ ਨੂੰ ਕਿਸੇ ਕਿਸਮ ਦੀ ਬੇਇਨਸਾਫ਼ੀ ਦਾ ਅਹਿਸਾਸ ਨਾ ਹੋਵੇ। ਇਸ ਦੌਰਾਨ ਰੋਲ ਆਬਜ਼ਰਵਰ ਵਲੋਂ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਪਟਾਏ ਗਏ 251 ਦਾਅਵਿਆਂ ਅਤੇ ਇਤਰਾਜ਼ਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਉਨ੍ਹਾਂ ਸੰਬੰਧਿਤ ਵੇਰਵਿਆਂ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਅਧਿਕਾਰੀਆਂ ਨੂੰ ਨਿਪਟਾਰੇ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਤੱਥਾਂ ਦੀ ਸ਼ੁੱਧਤਾ ਅਤੇ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਹਾਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਰੋਲ ਆਬਜ਼ਰਵਰ ਨੂੰ ਦੱਸਿਆ ਕਿ ਜ਼ਿਲ੍ਹੇ ‘ਚ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨਿਰਧਾਰਤ ਸਮਾਂ-ਸਾਰਣੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਣੀ ਨਿਰਧਾਰਤ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਅਤੇ ਤਹਿਸੀਲਦਾਰ ਚੋਣ ਹਰਪ੍ਰੀਤ ਕੌਰ ਵੀ ਹਾਜ਼ਰ ਸਨ।