ਐੱਸ. ਏ. ਐੱਸ. ਨਗਰ, 7 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫ਼ੇਜ਼-8 ਸਥਿਤ ਵਿਕਾਸ ਭਵਨ ਦੇ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਫ਼ਤਰ ਦੇ ਮੁੱਖ ਗੇਟ ਅੱਗੇ ਵਿਧਾਨ ਸਭਾ ਹਲਕਾ ਗੁਰੂ ਹਰਿਸਹਾਏ ਤੋਂ ਪਹੁੰਚੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਵਲੋਂ ਹੱਥਾਂ ਵਿਚ ਤਖ਼ਤੀਆਂ ਫੜ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਲਜ਼ਾਮ ਲਗਾਇਆ ਕਿ ਗ੍ਰਾਮ ਪੰਚਾਇਤ ਪੰਜੇ ਕੇ ਉਤਾੜ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਕਰੀਬ 40 ਕਰੋੜ ਦੀ ਪੰਚਾਇਤੀ ਜ਼ਮੀਨ ਛੁਡਵਾਉਣਾ ਵਾਸਤੇ ਕੇਸ ਪੰਚਾਇਤ ਵਿਭਾਗ ਦੇ ਡਾਇਰੈਕਟਰ ਕੋਲ ਲਗਾਇਆ ਹੋਇਆ ਸੀ, ਜਿਥੇ ਸਿਆਸੀ ਦਬਾਅ ਹੇਠ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਨਾਜਾਇਜ਼ ਕਾਬਜਕਾਰਾਂ ਵਿਰੁੱਧ ਕਾਰਵਾਈ ਕਰਨ ਦੀ ਥਾਂ ਸਰਪੰਚ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸਰਪੰਚ ਰਮੇਸ਼ ਕੰਬੋਜ ਨੇ ਕਿਹਾ ਕੇ ਜਿਸ ਦਿਨ ਤੋਂ ਉਨ੍ਹਾਂ ਨਾਜਾਇਜ਼ ਕਾਬਜ਼ਕਾਰਾਂ ਵਿਰੁੱਧ ਪੰਚਾਇਤੀ ਜ਼ਮੀਨ ਖਾਲੀ ਕਰਵਾਉਣ ਲਈ ਕੇਸ ਪਾਇਆ ਹੈ ਉਸ ਦਿਨ ਤੋਂ ਉਨ੍ਹਾਂ ਨੂੰ ਲਗਾਤਾਰ ਆਪ ਆਗੂਆਂ ਵਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕੇਸ ਵਾਪਸ ਲੈਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾਇਰੈਕਟਰ ਪੰਚਾਇਤ ਉਨ੍ਹਾਂ ਦੀ ਗੱਲ ਸੁਣਨ ਲਈ ਵੀ ਤਿਆਰ ਨਹੀਂ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਆਪਣਾ ਮੰਗ ਪੱਤਰ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਸੌਂਪਿਆ ਗਿਆ।